ਪੱਤਰ ਪ੍ਰੇਰਕ
ਖਰੜ, 5 ਦਸੰਬਰ
ਆਮ ਆਦਮੀ ਪਾਰਟੀ ਦੇ ਸੁਨਾਮ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਨੇ ਅੱਜ ਇੱਥੇ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਰਿਵਾਇਤੀ ਪਾਰਟੀਆਂ ਨੇ ਲੋਕ ਭਲਾਈ ਦੇ ਨਾਂ ’ਤੇ ਮੂਰਖ ਬਣਾ ਕੇ ਲੁੱਟ-ਘਸੁੱਟ ਕਰਨ ਦਾ ਕੋਈ ਮੌਕਾ ਨਹੀਂ ਛੱਡਿਆ। ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਚੜ੍ਹਾਉਣ ਵਾਲੀਆਂ ਪਿਛਲੀਆਂ ਸਰਕਾਰਾਂ ਤੋਂ ਸਾਨੂੰ ਤਿੱਖੇ ਸਵਾਲ ਕਰਨੇ ਚਾਹੀਦੇ ਹਨ। ਉਹ ਇੱਥੇ ਦਾਣਾ ਮੰਡੀ ਵਿੱਚ ਕਰਵਾਈ ਗਈ ਵਿਸ਼ਾਲ ਰੈਲੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਵਿਕਸਿਤ ਪੰਜਾਬ ਦੇਣ ਦਾ ਦਾਅਵਾ ਕਰਨ ਵਾਲੀਆਂ ਬਾਦਲ ਅਤੇ ਕਾਂਗਰਸ ਸਰਕਾਰਾਂ ਨੇ ਸਾਡੀ ਜਵਾਨੀ ਨੂੰ ਆਪਣੇ ਮਾਪੇ ਅਤੇ ਦੇਸ਼ ਛੱਡ ਕੇ ਸਮੁੰਦਰੋਂ ਪਾਰ ਜਾਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 70 ਸਾਲ ਤੋਂ ਵੱਧ ਦਾ ਸਮਾਂ ਹੋਣ ਦੇ ਬਾਵਜੂਦ ਆਮ ਲੋਕ ਮਹਿੰਗਾਈ, ਗ਼ਰੀਬੀ ਅਤੇ ਬੇਰੁਜ਼ਗਾਰੀ ਜਿਹੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ। ਜਿੱਥੇ ਦੇਸ਼ ਦੇ ਆਮ ਲੋਕ ਹਰ ਚੀਜ਼ ਲਈ ਟੈਕਸ ਭਰਦੇ ਹਨ, ਓਥੇ ਸਿਆਸੀ ਪਾਰਟੀਆਂ ਦੇ ਨੇਤਾ ਭੋਲੀ-ਭਾਲੀ ਜਨਤਾ ਦਾ ਸ਼ੋਸ਼ਣ ਕਰਨ ਦੇ ਆਦੀ ਹੋ ਚੁੱਕੇ ਹਨ।
ਅਮਨ ਅਰੋੜਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਪੰਜਾਬ ਦੇ ਹਰ ਆਮ ਇਨਸਾਨ ਦਾ ਫ਼ਰਜ਼ ਬਣਦਾ ਹੈ ਕਿ ਉਹ ਵੋਟਾਂ ਮੰਗਣ ਆਏ ਇਨ੍ਹਾਂ ਰਿਵਾਇਤੀ ਪਾਰਟੀਆਂ ਦੇ ਲੀਡਰਾਂ ਨੂੰ ਸਵਾਲ ਕਰਨ ਅਤੇ ਪੰਜਾਬ ਸਿਰ ਚੜ੍ਹੇ ਤਿੰਨ ਲੱਖ ਕਰੋੜ ਦੇ ਕਰਜ਼ੇ ਦਾ ਹਿਸਾਬ ਮੰਗਣ।