ਸੰਜੀਵ ਬੱਬੀ
ਚਮਕੌਰ ਸਾਹਿਬ, 15 ਮਈ
ਸਥਾਨਕ ਇਲਾਕੇ ਦੀਆਂ ਪੰਚਾਇਤਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਬਿਲ ਕਲਾਂ ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਮਤੇ ਪਾ ਕੇ ਹਲਕੇ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੇ ਗਏ। ਸ੍ਰੀ ਚੰਨੀ ਨੇ ਦੱਸਿਆ ਕਿ ਜਿੱਥੇ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੇ ਕਾਰਵਾਈ ਕਰਨ ਲਈ ਮਤੇ ਪਾ ਕੇ ਉਨ੍ਹਾ ਦਾ ਸਾਥ ਦੇਣ ਦੀ ਗੱਲ ਕਹੀ, ਉੱਥੇ ਹੀ ਹਲਕੇ ਦੀਆਂ 2 ਨਗਰ ਕੌਂਸਲਾਂ ਵੱਲੋਂ ਵੀ ਇਹ ਮਤੇ ਪਾ ਕੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀ ਵਿਧਾਇਕਾਂ ਨਾਲ ਮਿਲ ਕੇ ਬੇਅਦਬੀ ਮਾਮਲੇ ਅਤੇ ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਦ੍ਰਿੜ ਹਨ, ਕਿਉਂਕਿ ਉਨ੍ਹਾਂ ਦੇ ਸਾਥੀ ਵਿਧਾਇਕ ਸ਼ੁਰੂ ਤੋਂ ਹੀ ਰੌਲਾ ਪਾਉਂਦੇ ਆ ਰਹੇ ਹਨ ਕਿ ਮੁਲਜ਼ਮਾਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕਰਨੈਲ ਸਿੰਘ, ਵਾਈਸ ਚੇਅਰਮੈਨ ਤਰਲੋਚਨ ਸਿੰਘ ਭੰਗੂ, ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ, ਸਮਿਤੀ ਮੈਂਬਰ ਰੋਹਿਤ ਸੱਭਰਵਾਲ, ਜਸਵੀਰ ਸਿੰਘ ਜਟਾਣਾ, ਸਰਪੰਚ ਲਖਵਿੰਦਰ ਸਿੰਘ ਭੂਰਾ, ਸ਼ਮਸ਼ੇਰ ਸਿੰਘ ਮੰਗੀ ਅਤੇ ਮੁਨਿਤ ਕੁਮਾਰ ਸਮੇਤ ਪੰਚ-ਸਰਪੰਚ ਹਾਜ਼ਰ ਸਨ।