ਪੱਤਰ ਪ੍ਰੇਰਕ
ਕੁਰਾਲੀ, 3 ਅਪਰੈਲ
ਹਲਕਾ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਅੱਜ ਜਿੱਤ ਤੋਂ ਬਾਅਦ ਹਲਕੇ ਦੇ ਧੰਨਵਾਦੀ ਦੌਰੇ ਦੌਰਾਨ ਕੁਰਾਲੀ ਨੇੜਲੇ ਪਿੰਡ ਅਕਾਲਗੜ੍ਹ ਧਕਤਾਣਾ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਮੌਕੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਹੁਣ ਤੱਕ ਦੀਆਂ ਸਰਕਾਰਾਂ ਨੇ ਪੰਜਾਬ ਅਤੇ ਪੰਜਾਬ ਦੇ ਆਮ ਲੋਕਾਂ ਲਈ ਕੁਝ ਨਹੀਂ ਕੀਤਾ ਸਗੋਂ ਆਪਣੇ ਨਿੱਜੀ ਮੁਫ਼ਾਦਾਂ ਨੂੰ ਹੀ ਮੁੱਖ ਰੱਕ ਕੇ ਸੱਤਾ ਹੰਢਾਈ ਹੈ। ਗਗਨ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਕੁਝ ਦਿਨਾਂ ਦੌਰਾਨ ਲਏ ਫੈਸਲਿਆਂ ਕਾਰਨ ਪੰਜਾਬ ਦਾ ਹਰ ਵਰਗ ਖੁਸ਼ ਹੈ। ਬੀਬਾ ਮਾਨ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਹਾਲੇ ਵੀ ਲੋਕ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ ਤੇ ਹਲਕਾ ਵਿਕਾਸ ਦੇ ਪੱਖ ਤੋਂ ਪੱਛੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਕਾਸ ਦੇ ਕੰਮ ਬਗੈਰ ਕਿਸੇ ਵਿਤਕਰੇ ਤੋਂ ਹੋਣਗੇ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਵੱਲੋਂ ਜਾਰੀ ਹੈਲਪਲਾਈਨ ’ਤੇ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।