ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ. ਨਗਰ (ਮੁਹਾਲੀ), 7 ਅਪਰੈਲ
ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੀ ਅਗਵਾਈ ਹੇਠ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੇ ਤਿੰਨ ਮਹੀਨੇ ਤੋਂ ਪੈਨਸ਼ਨ ਨਾ ਮਿਲਣ ’ਤੇ ਅੱਜ ਇੱਥੋਂ ਦੇ ਫੇਜ਼ ਅੱਠ ਦੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਅੱਗੇ ਰੋਸ ਧਰਨਾ ਦਿੱਤਾ ਅਤੇ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਵਿੱਚੋਂ ਸੇਵਾਮੁਕਤ ਮੁਲਾਜ਼ਮਾਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਯੂਨੀਅਨ ਦੀ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ, ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ, ਜਾਗੀਰ ਸਿੰਘ ਢਿਲੋਂ ਹੰਸਾਲਾ, ਗੁਰਚਰਨ ਸਿੰਘ ਨਾਹਰ, ਦਿਆਲ ਸਿੰਘ, ਜੋਗਿੰਦਰ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਨਰਿੰਦਰ ਸਿੰਘ, ਜੈਦੇਵ ਸਿੰਘ ਅਤੇ ਭਗਵਾਨ ਸਿੰਘ ਨੇ ਦੋਸ਼ ਲਾਇਆ ਕਿ ਪੰਚਾਇਤ ਵਿਭਾਗ ਦੇ ਅਧਿਕਾਰੀ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੂੰ ਤਿੰਨ ਮਹੀਨਿਆਂ ਤੋਂ ਪੈਨਸ਼ਨ ਨਹੀਂ ਮਿਲੀ, ਜਿਸ ਕਾਰਨ ਉਹ ਰੋਜ਼ਾਨਾ ਖਰਚੇ ਕਰਨ ਤੋਂ ਵੀ ਤੰਗ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪੈਨਸ਼ਨ ਸੈੱਲ ਨੂੰ ਵੀ ਕਮਜ਼ੋਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਮਾਮਲੇ ਵਿੱਚ ਦਖਲ ਦੀ ਮੰਗ ਕਰਦਿਆਂ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਸਰਕਾਰੀ ਖਜ਼ਾਨੇ ਰਾਹੀਂ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਮੁਹੱਈਆ ਕਰਾਉਣ, ਐੱਲਟੀਸੀ ਸਹੂਲਤ ਦੇਣ, ਬੁਢਾਪਾ ਭੱਤਾ ਲਾਉਣ ਅਤੇ ਪੈਨਸ਼ਨ ਲਾਉਣ ਦੇ ਅਮਲ ਨੂੰ ਸਮਾਂਬੱਧ ਕਰਨ ਤੇ ਪਿਛਲੇ ਬਕਾਏ ਜਾਰੀ ਕਰਵਾਉਣ ਦੀ ਮੰਗ ਕੀਤੀ।