ਕੁਲਦੀਪ ਸਿੰਘ
ਚੰਡੀਗੜ੍ਹ, 9 ਦਸੰਬਰ
ਪੰਜਾਬ ਯੂਨੀਵਰਸਿਟੀ ਦੀਆਂ ਮੈੱਸਾਂ ਵਿੱਚ ਵਿਦਿਆਰਥੀਆਂ ਲਈ ਖਾਣੇ ਦੇ ਵਧਾਏ ਗਏ ਰੇਟਾਂ ਦੇ ਵਿਰੋਧ ਵਿੱਚ ਅੱਜ ਵਿਦਿਆਰਥੀ ਜਥੇਬੰਦੀ ਐੱਸ.ਐੱਫ.ਐੱਸ. ਦੇ ਸੱਦੇ ਉੱਤੇ ਸਟੂਡੈਂਟਸ ਸੈਂਟਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਯੂਨੀਵਰਸਿਟੀ ਵਿੱਚ ਐੱਸ.ਐੱਫ.ਐੱਸ. ਵੱਲੋਂ ਲਗਾਏ ਗਏ ਪੋਸਟਰਾਂ ਨੂੰ ਪਾੜਨ ਅਤੇ ਜਥੇਬੰਦੀ ਦੇ ਕਾਰਕੁਨਾਂ ਉੱਤੇ ਹਮਲਾ ਕਰਨ ਵਾਲੇ ਏ.ਬੀ.ਵੀ.ਪੀ. ਕਾਰਕੁਨਾਂ ਖਿਲਾਫ਼ ਵੀ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਰੇਟਾਂ ਨੂੰ ਘਟਾਉਣ ਲਈ ਡੀਨ ਵਿਦਿਆਰਥੀ ਭਲਾਈ ਨੂੰ ਮੰਗ ਪੱਤਰ ਸੌਂਪਿਆ ਗਿਆ।
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਐੱਸ.ਐੱਫ.ਐੱਸ. ਤੋਂ ਸੰਦੀਪ, ਗਗਨ, ਪੀ.ਐੱਸ.ਯੂ. (ਲਲਕਾਰ) ਤੋਂ ਅਮਨਦੀਪ ਸਿੰਘ ਅਤੇ ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਤੋਂ ਦਵਿੰਦਰ ਨੇ ਆਪਣੇ ਸੰਬੋਧਨ ਵਿੱਚ ਪ੍ਰੀ-ਕੋਵਿਡ ਮੈੱਸ/ਕੈਂਟੀਨ ਦੇ ਰੇਟਾਂ ਨੂੰ ਮੁੜ ਸ਼ੁਰੂ ਕਰਨ ਅਤੇ ਸਟੂਡੈਂਟਸ ਸੈਂਟਰ ਵਿੱਚ ਭੋਜਨ ਦੇ ਰੇਟਾਂ ਨੂੰ ਨਿਯਮਿਤ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਭੋਜਨ ਦੇ ਰੇਟਾਂ ਵਿੱਚ ਵਾਧਾ ਵਿਦਿਆਰਥੀਆਂ ਦੀ ਜੇਬ ਉਤੇ ਸਿੱਧਾ ਹਮਲਾ ਹੈ।
ਵਿਦਿਆਰਥੀ ਆਗੂਆਂ ਨੇ ਪੰਜਾਬ ਯੂਨੀਵਰਸਿਟੀ ਵਿੱਚ ਭਾਜਪਾ ਦੇ ਵਿਦਿਆਰਥੀ ਵਿੰਗ ਏ.ਬੀ.ਵੀ.ਪੀ. ਵੱਲੋਂ ਬੀਤੇ ਦਿਨ ਐੱਸ.ਐੱਫ.ਐੱਸ. ਦੇ ਲਗਾਏ ਹੋਏ ਪੋਸਟਰਾਂ ਨੂੰ ਪਾੜਨ ਦੀ ਨਿਖੇਧੀ ਕੀਤੀ ਅਤੇ ਜਥੇਬੰਦੀ ਦੇ ਕਾਰਕੁਨਾਂ ਉਤੇ ਹੋਏ ਹਿੰਸਕ ਹਮਲੇ ਵਿਰੁੱਧ ਅਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।
ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਵੱਲੋਂ ਰੋਸ ਰੈਲੀ
ਡਾਇਰੈਟੋਰੇਟਜ਼ ਦੇ ਮੁਲਾਜ਼ਮਾਂ ਵੱਲੋਂ ਸੈਕਟਰ-17 ਵਿੱਚ ਰੈਲੀ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਐਲਾਨਾਂ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਰੰਜੀਵ ਸ਼ਰਮਾ, ਮਨਦੀਪ ਸਿੰਘ ਸਿੱਧੂ, ਸੁਖਚੈਨ ਸਿੰਘ, ਸੁਖਵਿੰਦਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਪੈਨਸ਼ਨਰਾਂ ਨੂੰ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਿਕ ਵਾਧਾ ਨਾ ਦਿੰਦੇ ਹੋਏ ਬਹੁਤ ਥੋੜਾ ਵਾਧਾ ਦਿੱਤਾ ਗਿਆ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਗਈ ਜੇਕਰ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਜਿਵੇਂ ਕਿ 1 ਜਨਵਰੀ 2016 ਤੋਂ ਬਾਅਦ ਭਰਤੀ/ਤਰੱਕੀ ਵਾਲੇ ਮੁਲਾਜ਼ਮਾਂ ਨੂੰ 15 ਪ੍ਰਤੀਸ਼ਤ ਦਾ ਵਾਧਾ, ਬਾਕੀ ਰਹਿੰਦਾ ਡੀਏ, 200 ਰੁਪਏ ਵਿਕਾਸ ਟੈਕਸ ਮੁਆਫ਼ ਕਰਨ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਪਰਖਕਾਲ ਸਮੇਂ ਦੌਰਾਨ ਪੂਰੀ ਤਨਖਾਹ ਅਤੇ ਇਹ ਸਮਾਂ ਘੱਟ ਕਰਨ ਸਬੰਧੀ ਫੈਸਲੇ ਜਲਦ ਨਾ ਲਏ ਗਏ ਅਤੇ ਪੈਨਸ਼ਨਰਾਂ ਨੂੰ ਤਨਖਾਹ ਕਮਿਸ਼ਨ ਮੁਤਾਬਿਕ 2.59 ਦਾ ਵਾਧਾ ਜਲਦ ਨਾ ਦਿੱਤਾ ਗਿਆ ਤਾਂ ਜਲਦੀ ਹੀ ਸਰਕਾਰੀ ਤੰਤਰ ਜਾਮ ਕਰ ਦਿੱਤਾ ਜਾਵੇਗਾ।