ਪੱਤਰ ਪ੍ਰੇਰਕ
ਚੰਡੀਗੜ੍ਹ, 16 ਜੁਲਾਈ
ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਵਿੱਚ ਪ੍ਰਸ਼ਾਸਨ ਵੱਲੋਂ ਕਿਲੋਮੀਟਰ ਸਕੀਮ ਅਧੀਨ ਪ੍ਰਾਈਵੇਟ ਬੱਸਾਂ ਲਿਆਂਦੇ ਜਾਣ ਦਾ ਸੀਟੀਯੂ ਕਾਮਿਆਂ ਵੱਲੋਂ ਵੱਖ-ਵੱਖ ਸੰਘਰਸ਼ਾਂ ਰਾਹੀਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਅਦਾਰਾ ਅਤੇ ਯੂਟੀ ਪ੍ਰਸ਼ਾਸਨ ਆਪਣੀ ਜ਼ਿੱਦ ’ਤੇ ਅੜਿਆ ਹੈ। ਕਾਮਿਆਂ ਨੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਹੁਣ ਡਾਇਰੈਕਟਰ ਦਫ਼ਤਰ ਤੋਂ ਬਾਹਰ ਨਿਕਲ ਕੇ ਪੈਦਲ ਰੋਸ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ।
ਅੱਜ ਇੱਥੇ ਚੰਡੀਗੜ੍ਹ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਜੱਸਾ, ਜਨਰਲ ਸਕੱਤਰ ਸਤਿੰਦਰ ਸਿੰਘ, ਵਾਈਸ ਪ੍ਰਧਾਨ ਗੁਲਾਬ ਸਿੰਘ ਤੇ ਕੈਸ਼ੀਅਰ ਗੁਰਪ੍ਰੀਤ ਸਿੰਘ ਪਨੈਚਾਂ ਨੇ ਸੈਕਟਰ-17 ਵਿੱਚ ਮੀਟਿੰਗ ਕਰਦਿਆਂ ਐਲਾਨ ਕੀਤਾ ਕਿ 20 ਜੁਲਾਈ ਨੂੰ ਯੂਟੀ ਸਕੱਤਰੇਤ ਵੱਲ ਪੈਦਲ ਰੋਸ ਮਾਰਚ ਕੀਤਾ ਜਾਵੇਗਾ। ਇਸ ਦੌਰਾਨ ਯੂਟੀ ਪ੍ਰਸ਼ਾਸਨ ਤੇ ਸੀਟੀਯੂ ਦੇ ਅਧਿਕਾਰੀਆਂ ਵੱਲੋਂ ਨਿੱਜੀ ਮੁਫ਼ਾਦਾਂ ਲਈ ਜਨਤਕ ਅਦਾਰਿਆਂ ਦੇ ਨਿੱਜੀਕਰਨ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਪ੍ਰਸ਼ਾਸਨਿਕ ਅਧਿਕਾਰੀ ਆਉਣ ਵਾਲੀਆਂ ਪੀੜ੍ਹੀਆਂ ਦੇ ਪੱਕੇ ਰੁਜ਼ਗਾਰ ਦੀ ਥਾਂ ਪ੍ਰਾਈਵੇਟ ਕੰਪਨੀਆਂ ਦੇ ਘਰ ਭਰਨਗੇ।
ਯੂਨੀਅਨ ਆਗੂਆਂ ਨੇ ਕਿਹਾ ਕਿ ਸੀਟੀਯੂ ਵਿੱਚ ਨਿੱਜੀਕਰਨ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਯੂਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ 417 ਬੱਸਾਂ ਦਾ ਫਲੀਟ ਪੂਰਾ ਕੀਤਾ ਜਾਵੇ ਅਤੇ ਕਿਲੋਮੀਟਰ ਸਕੀਮ ਦੀਆਂ ਪ੍ਰਾਈਵੇਟ ਬੱਸਾਂ ਦੇ ਟੈਂਡਰ ਨੂੰ ਰੱਦ ਕਰ ਕੇ ਸਰਕਾਰੀ ਬੱਸਾਂ ਦੀ ਖ਼ਰੀਦ ਕੀਤੀ ਜਾਵੇ। ਖਾਲੀ ਪਈਆਂ ਰੈਗੂਲਰ ਪੋਸਟਾਂ ਨੂੰ ਤੁਰੰਤ ਭਰਿਆ ਜਾਵੇ। ਏਅਰਪੋਰਟ ਰੂਟ ’ਤੇ ਚੱਲ ਰਹੀਆਂ ਬੱਸਾਂ ਦੇ ਟਾਈਮ ਅਤੇ ਡਿਊਟੀ ਠੀਕ ਕੀਤੀ ਜਾਵੇ।