ਪੰਜਾਬੀ ਨੂੰ ਖੇਤਰੀ ਭਾਸ਼ਾਵਾਂ ’ਚੋਂ ਬਾਹਰ ਕਰਨ ਦਾ ਵਿਰੋਧ
ਕੁਲਦੀਪ ਸਿੰਘ
ਚੰਡੀਗੜ੍ਹ, 26 ਫਰਵਰੀ
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਵੱਲੋਂ ਦਸਵੀਂ ਜਮਾਤ ਦੇ ਪ੍ਰੀਖਿਆ ਪੈਟਰਨ ਵਿੱਚ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ’ਚੋਂ ਬਾਹਰ ਕਰਨ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਮਾਂ ਬੋਲੀ ਤੋਂ ਦੂਰ ਕਰਨ ਦੀ ਸਾਜ਼ਿਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਸਿੱਖਿਆ ਬੋਰਡ ਵੱਲੋਂ ਦਸਵੀਂ ਦੀ ਪ੍ਰੀਖਿਆ ਸਾਲ ਵਿੱਚ ਦੋ ਵਾਰ ਲੈਣ ਦੇ ਨਾਂ ਹੇਠ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾ ਜਾਂ ਵਿਦੇਸ਼ੀ ਭਾਸ਼ਾਵਾਂ ਦੇ ਸਮੂਹ ’ਚ ਰੱਖਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ ਜਦੋਂ ਕਿ ਸੰਸਕ੍ਰਿਤ ਨੂੰ ਖੇਤਰੀ ਭਾਸ਼ਾ ਜਾਂ ਵਿਦੇਸ਼ੀ ਭਾਸ਼ਾ ਸਮੂਹ ਵਿੱਚ ਰੱਖਿਆ ਗਿਆ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਅਜਿਹਾ ਕਰ ਕੇ ਪੰਜਾਬ ਨਾਲ ਵਿਤਕਰਾ ਕੀਤਾ ਹੈ। ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਵੀ ਕੇਂਦਰੀ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ ਪ੍ਰੀਖਿਆ ਪੈਟਰਨ ਦੇ ਖਰੜੇ ਵਿੱਚ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੇ ਗਰੁੱਪ ਵਿੱਚ ਸ਼ਾਮਲ ਨਾ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੇ ਗਰੁੱਪ ਵਿੱਚ ਲਾਜ਼ਮੀ ਤੌਰ ’ਤੇ ਸ਼ਾਮਲ ਕੀਤਾ ਜਾਵੇ ਅਤੇ ਖੇਤਰੀ ਭਾਸ਼ਾਵਾਂ ਦੀ ਪ੍ਰੀਖਿਆ ਲਈ ਇੱਕ ਤੋਂ ਵੱਧ ਦਿਨ ਨਿਰਧਾਰਤ ਕੀਤੇ ਜਾਣ।