ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 11 ਫਰਵਰੀ
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਆਪਣੇ ਹੱਥਾਂ ਵਿੱਚ ਝਾੜੂ ਚੁੱਕਣ ਵਾਲਿਆਂ ਦੀ ਲਾਈਨ ਲੰਮੀ ਹੁੰਦੀ ਜਾ ਰਹੀ ਹੈ। ਮੁਹਾਲੀ ਤੋਂ ਆਪ ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਅੱਜ ਉਸ ਸਮੇਂ ਚੰਗਾ ਹੁਲਾਰਾ ਮਿਲਿਆ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਮਨਮੋਹਨ ਸਿੰਘ ਮੋਹਣੀ ਅਤੇ ਪਿੰਡ ਜਗਤਪੁਰਾ ਦੇ ਵੱਡੀ ਗਿਣਤੀ ਨੌਜਵਾਨਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਮੋਹਣੀ ਅਕਾਲੀ ਦਲ ਦੇ ਉਮੀਦਵਾਰ ਦੀ ਚੋਣ ਮੁਹਿੰਮ ਚਲਾ ਰਹੇ ਸਨ।
ਆਪ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕੁਲਵੰਤ ਸਿੰਘ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁਹਾਲੀ ਸਮੇਤ ਪੰਜਾਬ ਭਰ ਦੇ ਲੋਕ ਕਾਂਗਰਸ ਅਤੇ ਹੋਰਨਾਂ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣ ਦੇ ਰੌਂਅ ਵਿੱਚ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਦੌਰਾਨ ਲੋਕ ਆਪ ਮੁਹਾਰੇ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ਜਦੋਂਕਿ ਬਾਕੀ ਪਾਰਟੀਆਂ ਨੂੰ ਇਕੱਠ ਕਰਨ ਲਈ ਦਿਹਾੜੀ ਦੇ ਪੈਸੇ ਦੇ ਕੇ ਅਤੇ ਵਾਰ-ਵਾਰ ਫੋਨ ਕਰਕੇ ਬੁਲਾਉਂਦੇ ਪੈਂਦੇ ਹਨ। ਇਸ ਕਾਰਨ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਲੀਡਰਸ਼ਿਪ ਵਿੱਚ ਘਬਰਾਹਟ ਪੈਦਾ ਹੋ ਗਈ ਹੈ।
ਕੁਲਵੰਤ ਸਿੰਘ ਨੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਅਤੇ ਬਾਕੀ ਰਵਾਇਤੀ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਲੋਕ ਅੱਕ ਚੁੱਕੇ ਹਨ। ਪੰਜਾਬ ਵਿੱਚ ਇਸ ਸਮੇਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਨੇਰੀ ਚੱਲ ਰਹੀ ਹੈ ਅਤੇ ਸੂਬੇ ਦੇ ਲੋਕ ਭਗਵੰਤ ਮਾਨ ਨੂੰ ਮੁੱਖ ਮੰਤਰੀ ਵਜੋਂ ਦੇਖਣ ਲਈ ਕਾਫ਼ੀ ਉਤਾਵਲੇ ਹੋਏ ਪਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਗੱਠਜੋੜ ਵੀ ਭਾਜਪਾ ਦੀ ‘ਬੀ’ ਟੀਮ ਹੈ। ਲਿਹਾਜ਼ਾ ਇਲਾਕੇ ਦੇ ਲੋਕ ਇਨ੍ਹਾਂ ਦੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ। ਪਿੰਡ ਜਗਤਪੁਰਾ ਦੇ ਆਪ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਯੂਥ ਵਿੰਗ ਦੇ ਆਗੂ ਸਾਗਰ, ਮੋਹਿਤ, ਅਭੀਸ਼ੇਕ, ਕੁਲਦੀਪ, ਲਵਦੀਪ, ਅਭਿਸ਼ੇਕ, ਮੋਹਿਤ, ਸਾਹਿਲ ਰਾਣਾ, ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।
ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਜਾਵੇਗੀ ‘ਆਪ’ ਦੀ ਸਰਕਾਰ: ਅਨਮੋਲ ਗਗਨ ਮਾਨ
ਖਰੜ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ ਨੇ ਸੁਕਰਵਾਰ ਨੂੰ ਖਰੜ ਹਲਕੇ ਦੇ ਦਰਜਨਾਂ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੀ ਨੁਮਾਇੰਦਗੀ ਹੇਠ ਪਾਰਟੀ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਵਾਉਂਦੇ ਹੋਏ ਸਰਕਾਰ ਬਣਾਏਗੀ। ਮਾਨ ਨੇ ਖਰੜ ‘ਚ ਪੈਂਦੇ ਭਰਤਪੁਰ, ਚਡਿਆਲਾ, ਪੱਤੜਾਂ, ਸੋਏ ਮਾਜਰਾ, ਮਛਲੀ ਕਲਾਂ, ਟੋਡਰ ਮਾਜਰਾ, ਮਜਾਤ, ਝੰਜੇੜੀ, ਸੋਹਾੜਾ, ਰਸਨਹੇੜੀ, ਗੱਬੇਮਾਜਰਾ, ਨੱਗਲ ਫੈਜਗੜ, ਤੋਲੇ ਮਾਜਰਾ ਆਦਿ ਪਿੰਡਾਂ ਦੇ ਦੌਰੇ ਦੌਰਾਨ ਕਿਹਾ ਕਿ ਹਲਕਾ ਨਿਵਾਸੀਆਂ ਦੀ ਹਰ ਸਮੱਸਿਆ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਸਾਫ਼ ਸੁਥਰੀ ਅਤੇ ਇਮਾਨਦਾਰ ਸਰਕਾਰ ਬਣਾਉਣ ਲਈ ਕਾਹਲੇ ਹਨ। ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦੇ ਲੋਟੂ ਲੀਡਰਾਂ ਨੇ ਜਿੱਤਣ ਪਿੱਛੋਂ ਲੋਕਾਂ ਦੇ ਮੁੱਦੇ ਪੂਰੀ ਤਰ੍ਹਾਂ ਭੁਲਾ ਦਿੱਤੇ। ਆਮ ਲੋਕ ਅਰਸਿਆਂ ਤੋਂ ਤਰਸਯੋਗ ਹਾਲਾਤਾਂ ਵਿਚ ਬਿਨਾਂ ਬੁਨਿਆਦੀ ਸਹੂਲਤਾਂ ਤੋਂ ਦਿਨ ਕੱਟਣ ਲਈ ਮਜਬੂਰ ਹਨ। ਪਿਛਲੀਆਂ ਸਰਕਾਰਾਂ ਦੇ ਮਤਰੇਈ ਮਾਂ ਵਾਲ਼ੇ ਸਲੂਕ ਨੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਇਤਿਹਾਸਕ ਬਦਲਾਅ ਲਿਆਉਣ ਲਈ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲੈ ਕੇ ਜਾਵੇਗੀ।