
ਪਿੰਡ ਮੌਲੀ ਜੱਗਰਾਂ ਵਿੱਚ ਗੰਦਗੀ ਦਿਖਾਉਂਦੇ ਹੋਏ ਇਲਾਕਾ ਵਾਸੀ।
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਮਾਰਚ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਵਿਚਲੇ ਪਿੰਡਾਂ ਨੂੰ ਨਿਗਮ ਅਧੀਨ ਲਿਆਉਣ ਸਮੇਂ ਸ਼ਹਿਰਾਂ ਦੀ ਤਰਜ਼ ’ਤੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪਰ ਪਿੰਡ ਮੌਲੀ ਜੱਗਰਾਂ ਵਿਖੇ ਟੁੱਟੀਆਂ ਸੜਕਾਂ ਲੋਕਾਂ ਲਈ ਸਿਰਦਰਦੀ ਬਣੀਆਂ ਹੋਈਆਂ ਹਨ। ਇਥੇ ਕਈ ਸਾਲਾਂ ਤੋਂ ਸੜਕਾਂ ਨਹੀਂ ਬਣਾਈਆਂ ਗਈਆਂ, ਜਿਸ ਕਾਰਨ ਆਉਣ-ਜਾਣ ਵਾਲੇ ਲੋਕ ਪ੍ਰੇਸ਼ਾਨ ਹਨ। ਇਸ ਤੋਂ ਇਲਾਵਾ ਪਿਛਲੇ ਦਿਨੀਂ ਪਏ ਮੀਂਹ ਕਾਰਨ ਗੰਦੇ ਨਾਲੇ ਦਾ ਪਾਣੀ ਓਵਰਫਲੋਅ ਹੋ ਕੇ ਲੋਕਾਂ ਦੇ ਘਰਾਂ ’ਚ ਵੜ ਗਿਆ। ਇਸ ਦੇ ਨਾਲ ਹੀ ਪਿੰਡ ਦੀਆਂ ਸੜਕਾਂ ਵੀ ਗੰਦੇ ਪਾਣੀ ਵਿੱਚ ਡੁੱਬ ਗਈਆਂ। ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਪ੍ਰਧਾਨ ਬਲਕਾਰ ਸਿੰਘ ਵਿਕਟਰ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਸ਼ਹਿਰਾਂ ਦੀ ਤਰਜ਼ ’ਤੇ ਵਿਕਾਸ ਕਰਨ ਦੇ ਦਾਅਵੇ ਕੀਤੇ ਗਏ ਸਨ, ਪਰ ਅੱਜ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਪ੍ਰਸ਼ਾਸਨ ਦੀ ਇਸ ਲਾਪ੍ਰਵਾਹੀ ਕਰਕੇ ਮੱਛਰ ਅਤੇ ਜਾਨਲੇਵਾ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਚੰਡੀਗੜ੍ਹ ਨਗਰ ਨਿਗਮ ਵੱਲੋਂ ਜਲਦ ਹੀ ਪਿੰਡ ਵਿੱਚ ਬੁਨਿਆਦੀ ਸਮੱਸਿਆਵਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਪਿੰਡ ਵਾਸੀਆਂ ਨੂੰ ਨਿਗਮ ਵਿਰੁੱਧ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਵੇਗਾ। ਇਸ ਮੌਕੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਹਰਭਜਨ ਸਿੰਘ, ਸਾਬਕਾ ਪੰਚ ਬਲਬੀਰ ਸਿੰਘ, ਰੁਲਦਾ ਸਿੰਘ, ਪ੍ਰਮੋਦ, ਰੋਹਿਤ ਬਾਤਿਸ਼, ਸੋਨੂੰ ਪਾਲ, ਲਖਵੀਰ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ