ਢਕੋਲੀ ਰੇਲਵੇ ਫਾਟਕ ’ਤੇ ਉਸਾਰਿਆ ਜਾਏਗਾ ਓਵਰਪਾਸ
ਭਾਜਪਾ ਆਗੂ ਮਨਪ੍ਰੀਤ ਸਿੰਘ ਬਨੀ ਸੰਧੂ ਨੇ ਅੱਜ ਇਥੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਕੇਂਦਰੀ ਰੇਲਵੇ ਵਿਭਾਗ ਵੱਲੋਂ ਢਕੋਲੀ ਰੇਲਵੇ ਫਾਟਕ ’ਤੇ ਓਵਰਪਾਸ ਦੀ ਉਸਾਰੀ ਨੂੰ ਵਿਭਾਗੀ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰੇਲਵੇ ਵਿਭਾਗ ਵੱਲੋਂ ਇਸ ਕੰਮ ਲਈ 65 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਢਕੋਲੀ ਦੇ ਵਸਨੀਕ ਲੰਮੇ ਸਮੇਂ ਤੋਂ ਇਸ ਸਮੱਸਿਆ ਦੇ ਹੱਲ ਦੀ ਮੰਗ ਕਰ ਰਹੇ ਸਨ। ਪਹਿਲਾਂ ਇਥੇ ਅੰਡਰਪਾਸ ਦੀ ਮਨਜ਼ੂਰੀ ਮਿਲ ਗਈ ਸੀ ਪਰ ਕਿਸੇ ਕਾਰਨ ਇਹ ਪ੍ਰਾਜੈਕਟ ਵਿਚਾਲੇ ਹੀ ਲਟਕ ਗਿਆ ਸੀ। ਉਨ੍ਹਾਂ ਕਿਹਾ ਕਿ ਢਕੋਲੀ ਫਾਟਕ ਕਾਰਨ ਰੋਜ਼ਾਨਾ ਇਥੇ ਜਾਮ ਵਰਗੀ ਸਮੱਸਿਆ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਪ੍ਰੇਸ਼ਾਨੀ ਨੂੰ ਦੇਖਦਿਆਂ ਉਨ੍ਹਾਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੇ ਧਿਆਨ ਵਿੱਚ ਲੋਕਾਂ ਦੀ ਇਹ ਸਮੱਸਿਆ ਲਿਆਂਦੀ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਇੱਥੇ ਅੰਡਰਪਾਸ ਦੀ ਥਾਂ ਓਵਰਪਾਸ ਨੂੰ ਮਨਜ਼ੁੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਇਸਦਾ ਡਿਜ਼ਾਈਨ ਫਾਈਨਲ ਕੀਤਾ ਜਾ ਰਿਹਾ ਹੈ, ਜਿਸ ਮਗਰੋਂ ਇਸਦਾ ਟੈਂਡਰ ਅਲਾਟ ਕਰ ਇਸਦੀ ਉਸਾਰੀ ਸ਼ੁਰੂ ਕਰ ਦਿੱਤੀ ਜਾਏਗੀ। ਉਨ੍ਹਾਂ ਕਿਹਾ ਕਿ ਇਸ ਦੀ ਉਸਾਰੀ ਮਗਰੋਂ ਇਥੋਂ ਦੀ ਦਰਜਨਾਂ ਸੁਸਾਇਟੀਆਂ ਦੇ ਵਸਨੀਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਨੇ ਇਸ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਕੇਂਦਰੀ ਹੋਮ ਮਨਿਸਟਰ ਅਮਿਤ ਸ਼ਾਹ, ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਸੁਨੀਲ ਜਾਖੜ ਸਣੇ ਹੋਰਨਾਂ ਆਗੂਆਂ ਦਾ ਧੰਨਵਾਦ ਕੀਤਾ।