ਆਤਿਸ਼ ਗੁਪਤਾ
ਚੰਡੀਗੜ੍ਹ, 10 ਫਰਵਰੀ
ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਅਤੇ ਇਨ੍ਹਾਂ ਸਬੰਧੀ ਸੁਝਾਅ ਲੈਣ ਲਈ ਤਿਆਰ ਕੀਤੀ ਗਈ ਸਲਾਹਕਾਰ ਕਮੇਟੀ ਦੀ ਮੀਟਿੰਗ ਡੇਢ ਸਾਲ ਬਾਅਦ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ ਹੇਠ ਸੈਕਟਰ-10 ਵਿੱਚ ਹੋਟਲ ਮਾਊਂਟਵਿਊ ਵਿੱਚ ਹੋਈ। ਯੂਟੀ ਦੇ ਚੀਫ਼ ਇੰਜਨੀਅਰ ਸੀਬੀ ਓਝਾ ਨੇ ਸ਼ਹਿਰ ਵਿੱਚ ਪੂਰੇ ਹੋ ਚੁੱਕੇ ਅਤੇ ਜਾਰੀ ਵਿਕਾਸ ਕਾਰਜਾਂ ਬਾਰੇ ਸ੍ਰੀ ਬਦਨੌਰ ਨੂੰ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਸ਼ਹਿਰ ਦੇ ਦੋ ਸਾਬਕਾ ਸੰਸਦ ਮੈਂਬਰ ਪਵਨ ਕੁਮਾਰ ਬਾਂਸਲ ਅਤੇ ਹਰਮੋਹਨ ਧਵਨ ਨੇ ਬਿਜਲੀ ਵਿਭਾਗ ਦੇ ਨਿੱਜੀਕਰਨ ਦਾ ਵਿਰੋਧ ਕੀਤਾ। ਇਸੇ ਦੌਰਾਨ ਲਾਲ ਡੋਰੇ ਤੋਂ ਬਾਹਰ ਦੀਆਂ ਜ਼ਮੀਨਾਂ ਨੂੰ ਰੈਗੂਲਰ ਕਰਨ ਲਈ ਹਾਜ਼ਰ ਅਧਿਕਾਰੀਆਂ ਵੱਲੋਂ ਸਹਿਮਤੀ ਜਤਾਈ ਗਈ।
ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕੈਪੀਟਲ ਕੰਪਲੈਕਸ ਦੀ ਬਿਲਡਿੰਗ ਦੇ ਨਿਖਾਰ ਲਈ ਕੀਤੇ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੁਖਨਾ ਝੀਲ ’ਤੇ ਹੈਰੀਟੇਜ ਲਾਈਟਾਂ ਲਗਾਉਣ ਅਤੇ ਸੈਕਟਰ-17 ਵਿੱਚ ਸਕੇਟਿੰਗ ਰਿੰਕ ਤਿਆਰ ਕਰਨ ਦਾ ਸੁਝਾਅ ਦਿੱਤਾ। ਇਸੇ ਤਰ੍ਹਾਂ ਸਾਬਕਾ ਸੰਸਦ ਮੈਂਬਰ ਹਰਮੋਹਨ ਧਵਨ ਨੇ ਸ਼ਹਿਰ ਵਿੱਚ ਬਿਜਲੀ ਵਿਭਾਗ ਦੇ ਨਿੱਜੀਕਰਨ ਦਾ ਵਿਰੋਧ ਕੀਤਾ ਅਤੇ ਵਿਕਾਸ ਕਾਰਜਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
ਸਾਬਕਾ ਸੰਸਦ ਮੈਂਬਰ ਸੱਤਿਆਪਾਲ ਜੈਨ ਨੇ ਕਿਹਾ ਕਿ ਸ਼ਹਿਰ ਵਿੱਚ ਲੋੜਵਦਾਂ ਲਈ ਹੋਰ ਘਰ ਤਿਆਰ ਕੀਤੇ ਜਾਣੇ ਚਾਹੀਦੇ ਹਨ। ਇਸ ਦੇ ਨਾਲ ਹੀ ਲਾਲ ਡੋਰੇ ਤੋਂ ਬਾਹਰ ਦੇ ਮਕਾਨਾਂ ਨੂੰ ਰੈਗੂਲਰ ਕੀਤਾ ਜਾਣਾ ਚਾਹੀਦਾ ਹੈ। ਮੇਅਰ ਰਵੀਕਾਂਤ ਸ਼ਰਮਾ ਨੇ ਆਰਐੱਲਏ ਦੇ ਫੰਡਾਂ ਨੂੰ ਨਿਗਮ ਹਵਾਲੇ ਕਰਨ ਦੀ ਮੰਗ ਕੀਤੀ। ਕਾਂਗਰਸੀ ਕੌਂਸਲਰ ਦਵਿੰਦਰ ਬਬਲਾ ਨੇ ਮੰਗ ਕੀਤੀ ਕਿ ਚੰਡੀਗੜ੍ਹ ਹਾਊਸਿੰਗ ਬੋਰਡ ਨੂੰ ਹੋਰ ਘਰ ਬਣਾਉਣ ਦੀ ਪ੍ਰਵਾਨਗੀ ਦਿੱਤੀ ਜਾਵੇ।
ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਨੇ ਪਾਣੀ ਦੇ ਰੇਟਾਂ ਨੂੰ ਘੱਟ ਕਰਨ ਅਤੇ ਗਊ ਕਮਿਸ਼ਨ ਸਥਾਪਿਤ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰਿਹਾਇਸ਼ੀ ਇਲਾਕਿਆਂ ਵਿੱਚ ਨਰਸਿੰਗ ਹੋਮਾਂ ਨੂੰ ਪ੍ਰਵਾਨਗੀ ਦੇਣੀ ਚਾਹੀਦੀ ਹੈ। ਚੰਡੀਗੜ੍ਹ ਭਾਜਪਾ ਦੇ ਸਾਬਕਾ ਪ੍ਰਧਾਨ ਸੰਜੇ ਟੰਡਨ ਨੇ ਕਿਹਾ ਕਿ ਬਾਹਰੀ ਰਿੰਗ ਰੋਡ ਦੇ ਕਾਰਜ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਤੇ ਸ਼ਹਿਰ ਵਿਚਲੇ ਕਲੈਕਟਰ ਰੇਟਾਂ ਨੂੰ ਘਟਾਉਣ ਦੀ ਮੰਗ ਕੀਤੀ।
ਇਸੇ ਤਰ੍ਹਾਂ ਚੰਡੀਗੜ੍ਹ ਰੈਜ਼ੀਡੇਂਟਸ ਐਸੋਸੀਏਸ਼ਨ ਵੈਲਫੇਅਰ ਫੈਡਰੇਸ਼ਨ ਦੇ ਪ੍ਰਧਾਨ ਹਿਤੇਸ਼ ਪੁਰੀ ਨੇ ਕਿਹਾ ਕਿ ਫਲੈਟਾਂ ਵਿੱਚ ਲੋੜ ਅਨੁਸਾਰ ਕੀਤੀਆਂ ਉਸਾਰੀਆਂ ਨੂੰ ਦਿੱਲੀ ਦੀ ਤਰਜ਼ ’ਤੇ ਵਨ-ਟਾਈਮ ਚਾਰਜ ਲੈ ਕੇ ਰੈਗੂਲਰ ਕੀਤਾ ਜਾਵੇ।
ਚੀਫ਼ ਇੰਜਨੀਅਰ ਨੇ ਵਿਕਾਸ ਕਾਰਜਾਂ ਦੇ ਵੇਰਵੇ ਦਿੱਤੇ
ਚੀਫ਼ ਇੰਜਨੀਅਰ ਸੀਬੀ ਓਝਾ ਨੇ ਕੈਪੀਟਲ ਕੰਪਲੈਕਸ ਦੀ ਰਿਪੇਅਰ, ਸਾਈਕਲ ਟਰੈਕ ’ਤੇ ਲਾਈਟਾਂ ਦੇ ਕੰਮ ਅਤੇ ਸ਼ਹਿਰ ਦੇ ਹੋਰਨਾਂ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ, ਕਮਿਊਨਿਟੀ ਹਾਲ, ਪੁਲੀਸ ਹਾਊਸਿੰਗ, ਪੰਜਾਬ ਯੂਨੀਵਰਸਿਟੀ ਅਤੇ ਪੀਜੀਆਈ ਵਿੱਚ ਅੰਡਰਪਾਥ, ਸੈਕਟਰ-42 ਵਿੱਚ ਲੜਕੀਆਂ ਦੇ ਹੋਸਟਲ, ਜ਼ਿਲ੍ਹਾ ਅਦਾਲਤ ਵਿੱਚ ਮਲਟੀਪਾਰਕਿੰਗ, ਰਾਏਪੁਰ ਕਲਾਂ ਵਿੱਚ ਸੀਟੀਯੂ ਬੱਸ ਡਿੱਪੂ, ਸੈਕਟਰ-32 ਹਸਪਤਾਲ ਵਿੱਚ ਜੱਚਾ-ਬੱਚਾ ਦੇਖਭਾਲ ਕੇਂਦਰਾਂ ਦੀਆਂ ਉਸਾਰੀਆਂ ਸ਼ਾਮਲ ਹਨ।