ਪੱਤਰ ਪੇ੍ਰਕ
ਪੰਚਕੂਲਾ , 21 ਮਈ
ਹਰਿਆਣਾ ਦੇ ਸਿਹਤ ਤੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਪੰਚਕੂਲਾ ਸਥਿਤ ਪਾਰਸ ਹਸਪਤਾਲ ਵੱਲੋਂ ਮਰੀਜ਼ਾਂ ਦੀ ਲੁੱਟ-ਖਸੁੱਟ ਕਰਨ ਦੇ ਦੋਸ਼ਾਂ ਦੀ ਮੁੜ ਜਾਂਚ ਲਈ ਤਿੰਨ ਉੱਚ ਪੱਧਰੀ ਅਧਿਕਾਰੀਆਂ ਦੀ ਕਮੇਟੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਗ੍ਰਹਿ ਮੰਤਰੀ ਨੂੰ ਕੁਝ ਦਿਨਾਂ ਪਹਿਲਾਂ ਹਰਿਆਣਾ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੇ ਇਕ ਸ਼ਿਕਾਇਤ ਦਿੱਤੀ ਸੀ, ਜਿਸ ਵਿਚ ਉਪਰੋਕਤ ਹਸਪਤਾਲ ‘ਤੇ 3 ਮਰੀਜ਼ਾਂ ਦਾ ਆਰਥਿਕ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਇਨ੍ਹਾਂ ਦੋਸ਼ਾਂ ਦੀ ਜਾਂਚ ਲਈ ਜ਼ਿਲ੍ਹਾ ਪੱਧਰ ‘ਤੇ ਇਕ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਨੇ ਆਪਣੀ ਰਿਪੋਰਟ ਸੌਂਪ ਦਿੱਤੀ ਸੀ। ਇਸ ਜਾਂਚ ਰਿਪੋਰਟ ਵਿਚ ਹਸਪਤਾਲ ਦੀਆਂ ਕੁਝ ਬੇਨਿਯਮੀਆਂ ਸਾਹਮਣੇ ਆਈਆਂ ਹਨ। ਵਿਜ ਨੇ ਇਸ ਸਬੰਧ ਵਿਚ ਮੁੜ ਜਾਂਚ ਲਈ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਸ਼ਾਲੀਨ, ਸਿਹਤ ਵਿਭਾਗ ਦੇ ਵਧੀਕ ਡਾਇਰੈਕਟਰ ਜਨਰਲ ਡਾ. ਵੀ.ਕੇ. ਬੰਸਲ ਅਤੇ ਲੇਖਾ ਵਿਭਾਗ ਦੇ ਸੀਨੀਅਰ ਲੇਖਾ ਅਧਿਕਾਰੀ ਨੂੰ ਕਮੇਟੀ ਵਿਚ ਸ਼ਾਮਲ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਕਮੇਟੀ ਸਾਰੇ ਤੱਥਾਂ ਦੀ ਗੰਭੀਰਤਾ ਨਾਲ ਜਾਂਚ ਕਰਕੇ ਇਕ ਹਫਤੇ ਵਿਚ ਰਿਪੋਰਟ ਪੇਸ਼ ਕਰੇਗੀ।