Bhagwant Mann ਦੇ ਫਰਾਂਸ ਦੌਰੇ ਲਈ ਰਾਹ ਪੱਧਰਾ; ਹਾਈ ਕੋਰਟ ਵੱਲੋਂ ਕੇਂਦਰੀ ਇਨਕਾਰੀ ਦੇ ਫ਼ੈਸਲੇ ਦੀ ਚੁਣੌਤੀ ਦੇਣ ਵਾਲੀ ਪਟੀਸ਼ਨ ਮਨਜ਼ੂਰ
ਮੁੱਖ ਮੰਤਰੀ ਭਲਕੇ ਫ਼ਰਾਂਸ ਲਈ ਹੋਣਗੇ ਰਵਾਨਾ
ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਸੁਰੱਖਿਆ ਕਾਰਨਾਂ ਅਤੇ ਫ਼ਰਾਂਸ ਸਰਕਾਰ ਵੱਲੋਂ ਕੋਈ ਰਸਮੀ ਸੱਦਾ ਪੱਤਰ ਨਾ ਹੋਣ ਦੇ ਹਵਾਲੇ ਨਾਲ ਮੁੱਖ ਮੰਤਰੀ ਮਾਨ ਨੂੰ ਫ਼ਰਾਂਸ ਦੌਰੇ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਤਰਫ਼ੋਂ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ। ਅੱਜ ਹਾਈ ਕੋਰਟ ਦੇ ਫ਼ੈਸਲੇ ਨਾਲ ਪੰਜਾਬ ਸਰਕਾਰ ਨੂੰ ਰਾਹਤ ਮਿਲੀ ਹੈ।
ਜਸਟਿਸ ਤ੍ਰਿਭੁਵਨ ਦਹੀਆ ਦੇ ਬੈਂਚ ਨੇ ਲੰਮੀ ਸੁਣਵਾਈ ਤੋਂ ਬਾਅਦ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 17 ਤੋਂ 21 ਅਕਤੂਬਰ ਤੱਕ ਪੈਰਿਸ ਵਿੱਚ ਹੋਣ ਵਾਲੇ ਕੌਮਾਂਤਰੀ ਫੂਡ ਵਪਾਰ ਮੇਲੇ ਵਿੱਚ ਸ਼ਮੂਲੀਅਤ ਕਰਨ ਦਾ ਪ੍ਰੋਗਰਾਮ ਹੈ। ਕੇਂਦਰੀ ਵਣਜ ਅਤੇ ਉਦਯੋਗ ਮੰਤਰਾਲੇ ਦੇ ਅਧੀਨ ਆਉਂਦੀ ਸੰਸਥਾ ‘ਖੇਤੀਬਾੜੀ ਅਤੇ ਪ੍ਰੋਸੈਸਡ ਖ਼ੁਰਾਕ ਉਤਪਾਦ ਨਿਰਯਾਤ ਵਿਕਾਸ ਅਥਾਰਿਟੀ’ ਵੱਲੋਂ ਮਾਰਕਫੈੱਡ ਦਾ ਸਟਾਲ ਇੰਡੀਆ ਪਵੇਲੀਅਨ ਤਹਿਤ ਅਲਾਟ ਕੀਤਾ ਗਿਆ ਸੀ।
ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ਅਨੁਸਾਰ ਫ਼ਰਾਂਸ ਵਿੱਚ ਭਾਰਤੀ ਮਿਸ਼ਨ ਨਾਲ ਸਲਾਹ ਕੀਤੀ ਗਈ ਸੀ। ਇਸ ਦੌਰੇ ਦਾ ਸਾਰਾ ਖ਼ਰਚਾ ਮਾਰਕਫੈੱਡ ਵੱਲੋਂ ਹੀ ਚੁੱਕਿਆ ਜਾਣਾ ਸੀ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਇਨਕਾਰੀ ਨੂੰ ਸੰਘੀ ਢਾਂਚੇ ਵਿੱਚ ਬੇਲੋੜਾ ਦਾਖ਼ਲ ਦੱਸਿਆ।
ਵਧੀਕ ਸੌਲਿਸਟਰ ਜਨਰਲ ਸਤਿਆ ਪਾਲ ਜੈਨ ਨੇ ਅਦਾਲਤ ਵਿੱਚ ਤਰਕ ਦਿੱਤਾ ਕਿ ਸਮਾਂ ਘੱਟ ਹੈ ਅਤੇ ਇੰਨੇ ਥੋੜ੍ਹੇ ਸਮੇਂ ਵਿੱਚ ਸੁਰੱਖਿਆ ਪ੍ਰਬੰਧ ਕਰਨ ਵਿੱਚ ਮੁਸ਼ਕਲ ਹੋਵੇਗੀ ਅਤੇ ਫ਼ਰਾਂਸ ਸਰਕਾਰ ਦਾ ਰਸਮੀ ਸੱਦਾ ਵੀ ਨਹੀਂ ਹੈ। ਕੇਂਦਰ ਸਰਕਾਰ ਨੇ ਖ਼ਾਲਿਸਤਾਨੀ ਤੱਤਾਂ ਦੇ ਹਵਾਲੇ ਨਾਲ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਖ਼ਤਰਾ ਦੇਖਦਿਆਂ ਅਜਿਹਾ ਕੀਤਾ ਸੀ।

