ਕਰਮਜੀਤ ਚਿੱਲਾ
ਐਸ.ਏ.ਐਸ.ਨਗਰ (ਮੁਹਾਲੀ), 29 ਮਈ
ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ਉੱਤੇ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਅਤੇ ਸਿੱਧੂ ਮੂਸੇਵਾਲਾ ਦੀ ਸਕਿਓਰਿਟੀ ਘਟਾਉਣ ਦੇ ਮਾਮਲੇ ਉੱਤੇ ਸਵਾਲ ਚੁੱਕੇ ਜਾ ਰਹੇ ਹਨ।
ਸਾਹਿਤ ਵਿਗਿਆਨ ਕੇਂਦਰ ਦੇ ਪ੍ਰਧਾਨ ਸੇਵੀ ਰਾਇਤ, ਜਨਰਲ ਸਕੱਤਰ ਗੁਰਦਰਸ਼ਨ ਸਿੰਘ ਮਾਵੀ, ਗਾਇਕ ਰੋਮੀ ਘੜਾਮਾਂ, ਹਰਿੰਦਰ ਹਰ ਮਨੌਲੀ, ਫ਼ਿਲਮੀ ਅਦਾਕਾਰ ਮੋਹਣੀ ਤੂਰ ਸੰਤੇਮਾਜਰਾ, ਪੁਆਧੀ ਮੰਚ ਦੇ ਆਗੂ ਡਾ. ਗੁਰਮੀਤ ਸਿੰਘ ਬੈਦਵਾਣ, ਪਰਮ ਬੈਦਵਾਣ, ਹਰਦੀਪ ਬਠਲਾਣਾ, ਪਰਮਜੀਤ ਕੌਰ ਲਾਂਡਰਾਂ ਤੇ ਹੋਰ ਕਈਂ ਸੰਸਥਾਵਾਂ ਨੇ ਸਿੱਧੂ ਮੂਸੇਵਾਲਾ ਦੀ ਮੌਤ ਉੱਤੇ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਪੰਜਾਬੀ ਸੱਭਿਆਚਾਰ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।
ਇਸੇ ਦੌਰਾਨ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਤੇ ਕਈਂ ਹੋਰ ਆਗੂਆਂ ਨੇ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਮਾੜੀ ਹੋ ਚੁੱਕੀ ਹੈ।