ਬਹਾਦਰਜੀਤ ਸਿੰਘ
ਰੂਪਨਗਰ, 14 ਅਕਤੂਬਰ
ਕੇਂਦਰ ਸਰਕਾਰ ਵੱਲੋਂ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੂੰ ਪੰਜਾਬ, ਪੱਛਮੀ ਬੰਗਾਲ ਤੇ ਅਸਾਮ ਦੀਆਂ ਕੌਮਾਂਤਰੀ ਸਰਹੱਦਾਂ ਤੋਂ 50 ਕਿਲੋਮੀਟਰ ਅੰਦਰ ਤੱਕ ਛਾਪੇ ਮਾਰਨ, ਐੱਫਆਈਆਰ ਦਰਜ ਕਰਨ ਤੇ ਗ੍ਰਿਫਤਾਰੀ ਕਰਨ ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਦੇ ਕਾਰਕੁਨਾਂ ਵੱਲੋਂ ਸਰਕਾਰੀ ਕਾਲਜ ਰੂਪਨਗਰ ਬਾਹਰ ਰੋਸ ਮੁਜ਼ਾਹਰਾ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੀਐੱਸਯੂ ਦੇ ਜ਼ਿਲ੍ਹਾ ਪ੍ਰਧਾਨ ਰੋਹਿਤ ਕੁਮਾਰ, ਜਸ਼ਨਪ੍ਰੀਤ ਸਿੰਘ, ਸੁਖਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕੇਂਦਰੀਕਰਨ ਦੀ ਨੀਤੀ ਤਹਿਤ ਲਗਾਤਾਰ ਸੂਬਿਆਂ ਦੇ ਅਧਿਕਾਰਾਂ ਉਪਰ ਹਮਲਾ ਕਰ ਰਹੀ ਹੈ। ਇਸ ਮੌਕੇ ਵਿਨੈ, ਗੁਰਵਿੰਦਰ ਕੌਰ, ਨਿਧੀ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜੇਕਰ ਇਹ ਤਾਨਾਸ਼ਾਹੀ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਕੇਂਦਰ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਉਨ੍ਹਾਂ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਰੋਕਣ ਲਈ ਪ੍ਰਿੰਸੀਪਲ ਵੱਲੋਂ ਪੁਲੀਸ ਨੂੰ ਬੁਲਾ ਕੇ ਵਿਦਿਆਰਥੀਆਂ ਨੂੰ ਕਥਿਤ ’ਤੇ ਧਮਕਾਉਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।