ਪੱਤਰ ਪ੍ਰੇਰਕ
ਕੁਰਾਲੀ, 19 ਮਈ
ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਤੋਂ ਪੰਜਾਬ ਦੇ ਲੋਕ ਹੁਣ ਅੱਕ ਚੁੱਕੇ ਹਨ। ਅੱਜ ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੇ ਨਿਵਾਸ ’ਤੇ ਉਨ੍ਹਾਂ ਦੀ ਮਾਤਾ ਦੇ ਅਕਾਲ ਚਲਣਾ ’ਤੇ ਦੁੱਖ ਪ੍ਰਗਟ ਕਰਨ ਲਈ ਪੁੱਜੇ ਸ੍ਰੀ ਤਿਵਾੜੀ ਨੇ ਕਿਹਾ ਕਿ ਬਿਜਲੀ ਸਪਲਾਈ,ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਬੇਰੁਜ਼ਗਾਰਾਂ ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਭੱਜ ਰਹੀ ਮਾਨ ਸਰਕਾਰ ਖ਼ਿਲਾਫ਼ ਲੋਕ ਸੜਕਾਂ ’ਤੇ ਉਤਰੇ ਹੋਏ ਹਨ। ਉਨ੍ਹਾਂ ਕਿਹਾ ਕਿ ਮਾਈਨਿੰਗ ਬੰਦ ਹੋਣ ਕਾਰਨ ਪੰਜਾਬ ਦੇ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਨਾਜਾਇਜ਼ ਮਾਈਨਿੰਗ ਬੰਦ ਕਰਨ ਨੂੰ ਸਹੀ ਫੈਸਲਾ ਦੱਸਦਿਆਂ ਜਾਇਜ਼ ਮਾਈਨਿੰਗ ਜਾਰੀ ਰੱਖੇ ਜਾਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਕਾਸ ਦੇ ਕੰਮ ਪੂਰੀ ਤਰ੍ਹਾਂ ਠੱਪ ਪਏ ਹਨ ਜਦਕਿ ਹਰ ਵਰਗ ਸੰਘਰਸ਼ ਕਰਨ ਲਈ ਮਜ਼ਬੂਰ ਹਨ। ਇਸੇ ਦੌਰਾਨ ਸ੍ਰੀ ਤਿਵਾੜੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਦੇ ਕੰਮਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਸਗੋਂ ਲੋੜ ਅਨੁਸਾਰ ਤਰਜੀਹ ਬਣਾ ਕੇ ਫੰਡ ਜਾਰੀ ਕੀਤਾ ਜਾਵੇਗਾ। ਸ੍ਰੀ ਤਿਵਾੜੀ ਨੇ ਕਿਹਾ ਕਿ ਪੇਂਡੂ ਖੇਤਰਾਂ ’ਚ ਸ਼ਹਿਰੀ ਸਹੂਲਤਾਂ ਦੇਣ ਲਈ ਹੇਠਲੇ ਪੱਧਰ ਤੱਕ ਸੁਧਾਰ ਕਰਨਾ ਜ਼ਰੂਰੀ ਹੈ। ਇਸ ਮੌਕੇ ਕੌਂਸਲਰ ਰਮਾਕਾਂਤ ਕਾਲੀਆ, ਹੈਪੀ ਧੀਮਾਨ ਅਤੇ ਹੋਰ ਵੀ ਹਾਜ਼ਰ ਸਨ।