ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 9 ਨਵੰਬਰ
ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਲਈ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਮੁਹਾਲੀ ਦੀ ਨਵੀਂ ਵਾਰਡਬੰਦੀ ਸਬੰਧੀ ਅਕਾਲੀ ਦਲ ਦੇ ਸਾਬਕਾ ਕੌਂਸਲਰਾਂ ਅਤੇ ਆਮ ਸ਼ਹਿਰੀਆਂ ਦੇ ਸਾਰੇ ਇਤਰਾਜ਼ਾਂ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਇਸ ਤਰ੍ਹਾਂ ਕਰੋਨਾਵਾਇਰਸ ਕਾਰਨ ਨਿਰਧਾਰਤ ਸਮੇਂ ਤੋਂ ਪੱਛੜ ਕੇ ਹੋਣ ਵਾਲੀਆਂ ਨਿਗਮ ਚੋਣਾਂ ਦਾ ਐਲਾਨ ਸਰਕਾਰ ਕਿਸੇ ਵੀ ਸਮੇਂ ਕਰ ਸਕਦੀ ਹੈ।
ਇਸ ਸਬੰਧੀ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਸਾਬਕਾ ਕੌਂਸਲਰਾਂ ਦੇ ਇਤਰਾਜ਼ਾਂ ਨੂੰ ਰੱਦ ਕਰਨ ਮਗਰੋਂ 5 ਨਵੰਬਰ ਨੂੰ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਤਰ੍ਹਾਂ ਹੁਣ ਨਵੀਂ ਵਾਰਡਬੰਦੀ ਦੇ ਨਕਸ਼ੇ ਦਾ ਰੇੜਕਾ ਖ਼ਤਮ ਹੋ ਗਿਆ ਹੈ। ਚੇਤੇ ਰਹੇ ਕਿ ਬੀਤੀ 23 ਅਕਤੂਬਰ ਨੂੰ ਵਾਰਡਬੰਦੀ ਬੋਰਡ ਨੇ ਪ੍ਰਸਤਾਵਿਤ ਵਾਰਡਬੰਦੀ ਦਾ ਖਰੜਾ ਪ੍ਰਵਾਨ ਕਰ ਲਿਆ ਸੀ। ਊਪਰੰਤ ਪ੍ਰਸਤਾਵਿਤ ਖਰੜੇ ਦਾ ਨਕਸ਼ਾ ਨਿਗਮ ਦਫ਼ਤਰ ਵਿੱਚ ਲੋਕਾਂ ਦੇ ਦੇਖਣ ਲਈ ਜਨਤਕ ਕੀਤਾ ਗਿਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੀਵਾਲੀ ਤੋਂ ਬਾਅਦ ਕਿਸੇ ਵੀ ਦਿਨ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਵਾਰਡਬੰਦੀ ਦਾ ਅਮਲ ਪੂਰਾ ਹੋਣ ਤੋਂ ਬਾਅਦ ਨਗਰ ਨਿਗਮ ਨੇ ਸ਼ਹਿਰ ਦੇ ਨਵੇਂ ਵਾਰਡਾਂ ਦੇ ਖੇਤਰਫਲ ਅਨੁਸਾਰ ਵੋਟਰ ਸੂਚੀਆਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਅਗਲੇ ਹਫ਼ਤੇ ਤੱਕ ਸਾਰੇ ਵਾਰਡਾਂ ਦੀਆਂ ਡਰਾਫ਼ਟ ਵੋਟਰ ਸੂਚੀਆਂ ਤਿਆਰ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਤੋਂ ਬਾਅਦ ਨਗਰ ਨਿਗਮ ਦੀ ਚੋਣਾਂ ਦਾ ਅਮਲ ਸ਼ੁਰੂ ਹੋ ਸਕਦਾ ਹੈ।
ਦੱਸਿਆ ਜਾਂਦਾ ਹੈ ਕਿ ਨਵੀਂ ਵਾਰਡਬੰਦੀ ਸਬੰਧੀ ਸਾਬਕਾ ਕੌਂਸਲਰਾਂ ਅਤੇ ਆਮ ਸ਼ਹਿਰੀਆਂ ਵੱਲੋਂ ਕੁੱਲ 41 ਇਤਰਾਜ਼ ਦਾਖ਼ਲ ਕੀਤੇ ਗਏ ਸਨ। ਨਗਰ ਨਿਗਮ ਦੀ ਜੁਆਇੰਟ ਕਮਿਸ਼ਨਰ ਡਾ. ਕਨੂੰ ਥਿੰਦ ਨੇ ਇਤਰਾਜ਼ਾਂ ਸਬੰਧੀ ਟਿੱਪਣੀ ਕਰਕੇ ਫਾਈਲ ਅਗਲੀ ਕਾਰਵਾਈ ਲਈ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਨੂੰ ਭੇਜ ਦਿੱਤੀ ਸੀ। ਸਕੱਤਰ ਨੇ ਉਕਤ ਸਾਰੇ ਇਤਰਾਜ਼ਾਂ ਨੂੰ ਰੱਦ ਕਰਦਿਆਂ ਵਾਰਡਬੰਦੀ ਬੋਰਡ ਵੱਲੋਂ ਨਵੀਂ ਵਾਰਡਬੰਦੀ ਸਬੰਧੀ ਤਿਆਰ ਕੀਤੇ ਨਕਸ਼ੇ ਨੂੰ ਪ੍ਰਵਾਨ ਕਰ ਲਿਆ ਹੈ।