ਬਰਸਾਤੀ ਨਦੀ ਤੇ ਨਾਲਿਆਂ ’ਤੇ ਚੌਕਸੀ ਵਧਾਉਣ ਦੇ ਆਦੇਸ਼
ਡਾ. ਹਿਮਾਂਸ਼ੂ ਸੂਦ
ਫਤਹਿਗੜ੍ਹ ਸਾਹਿਬ, 2 ਜੁਲਾਈ
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸਡੀਐੱਮ ਹਰਵੀਰ ਕੌਰ ਨੇ ਸਬ-ਡਵੀਜ਼ਨ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਉਪਰਾਲਿਆਂ ਬਾਰੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਚੌਕਸੀ ਵਰਤਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਤਰ੍ਹਾਂ ਦੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੂਰੀਆਂ ਤਿਆਰੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇੇਗਾ। ਇਸ ਸਬੰਧੀ ਨਦੀ ਜਾਂ ਬਰਸਾਤੀ ਨਾਲਿਆਂ ’ਚ ਪਾਣੀ ਦੇ ਵਹਾਅ ਵਿੱਚ ਰੋਕ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਪਿੰਡ ਬਾਸੀਆਂ ਅਤੇ ਪਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਨਦੀ ਵਿੱਚ ਪਾਣੀ ਦੀ ਨਿਕਾਸੀ ਲਈ ਕੀਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਵਾਂ ’ਤੇ ਚੌਕਸੀ ਰੱਖੀ ਜਾਵੇ ਅਤੇ ਪਾਣੀ ਦਾ ਪੱਧਰ ਵਧ ਦੀ ਸੂਰਤ ਵਿੱਚ ਫੌਰੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਡਰੇਨਾਂ ਦੀ ਸਫ਼ਾਈ ਦੇ ਨਿਰਦੇਸ਼
ਪੰਚਕੂਲਾ (ਪੀਪੀ ਵਰਮਾ): ਪੰਚਕੂਲਾ ਦੇ ਸੈਕਟਰ-1 ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿੱਚ ਹੜ੍ਹ ਕੰਟਰੋਲ ਉਪਾਵਾਂ ਅਤੇ ਉਪਲੱਬਧ ਸਰੋਤਾਂ ਬਾਰੇ ਸਮੀਖਿਆ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਮੋਨਿਕਾ ਗੁਪਤਾ ਨੇ ਕੀਤੀ। ਇਸ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਿ ਬਰਸਾਤ ਦੇ ਮੌਸਮ ਦੌਰਾਨ ਹਾਦਸੇ ਦੀ ਸੰਭਾਵਨਾ ਦੇ ਮੱਦੇਨਜ਼ਰ ਪਿੰਚ ਸ਼ਿਆਮਟੂ ਤੋਂ ਅਮਰਾਲਾ ਪੁਲ ਅਤੇ ਸਾਈਟ ਨੰਬਰ 53, ਟਾਂਗਰੀ ਪੁਲ ਨੂੰ ਵਾਹਨਾਂ ਦੀ ਆਵਾਜਾਈ ਲਈ ਬੰਦ ਰੱਖਿਆ ਜਾਵੇਗਾ। ਡੀਸੀ ਨੇ ਕੰਮ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੋਰਨੀ, ਰਾਏਪੁਰਾਨੀ ਅਤੇ ਥਾਪਲੀ ਵਰਗੇ ਇਲਾਕਿਆਂ ਵਿੱਚ ਵਿਭਾਗ ਦੀਆਂ ਜੇਸੀਬੀ ਮਸ਼ੀਨਾਂ ਦੀ ਤਾਇਨਾਤੀ ਦੇ ਨਾਲ-ਨਾਲ ਪਾਈਪਾਂ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੀਆਂ ਥਾਵਾਂ ’ਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ।