ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 28 ਫਰਵਰੀ
ਰੂਸ ਵੱਲੋਂ ਯੂਕਰੇਨ ’ਤੇ ਆਪਣਾ ਕਬਜ਼ਾ ਜਮਾਉਣ ਲਈ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਕਾਰਨ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਯੂਕਰੇਨ ਵਿੱਚ ਉੱਚ ਸਿੱਖਿਆ ਹਾਸਲ ਕਰਨ ਲਈ ਗਏ ਨੌਜਵਾਨਾਂ ਦੇ ਮਾਪਿਆਂ ਦੀ ਨੀਂਦ ਉੱਡ ਗਈ ਹੈ। ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਕਾਫ਼ੀ ਨੌਜਵਾਨ ਵੀ ਯੂਕਰੇਨ ਵਿੱਚ ਫਸੇ ਹੋਏ ਹਨ, ਜਿੱਥੇ ਉਹ ਖਾਰਕੀਵ ਦੇ ਸਿੱਖਿਆ ਸੰਸਥਾਨ ਵਿੱਚ ਮੈਡੀਕਲ ਦੀ ਪੜ੍ਹਾਈ ਕਰਨ ਗਏ ਸਨ। ਯੂਕਰੇਨ ਵਿੱਚ ਫਸੇ ਮੁਹਾਲੀ ਦੇ ਨੌਜਵਾਨ ਅੰਕੁਰ ਮਹਿਤਾ ਦੇ ਮਾਪਿਆਂ ਨੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਦਰਖਾਸਤ ਦੇ ਕੇ ਮੰਗ ਕੀਤੀ ਕਿ ਜੰਗ ਮਾਰੂ ਇਲਾਕੇ ’ਚੋਂ ਉਨ੍ਹਾਂ ਦੇ ਬੱਚੇ ਦੀ ਸਹੀ ਸਲਾਮਤ ਦੇਸ਼ ਵਾਪਸੀ ਦਾ ਇੰਤਜ਼ਾਮ ਕੀਤਾ ਜਾਵੇ। ਡੀਸੀ ਨੇ ਪੀੜਤ ਮਾਪਿਆਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਫੌਰੀ ਤੌਰ ’ਤੇ ਕਾਰਵਾਈ ਕਰੇਗਾ ਅਤੇ ਦਰਖਾਸਤ ਨੂੰ ਕਾਰਵਾਈ ਲਈ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ ਅਤੇ ਪੀੜਤ ਵਿਦਿਆਰਥੀਆਂ ਦੀ ਸਹੀ ਸਲਾਮਤੀ ਨਾਲ ਭਾਰਤ ਵਾਪਸੀ ਨੂੰ ਯਕੀਨੀ ਬਣਾਇਆ ਜਾਵੇਗਾ। ਡੀਸੀ ਨੇ ਦੱਸਿਆ ਕਿ ਮੁਹਾਲੀ ਨਾਲ ਸਬੰਧਤ ਵਿਦਿਆਰਥੀਆਂ ਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 0172-2219505 ਅਤੇ 0172-2219506 ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਹੈਲਪਲਾਈਨ ਨੰਬਰ 24 ਘੰਟੇ ਚੱਲਦਾ ਰਹੇਗਾ।
ਚੰਡੀਗੜ੍ਹ ਭਾਜਪਾ ਵੱਲੋਂ ਹੈਲਪਲਾਈਨ ਨੰਬਰ ਜਾਰੀ
ਚੰਡੀਗੜ੍ਹ: ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਦੱਸਿਆ ਕਿ ਯੂਕਰੇਨ ਵਿੱਚ ਫਸੇ ਚੰਡੀਗੜ੍ਹ ਦੇ ਵਿਦਿਆਰਥੀਆਂ ਦੀ ਮਦਦ ਲਈ ਹੈਲਪਲਾਈਨ ਨੰਬਰ 8699999599 ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਬਾਰੇ ਕੇਂਦਰ ਸਰਕਾਰ ਨਾਲ ਸੰਪਰਕ ਬਣਾਏ ਰੱਖਣ ਲਈ ਕਮੇਟੀ ਬਣਾਈ ਗਈ ਹੈ ਜਿਸ ਦੀ ਪ੍ਰਧਾਨਗੀ ਸਾਬਕਾ ਕੌਂਸਲਰ ਦਵਿੰਦਰ ਸਿੰਘ ਬਬਲਾ ਕਰਨਗੇ। ਸ੍ਰੀ ਸੂਦ ਨੇ ਦੱਸਿਆ ਕਿ ਕੇਂਦਰ ਸਰਕਾਰ ਲਗਾਤਾਰ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਲਿਆਉਣ ਲਈ ਕੋਸ਼ਿਸ਼ ਕਰ ਰਹੀ ਹੈ, ਜਿਸ ਨੇ ਕੁਝ ਵਿਦਿਆਰਥੀਆਂ ਨੂੰ ਸਹੀ ਸਲਾਮਤ ਘਰ ਵਾਪਸ ਲਿਆਂਦਾ ਗਿਆ ਹੈ। ਉਨ੍ਹਾਂ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਰਹਿਣ ਲਈ ਪ੍ਰੇਰਿਆ ਹੈ। -ਟਨਸ