ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 25 ਅਕਤੂਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਅੰਨਦਾਤਾ ਦਾ ਰੋਹ ਭਖਦਾ ਜਾ ਰਿਹਾ ਹੈ। ਇਲਾਕੇ ਦੇ ਕਿਸਾਨਾਂ ਨੇ ਅੱਜ ਲਾਂਡਰਾਂ-ਬਨੂੜ ਸੜਕ ’ਤੇ ਪਿੰਡ ਭਾਗੋਮਾਜਰਾ ਨੇੜੇ ਪਿੰਡ ਰਾਏਪੁਰ ਕਲਾਂ ਦੇ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਅਤੇ ਧਰਨਾ ਪ੍ਰਦਰਸ਼ਨ ਜਾਰੀ ਰੱਖਦਿਆਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪੈਰੀਫੈਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਕਿਸਾਨ ਯੂਨੀਅਨ ਮੁਹਾਲੀ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਕੁਰੜੀ, ਮੀਤ ਪ੍ਰਧਾਨ ਅਵਤਾਰ ਸਿੰਘ ਸਾਬਕਾ ਸਰਪੰਚ ਅਤੇ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕਸੁਰ ਵਿੱਚ ਕਿਸਾਨ ਏਕਤਾ ਦੇ ਨਾਅਰੇ ਲਗਾਏ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸ਼ੁਰੂ ਤੋਂ ਹੀ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਰਹੀ ਹੈ ਜਿਸ ਕਾਰਨ ਦੇਸ਼ ਵਿੱਚ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਨਾਲ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ। ਇਸ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਵੱਲੋਂ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਗੁਪਤ ਐਕਸ਼ਨ ਕੀਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਖੇਤੀ ਕਾਨੂੰਨ ਮੁੱਢੋਂ ਰੱਦ ਕੀਤੇ ਜਾਣ।
ਇਸ ਮੌਕੇ ਜਸਪ੍ਰੀਤ ਸਿੰਘ ਸਰਪੰਚ ਰਾਏਪੁਰ ਕਲਾਂ, ਗੁਰਮਿੰਦਰ ਸਿੰਘ, ਹਾਕਮ ਸਿੰਘ ਪੱਤੋਂ, ਸੰਤ ਸਿੰਘ ਕੁਰੜੀ, ਸੁਰਮੁੱਖ ਸਿੰਘ ਭਾਗੋਮਾਜਰਾ, ਕੁਲਵਿੰਦਰ ਸਿੰਘ,ਅਮਰੀਕ ਸਿੰਘ, ਮਨਪ੍ਰੀਤ ਸਿੰਘ ਟੋਨੀ, ਹਰਿੰਦਰ ਸਿੰਘ ਬੈਰੋਂਪੁਰ, ਯੂਥ ਆਗੂ ਗੁਰਜੰਟ ਸਿੰਘ ਪੂਨੀਆ ਤੇ ਹੋਰ ਕਿਸਾਨ ਹਾਜ਼ਰ ਸਨ।
ਦੱਪਰ ਟੌਲ ਪਲਾਜ਼ਾ ’ਤੇ ਪੁਤਲਾ ਫੂਕ ਰੋਸ ਪ੍ਰਦਰਸ਼ਨ
ਲਾਲੜੂ (ਸਰਬਜੀਤ ਸਿੰਘ ਭੱਟੀ): ਇਲਾਕਾ ਵਾਸੀਆਂ ਤੇ ਕਿਸਾਨਾਂ ਨੇ ਅੱਜ ਦਸਹਿਰੇ ਵਾਲੇ ਦਿਨ ਟੋਲ ਪਲਾਜ਼ਾ ਦੱਪਰ ’ਤੇ ਰੋਸ ਧਰਨੇ ਦੌਰਾਨ ਰਾਵਣ ਦਾ ਪੁਤਲਾ ਸਾੜਨ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਪਿਛਲੇ 13 ਦਿਨਾਂ ਤੋਂ ਕਿਸਾਨ ਟੋਲ ਪਲਾਜ਼ਾ ਦੱਪਰ ’ਤੇ ਧਰਨਾ ਦੇ ਰਹੇ ਹਨ। ਇਸੇ ਤਰ੍ਹਾਂ ਰੇਲਵੇ ਸਟੇਸ਼ਨ ਲਾਲੜੂ ’ਤੇ ਵੀ ਧਰਨਾ ਜਾਰੀ ਹੈ। ਕਿਸਾਨ ਆਗੂ ਜਸਵੰਤ ਸਿੰਘ ਕੁਰਲੀ, ਕਰਮ ਸਿੰਘ ਬਰੌਲੀ, ਰਜਿੰਦਰ ਸਿੰਘ ਢੋਲਾ, ਮਨਪ੍ਰੀਤ ਸਿੰਘ ਅਮਲਾਲਾ, ਸ਼੍ਰੋਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ, ‘ਆਪ’ ਆਗੂ ਕੁਲਜੀਤ ਸਿੰਘ ਰੰਧਾਵਾ ਤੇ ਹੋਰਨਾਂ ਨੇ ਭਾਜਪਾ ਸਰਕਾਰ ਦੀ ਕਿਸਾਨ ਮਾਰੂ ਨੀਤੀਆਂ ਦੀ ਆਲੋਚਨਾ ਕੀਤੀ ਤੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤਾ ਨਾਲ ਧੋਖਾ ਕਰ ਰਹੀ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਵਾਹਨ ਚਾਲਕਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਕਿਹਾ ਕਿ ਭਾਜਪਾ ਨੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਕੋਲ ਗਿਰਵੀ ਰੱਖ ਦਿੱਤਾ ਹੈ। ਰੋਸ ਪ੍ਰਦਰਸ਼ਨ ਕਾਰਨ ਦੱਪਰ ਟੋਲ ਪਲਾਜ਼ਾ ’ਤੇ ਵਾਹਨ ਚਾਲਕ ਬਿਨਾਂ ਟੌਲ ਟੈਕਸ ਦਿੱਤੇ ਹੀ ਲੰਘ ਰਹੇ ਹਨ ਤੇ ਟੌਲ ਪਲਾਜ਼ਾ ਚਲਾਉਣ ਵਾਲੀ ਜੀ.ਐਮ.ਆਰ ਕੰਪਨੀ ਨੂੰ ਭਾਰੀ ਵਿੱਤੀ ਨੁਕਸਾਨ ਹੋ ਰਿਹਾ ਹੈ।