ਪੱਤਰ ਪ੍ਰੇਰਕ
ਖਰੜ, 20 ਨਵੰਬਰ
ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਦੀ ਪ੍ਰਧਾਨ ਅਤੇ ਖਰੜ ਤੋਂ ਹਲਕਾ ਇੰਚਾਰਜ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਕਿਹਾ ਕਿ ਲਗਪਗ ਇੱਕ ਸਾਲ ਤੋਂ ਸ਼ਾਂਤੀਪੂਰਨ ਤਰੀਕੇ ਨਾਲ ਅੰਦੋਲਨ ਕਰ ਰਹੇ ਲੱਖਾਂ ਕਿਸਾਨਾਂ ਦੀ ਮਿਹਨਤ ਰੰਗ ਲਿਆਈ ਹੈ। ਆਖਰ ਕੇਂਦਰ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਹੀ ਪਿਆ ਹੈ। ਪੰਜਾਬ ਨਾਲ ਟਕਰਾਉਣ ਵਾਲੀਆਂ ਤਾਨਾਸ਼ਾਹ ਤਾਕਤਾਂ ਨੂੰ ਹਮੇਸ਼ਾ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਸ ਜਿੱਤ ਦੀ ਇਬਾਰਤ ਇਤਿਹਾਸ ਦੇ ਸੁਨਹਿਰੀ ਪੰਨਿਆਂ ’ਤੇ ਲਿਖੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਤੰਤਰ ਵਿੱਚ ਹਮੇਸ਼ਾ ਲੋਕਾਂ ਦਾ ਰਾਜ ਹੁੰਦਾ ਹੈ। ਕੋਈ ਵੀ ਸਿਆਸੀ ਧਿਰ ‘ਆਮ ਆਦਮੀ’ ਤੋਂ ਉੱਪਰ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਜਦੋਂ ਤਕ ਕਿਸਾਨਾਂ ਨੂੰ ਸਵਾਮੀਨਾਥਨ ਰਿਪੋਰਟ ਨੂੰ ਆਧਾਰ ਬਣਾਕੇ ਐੱਮਐੱਸਪੀ ਦੀ ਗਰੰਟੀ ਨਹੀਂ ਦਿੰਦੀ, ਉਦੋਂ ਤਕ ਕਿਸਾਨ ਸੰਘਰਸ਼ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਨੂੰ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਨਹੀਂ ਭੁੱਲਣਾ ਚਾਹੀਦਾ, ਜਿਨ੍ਹਾਂ ਦੀ ਸ਼ਹਾਦਤ ਸਦਕਾ ਹੀ ਅੱਜ ਤਿੰਨ ਖੇਤੀ ਕਾਨੂੰਨ ਰੱਦ ਹੋਏ ਹਨ। ਉਨ੍ਹਾਂ ਸਰਕਾਰ ਤੋਂ ਕਿਸਾਨਾਂ ’ਤੇ ਦਰਜ ਕੀਤੇ ਗਏ ਕੇਸ ਰੱਦ ਕਰ ਕੇ ਬੇਕਸੂਰ ਕਿਸਾਨਾਂ ਨੂੰ ਬਰੀ ਕਰਨ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਉਨ੍ਹਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਸ ਸਬੰਧੀ ਉਨ੍ਹਾਂ ਦੇਸ਼ ਦੇ ਕਿਸਾਨਾਂ ਨੂੰ ਵਧਾਈ ਦੇ ਅਸਲੀ ਹੱਕਦਾਰ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਖੜ੍ਹੀ ਹੈ ਅਤੇ ‘ਆਪ’ ਦੀ ਸਰਕਾਰ ਬਣਨ ’ਤੇ ਪੰਜਾਬ ਦੀ ਕਿਸਾਨੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਕਿਸਾਨਾਂ ਦੇ ਹੱਕ ਵਿੱਚ ਕਾਨੂੰਨ ਬਣਾਏ ਜਾਣਗੇ।