ਸੜਕ ’ਤੇ ਦੂਸ਼ਿਤ ਪਾਣੀ ਕਾਰਨ ਲੋਕ ਔਖੇ
ਮੀਂਹ ਨੇ ਨਗਰ ਕੌਂਸਲ ਲਾਲੜੂ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਨਿਕਾਸੀ ਪ੍ਰਬੰਧਾਂ ਦੇ ਦਾਅਵਿਆਂ ਦੀ ਫੂਕ ਕੱਢ ਕੇ ਰੱਖ ਦਿੱਤੀ ਹੈ। ਬਰਸਾਤ ਦੇ ਕਾਰਨ ਲਾਲੜੂ ਦੀ ਸੁਪਰ ਡੇਅਰੀ ਨੇੜੇ ਮੁੱਖ ਸੜਕ ’ਤੇ ਭਾਰੀ ਮਾਤਰਾ ਵਿੱਚ ਦੂਸ਼ਿਤ ਅਤੇ ਗੰਦਾ ਪਾਣੀ...
ਮੀਂਹ ਨੇ ਨਗਰ ਕੌਂਸਲ ਲਾਲੜੂ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਨਿਕਾਸੀ ਪ੍ਰਬੰਧਾਂ ਦੇ ਦਾਅਵਿਆਂ ਦੀ ਫੂਕ ਕੱਢ ਕੇ ਰੱਖ ਦਿੱਤੀ ਹੈ। ਬਰਸਾਤ ਦੇ ਕਾਰਨ ਲਾਲੜੂ ਦੀ ਸੁਪਰ ਡੇਅਰੀ ਨੇੜੇ ਮੁੱਖ ਸੜਕ ’ਤੇ ਭਾਰੀ ਮਾਤਰਾ ਵਿੱਚ ਦੂਸ਼ਿਤ ਅਤੇ ਗੰਦਾ ਪਾਣੀ ਜਮ੍ਹਾਂ ਹੋ ਗਿਆ ਹੈ, ਜਿਸ ਕਾਰਨ ਸਥਾਨਕ ਵਾਸੀਆਂ, ਰਾਹਗੀਰਾਂ ਅਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੁਪਰ ਡੇਅਰੀ ਦੇ ਨੇੜੇ ਲੰਘਣ ਵਾਲੀ ਸੜਕ ਇਸ ਸਮੇਂ ਕਿਸੇ ਛੱਪੜ ਦਾ ਰੂਪ ਅਖਤਿਆਰ ਕਰ ਚੁੱਕੀ ਹੈ। ਸੀਵਰੇਜ ਅਤੇ ਬਰਸਾਤੀ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਗੰਦਾ ਪਾਣੀ ਸੜਕਾਂ ‘ਤੇ ਓਵਰਫਲੋਅ ਹੋ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਲਕੀ ਜਿਹੀ ਬਰਸਾਤ ਤੋਂ ਬਾਅਦ ਵੀ ਇੱਥੇ ਹਾਲਾਤ ਨਰਕ ਵਰਗੇ ਹੋ ਜਾਂਦੇ ਹਨ। ਦੂਸ਼ਿਤ ਪਾਣੀ ਕਾਰਨ ਇਲਾਕੇ ਵਿੱਚ ਬਦਬੂ ਫੈਲ ਰਹੀ ਹੈ, ਜਿਸ ਨਾਲ ਮਹਾਮਾਰੀ ਅਤੇ ਗੰਭੀਰ ਬੀਮਾਰੀਆਂ ਫੈਲਣ ਦਾ ਖ਼ਦਸ਼ਾ ਬਣ ਗਿਆ ਹੈ। ਸੜਕ ਕੰਢੇ ਸਥਿਤ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਗਾਹਕਾਂ ਦਾ ਆਉਣਾ-ਜਾਣਾ ਬੰਦ ਹੋ ਗਿਆ ਹੈ, ਜਿਸ ਨਾਲ ਉਨ੍ਹਾਂ ਦਾ ਧੰਦਾ ਚੌਪਟ ਹੋ ਰਿਹਾ ਹੈ। ਸਥਾਨਕ ਲੋਕਾਂ ਮੁਤਾਬਕ ਉਹ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਸ ਸਮੱਸਿਆ ਬਾਰੇ ਲਿਖਤੀ ਅਤੇ ਜ਼ਬਾਨੀ ਸ਼ਿਕਾਇਤਾਂ ਦੇ ਚੁੱਕੇ ਹਨ ਪਰ ਕੋਈ ਸੁਣਵਾਈ ਜਾਂ ਕਾਰਵਾਈ ਨਹੀਂ ਹੋਈ। ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸੁਪਰ ਡੇਅਰੀ ਨੇੜੇ ਸੜਕ ਦੀ ਮੁਰੰਮਤ ਕਰਵਾਈ ਜਾਵੇ ਅਤੇ ਪਾਣੀ ਦੀ ਨਿਕਾਸੀ ਲਈ ਪੱਕਾ ਪ੍ਰਬੰਧ ਕੀਤਾ ਜਾਵੇ। ਦੂਜੇ ਪਾਸੇ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਅਸ਼ੋਕ ਪੱਥਰੀਆਂ ਨੇ ਕਿਹਾ ਕਿ ਛੇਤੀ ਹੀ ਮੌਕਾ ਵੇਖ ਕੇ ਬਰਸਾਤੀ ਤੇ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਮੁਕੰਮਲ ਕੀਤੇ ਜਾਣਗੇ।

