ਮੁਕੇਸ਼ ਕੁਮਾਰ
ਚੰਡੀਗੜ੍ਹ, 8 ਅਪਰੈਲ
ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੇ ਪ੍ਰਸ਼ਾਸਨ ਅਤੇ ਨਗਰ ਨਿਗਮ ਨਾਲ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਮੁੱਢਲੇ ਸਿਹਤ ਕੇਂਦਰਾਂ, ਡਿਸਪੈਂਸਰੀਆਂ, ਕਮਿਊਨਿਟੀ ਸੈਂਟਰਾਂ, ਸੜਕਾਂ, ਸੀਵਰੇਜ ਸਿਸਟਮ ਅਤੇ ਖੇਡ ਕੰਪਲੈਕਸਾਂ ਨੂੰ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਸਦੇ ਨਾਲ ਹੀ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਸੀਈਓ ਨੂੰ ਵੀ ਨਿਰਦੇਸ਼ ਦਿੱਤੇ ਕਿ ਸ਼ਹਿਰ ਦੀਆਂ ਕਲੋਨੀਆਂ ਵਿੱਚ ਨਾਗਰਿਕ ਸਹੂਲਤਾਂ ਅਤੇ ਸਵੱਛਤਾ ਸਬੰਧੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਅੱਜ ਚੰਡੀਗੜ੍ਹ ਦੇ ਮੇਅਰ ਰਵੀ ਕਾਂਤ ਸ਼ਰਮਾ ਦੀ ਅਗਵਾਈ ਵਿੱਚ ਪਹੁੰਚੇ ਸ਼ਹਿਰ ਦੇ ਦਸ ਵਾਰਡਾਂ ਦੇ ਕੌਂਸਲਰਾਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਕੀਤੀ ਗਈ ਇੱਕ ਮੀਟਿੰਗ ਦੌਰਾਨ ਇਹ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਮੇਅਰ ਸ੍ਰੀ ਸ਼ਰਮਾ ਦੀ ਅਗਵਾਈ ਹੇਠ ਵਾਰਡਾਂ ਦੇ ਕੌਂਸਲਰਾਂ ਨੇ ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ।
ਇਸ ਮੀਟਿੰਗ ਦੌਰਾਨ ਸਮੂਹ ਕੌਂਸਲਰਾਂ ਨੇ ਆਪਣੇ ਵਾਰਡਾਂ ਵਿੱਚ ਵਿਕਾਸ ਮੁਖੀ ਪ੍ਰੋਜੈਕਟਾਂ ਦੀ ਮੰਗ ਕੀਤੀ ਅਤੇ ਹੋਰ ਸਮੱਸਿਆਵਾਂ ਬਾਰ ਜ਼ਿਕਰ ਕੀਤਾ।
ਮੀਟਿੰਗ ਦੌਰਾਨ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਕੁਮਾਰ ਪਰੀਦਾ ਨੇ ਨਿਗਮ ਕੌਂਸਲਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਬਾਰੇ ਭਰੋਸਾ ਦਿੱਤਾ ਅਤੇ ਮੌਕੇ ’ਤੇ ਹਾਜ਼ਰ ਸਬੰਧਤ ਵਿਭਾਗਾਂ ਨੂੰ ਤੈਅ ਸਮਾਂ ਸੀਮਾ ਵਿੱਚ ਇਨ੍ਹਾਂ ਨਿਰਦੇਸ਼ਾਂ ਅਨੁਸਾਰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਸ਼ਹਿਰ ਵਿੱਚ ਖੇਡ ਦੇ ਮੈਦਾਨਾਂ ਦੀ ਸਮੱਸਿਆ ਨੂੰ ਲੈ ਕੇ ਸਲਾਹਕਾਰ ਸ਼੍ਰੀ ਪਰੀਦਾ ਨੇ ਕਿਹਾ ਕਿ ਸਕੂਲ ਦੇ ਸਮੇਂ ਤੋਂ ਬਾਅਦ ਬੱਚੇ ਸਕੂਲ ਦੇ ਮੈਦਾਨ ਵਿੱਚ ਖੇਡ ਸਕਦੇ ਹਨ। ਇਸ ਤੋਂ ਇਲਾਵਾ ਪਲਸੌਰਾ ਸਕੂਲ ਦੀ ਪੁਰਾਣੀ ਇਮਾਰਤ ਨੂੰ ਆਂਗਣਵਾੜੀ ਦੇ ਉਦੇਸ਼ਾਂ ਲਈ ਵਰਤਣ ਲਈ ਸਮਾਜ ਭਲਾਈ ਵਿਭਾਗ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਦੌਰਾਨ ਸ੍ਰੀ ਪਰੀਦਾ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕੌਂਸਲਰਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਨਿਰਦੇਸ਼ ਦਿੱਤੇ।