ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 24 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਜਿਹੜੀ ਵੀ ਸਿਆਸੀ ਪਾਰਟੀ ਨੇ ਕਦੇ ਵੀ ਪੰਜਾਬ ਅਤੇ ਪੰਜਾਬੀਆਂ ਨਾਲ ਧੱਕੇਸ਼ਾਹੀ ਜਾ ਹੱਕੀ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਹੈ, ਉਨ੍ਹਾਂ ਨੂੰ ਹਮੇਸ਼ਾ ਹਾਰ ਦਾ ਮੂੰਹ ਦੇਖਣਾ ਪਿਆ ਹੈ। ਇਹੀ ਹਸ਼ਰ ਇਸ ਵਾਰ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਦਾ ਹੋਵੇਗਾ। ਉਹ ਸਰਕਲ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਲਈ ਪੰਜਾਬ ਵਿਰੋਧੀ ਇਨ੍ਹਾਂ ਤਿੰਨੋਂ ਪਾਰਟੀਆਂ ਨੂੰ ਚੱਲਦਾ ਕਰਨ ਵਾਸਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣਾ ਚਾਹੀਦਾ ਹੈ। ਉਨ੍ਹਾਂ ਹਲਕਾ ਅਮਲੋਹ ਦੇ ਸਮੁੱਚੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਵੋਟ ਦੇਣ। ਪਿੰਡਾਂ ਵਿੱਚ ਸੀਨੀਅਰ ਆਗੂਆਂ ਵੱਲੋਂ ਸ੍ਰੀ ਖਾਲਸਾ, ਰਾਜੂ ਖੰਨਾ ਅਤੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।