ਸਰਬਜੀਤ ਸਿੰਘ ਭੱਟੀ
ਲਾਲੜੂ, 18 ਮਈ
ਨਗਰ ਕੌਂਸਲ ਲਾਲੜੂ ਦੇ ਵਾਰਡ ਨੰਬਰ-4 ਵਿੱਚ ਨਿਕਾਸੀ ਦੇ ਪ੍ਰਬੰਧ ਨਾ ਹੋਣ ਕਾਰਨ ਗਲੀਆਂ ਵਿੱਚ ਖੜ੍ਹਾ ਗੰਦਾ ਪਾਣੀ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਮਾੜੇ ਨਿਕਾਸੀ ਪ੍ਰਬੰਧਾਂ ਕਾਰਨ ਲੋਕ ਪ੍ਰੇਸ਼ਾਨ ਹਨ। ਵਾਰਡ ਵਾਸੀ ਜਸਵੀਰ ਸਿੰਘ ਨੇ ਦੱਸਿਆ ਕਿ ਵਾਰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਕੋਈ ਨਾਲਾ ਨਹੀਂ ਹੈ, ਜਿਸ ਕਾਰਨ ਲੋਕਾਂ ਦੇ ਘਰਾਂ ਦਾ ਗੰਦਾ ਪਾਣੀ ਗਲੀਆਂ ਅਤੇ ਨਾਲੀਆਂ ਵਿੱਚ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਲੋਕ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲ ਸਕਦੇ, ਕਿਉਂਕਿ ਕਿੱਧਰੇ ਜਾਣ ਲਈ ਉਨ੍ਹਾਂ ਨੂੰ ਪਹਿਲਾਂ ਗੰਦੇ ਪਾਣੀ ਵਿੱਚੋਂ ਗੁਜ਼ਰਨਾ ਪੈਂਦਾ ਹੈ। ਹੋਰਨਾਂ ਨੇ ਦੱਸਿਆ ਕਿ ਉਹ ਕਈ ਵਾਰ ਕੌਂਸਲ ਦੇ ਅਧਿਕਾਰੀਆਂ ਨੂੰ ਵੀ ਉਕਤ ਸਮੱਸਿਆ ਬਾਰੇ ਜਾਣੂ ਕਰਵਾ ਚੁੱਕੇ ਹਨ, ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਸਾਹੀ ਨੇ ਕਿਹਾ ਕਿ ਛੇਤੀ ਹੀ ਗਲੀਆਂ-ਨਾਲੀਆਂ ਦੀ ਸਫ਼ਾਈ ਕਰਵਾ ਕੇ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇਗਾ।