ਸੰਜੀਵ ਬੱਬੀ
ਚਮਕੌਰ ਸਾਹਿਬ, 10 ਅਪਰੈਲ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਹਿਤੋਤ ਦੇ ਸਿਰਫ਼ ਨਾਮ ਦਾ ਹੀ ‘ਸਮਾਰਟ’ ਹੈ। ਜ਼ਮੀਨੀ ਹਕੀਕਤ ਇਹ ਹੈ ਕਿ ਇੱਥੇ ਕੇਵਲ ਇੱਕ ਅਧਿਆਪਕ ਹੀ ਪ੍ਰੀ ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਦੇ 64 ਬੱਚਿਆਂ ਨੂੰ ਪੜ੍ਹਾਉਣ ਲਈ ਮਜਬੂਰ ਹੈ। ਇਸ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਕਾਫੀ ਨੁਕਸਾਨ ਹੋ ਰਿਹਾ ਹੈ।
ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਅਤੇ ਸਕੂਲ ਕਮੇਟੀ ਦੀ ਚੇਅਰਪਰਸਨ ਰਾਜਦੀਪ ਕੌਰ ਨੇ ਦੱਸਿਆ ਕਿ ਮੌਜੂਦਾ ਸਰਕਾਰ ਇੱਕ ਪਾਸੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਦਾਅਵੇ ਕਰ ਰਹੀ ਹੈ, ਪਰ ਅਸਲੀਅਤ ਇਹ ਹੈ ਕਿ ਪਿੰਡਾਂ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੀ ਘਾਟ ਹੈ ਜਿਸ ਦੀ ਮਿਸਾਲ ਉਨ੍ਹਾਂ ਦੇ ਪਿੰਡ ਦੇ ਸਕੂਲ ਤੋਂ ਹੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕਰਕੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕਾਫੀ ਬੱਚੇ ਦਾਖਲ ਕਰਵਾਏ ਸਨ, ਉਦੋਂ ਸਕੂਲ ਵਿੱਚ ਦੋ ਅਧਿਆਪਕ ਸਨ, ਪਰ ਇੱਕ ਅਧਿਆਪਕ ਦੀ ਬਤੌਰ ਸੈਂਟਰ ਹੈੱਡ ਟੀਚਰ ਤਰੱਕੀ ਹੋਣ ’ਤੇ ਹੁਣ ਇੱਕ ਹੀ ਅਧਿਆਪਕ ਰਹਿ ਗਿਆ ਹੈ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ।
ਸਰਪੰਚ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਸਬੰਧੀ ਵਾਰ-ਵਾਰ ਬਲਾਕ ਸਿੱਖਿਆ ਦਫਤਰ ਨੂੰ ਬੇਨਤੀ ਕੀਤੀ ਗਈ ਹੈ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਵੀ ਮੰਗ ਪੱਤਰ ਭੇਜਿਆ ਗਿਆ, ਪਰ ਪਰਨਾਲਾ ਉੱਥੇ ਦਾ ਉੱਥੇ ਹੀ ਹੈ। ਵਿਭਾਗ ਦੇ ਇਸ ਰਵੱਈਏ ਕਾਰਨ ਬਹੁਤ ਸਾਰੇ ਮਾਪੇ ਆਪਣੇ ਬੱਚੇ ਸਕੂਲ ਵਿੱਚੋਂ ਹਟਾਉਣ ਲਈ ਮਜਬੂਰ ਹਨ। ਉਨ੍ਹਾਂ ਪੰਜਾਬ ਦੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਿੰਡ ਦੇ ਸਕੂਲ ਦੀਆਂ ਸਾਰੀਆਂ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣ ਤਾਂ ਜੋ ਬੱਚਿਆਂ ਦੀ ਪੜ੍ਹਾਈ ਸੂਚਾਰੂ ਢੰਗ ਨਾਲ ਚੱਲ ਸਕੇ।