ਪੰਜਾਬ ਯੂਨੀਵਰਸਿਟੀ ਦੇ ਕਾਲਜਾਂ ’ਚ ਠੇਕਾ ਅਧਾਰ ’ਤੇ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕਰਨ ਦੇ ਹੁਕਮ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਦੇ ਕਾਂਸਟੀਚਿਊਟ ਕਾਲਜਾਂ ਵਿੱਚ 12 ਸਾਲਾਂ ਤੋਂ ਵੱਧ ਸਮੇਂ ਤੋਂ ਸੇਵਾ ਨਿਭਾ ਰਹੇ ਠੇਕੇ ’ਤੇ ਰੱਖੇ ਸਹਾਇਕ ਪ੍ਰੋਫੈਸਰਾਂ ਨੂੰ ਨਿਯਮਤ ਕਰਨ ਦਾ ਹੁਕਮ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਰਾਜ ਅਤੇ ਇਸ ਦੀਆਂ ਸੰਸਥਾਵਾਂ ‘‘ਨਾਗਰਿਕਾਂ ਦਾ ਸ਼ੋਸ਼ਣ ਨਹੀਂ ਕਰ ਸਕਦੀਆਂ ਅਤੇ ਨਾ ਹੀ ਵੱਡੇ ਪੱਧਰ ’ਤੇ ਬੇਰੁਜ਼ਗਾਰੀ ਦਾ ਫਾਇਦਾ ਉਠਾ ਸਕਦੀਆਂ ਹਨ।’’
ਜਸਟਿਸ ਜਗਮੋਹਨ ਬਾਂਸਲ ਨੇ ਫੈਸਲਾ ਸੁਣਾਉਂਦਿਆਂ ਕਿਹਾ ਕਿ ਪਟੀਸ਼ਨਰ, ਜਿਨ੍ਹਾਂ ਨੂੰ 2012 ਵਿੱਚ ਮਨਜ਼ੂਰਸ਼ੁਦਾ ਅਸਾਮੀਆਂ ਲਈ ਇੱਕ ਵਾਜਬ ਚੋਣ ਅਮਲ ਵਿੱਚੋਂ ਲੰਘਣ ਤੋਂ ਬਾਅਦ ਨਿਯੁਕਤ ਕੀਤਾ ਗਿਆ ਸੀ, ‘ਪਿਛਲੇ ਦਰਵਾਜ਼ਿਓਂ ਦਾਖ਼ਲ’ ਉਮੀਦਵਾਰ ਨਹੀਂ ਸਨ। ਹਾਈ ਕੋਰਟ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ਼ ਇਸ ਲਈ ਨਿਯਮਤ ਕਰਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਨ੍ਹਾਂ ਨੂੰ ਸ਼ੁਰੂ ਵਿੱਚ ਠੇਕਾ ਆਧਾਰ ’ਤੇ ਨਿਯੁਕਤ ਕੀਤਾ ਗਿਆ ਸੀ। ਬੈਂਚ ਨੇ ਕਿਹਾ, ‘‘ਪਟੀਸ਼ਨਰਾਂ ਨੂੰ ਢੁਕਵੇਂ ਅਮਲ ਦੀ ਪਾਲਣਾ ਕਰਨ ਤੋਂ ਬਾਅਦ ਨਿਯੁਕਤ ਕੀਤਾ ਗਿਆ ਸੀ। ਉਹ ਪੂਰੀ ਤਰ੍ਹਾਂ ਯੋਗ ਹਨ। ਉਹ 2012 ਤੋਂ ਯੂਨੀਵਰਸਿਟੀ ਨਾਲ ਕੰਮ ਕਰ ਰਹੇ ਹਨ ਅਤੇ ਉਹ ਵੀ ਇਸ ਅਦਾਲਤ ਜਾਂ ਕਿਸੇ ਹੋਰ ਅਦਾਲਤ ਦੀ ਸੁਰੱਖਿਆ ਤੋਂ ਬਗੈਰ। ਉਨ੍ਹਾਂ ਨੂੰ ਮਨਜ਼ੂਰਸ਼ੁਦਾ ਅਹੁਦਿਆਂ ’ਤੇ ਚੁਣਿਆ ਗਿਆ ਸੀ।’’ ਬੈਂਚ ਨੇ ਪੰਜਾਬ ਯੂਨੀਵਰਸਿਟੀ ਨੂੰ ਛੇ ਹਫ਼ਤਿਆਂ ਅੰਦਰ ਉਨ੍ਹਾਂ ਦੀਆਂ ਸੇਵਾਵਾਂ ਨਿਯਮਤ ਕਰਨ ਦਾ ਨਿਰਦੇਸ਼ ਦਿੱਤਾ। ਪਟੀਸ਼ਨਰਾਂ ਦੀ ਨੁਮਾਇੰਦਗੀ ਵਕੀਲ ਸਾਰਥਕ ਗੁਪਤਾ ਨੇ ਕੀਤੀ।
