ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 23 ਫਰਵਰੀ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਗੁਰੂ ਹਰਿ ਰਾਇ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲ ਸ਼ੁਰੂ ਹੋਇਆ।
ਅੱਜ ਸਵੇਰੇ ਅਖੰਡ ਪਾਠ ਦੇ ਆਰੰਭ ਤੋਂ ਬਾਅਦ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਹਰਦੀਪ ਸਿੰਘ, ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਆਜ਼ਾਦ ਗਰੁੱਪ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਕਾਹਲੋਂ, ਸ਼੍ਰੋਮਣੀ ਕਮੇਟੀ ਦੇ ਮੈਨੇਜਰ ਭਾਈ ਰਾਜਿੰਦਰ ਸਿੰਘ ਟਿਵਾਣਾ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਜਨਰਲ ਸਕੱਤਰ ਬਲਵਿੰਦਰ ਸਿੰਘ ਟੌਹੜਾ, ਕਰਮ ਸਿੰਘ ਬੱਬਰਾ, ਮਨਮੋਹਨ ਸਿੰਘ ਲੰਗ, ਹਰਪਾਲ ਸਿੰਘ ਸੋਢੀ, ਪ੍ਰੀਤਮ ਸਿੰਘ, ਰਾਜਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਭਾਈ ਜੈਤਾ ਜੀ ਅਤੇ ਰਾਜਿੰਦਰ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਪਰਮਜੀਤ ਕੌਰ ਅਤੇ ਰਾਜਿੰਦਰ ਸਿੰਘ ਨੇ ਦੱਸਿਆ ਕਿ ਅਖੀਰਲੇ ਦਿਨ ਐੱਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਮਾਗਮ ਵਿੱਚ ਹਾਜ਼ਰੀ ਭਰਨਗੇ। ਉਨ੍ਹਾਂ ਵੱਲੋਂ ਰਿਹਾਇਸ਼ੀ ਬਲਾਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬੁੱਧਵਾਰ ਅਤੇ ਵੀਰਵਾਰ ਨੂੰ ਪੰਥ ਰਾਗੀ, ਢਾਡੀ, ਪ੍ਰਚਾਰਕ ਕਥਾ, ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ।