ਸਿਹਤ ਯੋਜਨਾ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਨਜ਼ਰਸਾਨੀ
ਸਿਹਤ ਮੰਤਰੀ ਵੱਲੋਂ ਰਜਿਸਟ੍ਰੇਸ਼ਨ ਤੇਜ਼ ਕਰਨ ਦੇ ਨਿਰਦੇਸ਼: ਰਜਿਸਟ੍ਰੇਸ਼ਨ ਲਈ 190 ਕੇਂਦਰ ਕਾਰਜਸ਼ੀਲ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁਹਾਲੀ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੀਟਿੰਗ ਕਰਕੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸਮੀਖਿਆ ਕੀਤੀ।
ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪ੍ਰਮੁੱਖ, ਨਾਗਰਿਕ-ਕੇਂਦਰਿਤ ਯੋਜਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਵੱਡੀ ਉਪਲਬਧੀ ਹੈ, ਜਿਸ ਦਾ ਮਕਸਦ ਪੰਜਾਬ ਦੇ ਵਸਨੀਕਾਂ ਨੂੰ ਮੁਕੰਮਲ ਸਿਹਤ ਸੁਰੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 900 ਤੋਂ ਵੱਧ ਸਰਕਾਰੀ ਤੇ ਨਿੱਜੀ ਹਸਪਤਾਲ ਸ਼ਾਮਲ ਕੀਤੇ ਗਏ ਹਨ ਅਤੇ ਲਗਪਗ 2,300 ਇਲਾਜ ਪੈਕੇਜ ਕਵਰ ਕੀਤੇ ਗਏ ਹਨ। ਮੁਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਿਹਤ ਮੰਤਰੀ ਨੂੰ ਰਜਿਸਟ੍ਰੇਸ਼ਨ ਮੁਹਿੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਇਸ ਸਮੇਂ 190 ਰਜਿਸਟ੍ਰੇਸ਼ਨ ਸਥਾਨ ਕਾਰਜ਼ਸੀਲ ਹਨ। ਇਨ੍ਹਾਂ ਵਿੱਚ 163 ਵਿਲੇਜ ਲੈਵਲ ਐਂਟਰਪ੍ਰਨਿਊਰ (ਵੀ ਐਲ ਈ/ਸੀ ਐਸ ਸੀ ਸੈਂਟਰ) ਅਤੇ 27 ਵਿਸ਼ੇਸ਼ ਕੈਂਪ ਸ਼ਾਮਲ ਹਨ। ਰਜਿਸਟ੍ਰੇਸ਼ਨ ਪ੍ਰਕਿਰਿਆ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਰਜਿਸਟ੍ਰੇਸ਼ਨ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇ।
ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਕੁਝ ਠੱਗ ਕਿਸਮ ਦੇ ਲੋਕ ਰਜਿਸਟ੍ਰੇਸ਼ਨ ਟੀਮਾਂ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਵਸੂਲ ਕਰ ਰਹੇ ਹਨ ਅਤੇ ਜ਼ਿਲ੍ਹੇ ਵਿੱਚ ਅਜਿਹਾ ਕੋਈ ਮਾਮਲਾ ਸਾਹਮਣੇ ਆਉਣ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।

