ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 22 ਜੁਲਾਈ
ਕਰੋਨਾ ਲਹਿਰ ਦੀ ਸੰਭਾਵੀ ਤੀਜੀ ਲਹਿਰ ਦੇ ਮੁਕਾਬਲੇ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਤਹਿਤ ਢਕੋਲੀ ਕਮਿਊਨਿਟੀ ਹੈਲਥ ਸੈਂਟਰ ਵਿੱਚ ਆਕਸੀਜਨ ਪਲਾਂਟ ਸਥਾਪਤ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਇਥੇ ਸਥਾਪਤ ਕੀਤੇ ਜਾ ਰਹੇ ਪਲਾਂਟ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਪ੍ਰੈਸ਼ਰ ਸਵਿੰਗ ਐਡਜ਼ੌਰਪਸ਼ਨ ਆਕਸੀਜਨ ਪਲਾਂਟ ਸਥਾਪਤ ਕਰਨ ਲਈ ਇਕ ਫ਼ਰਮ ਵੱਲੋਂ ਮਸ਼ੀਨਰੀ ਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਥੇ ਇਹ ਮਸ਼ੀਨਰੀ ਸਥਾਪਤ ਕਰ ਇਕ ਮਹੀਨੇ ਦੇ ਅੰਦਰ ਪਲਾਂਟ ਸਥਾਪਤ ਕਰ ਦਿੱਤਾ ਜਾਵੇਗਾ। ਇਥੇ ਮੈਡੀਕਲ ਆਕਸੀਜਨ ਸਿਲੰਡਰ ਵੀ ਭਰੇ ਜਾਣਗੇ। ਇਸ ਪਲਾਂਟ ਦੇ ਚਾਲੂ ਹੋਣ ਨਾਲ ਮਰੀਜ਼ਾਂ ਨੂੰ ਆਕਸੀਜਨ ਦੀ ਘਾਟ ਨਹੀਂ ਰਹੇਗੀ। ਇਸ ਹਸਪਤਾਲ ਵਿੱਚ ਕਰੋਨਾ ਮਰੀਜ਼ਾਂ ਲਈ ਲੈਵਲ 2 ਵੀ ਸੈਂਟਰ ਵੀ ਸਥਾਪਤ ਕੀਤਾ ਜਾ ਰਿਹਾ ਹੈ ਤਾਂ ਕਿ ਇਲਾਕੇ ਦੇ ਗੰਭੀਰ ਮਰੀਜ਼ਾਂ ਦਾ ਇਲਾਜ ਕੀਤਾ ਜਾ ਸਕੇ।