ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦਾ ਸਾਥ ਜ਼ਰੂਰੀ: ਵਿਧਾਇਕ
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਨਜ਼ਦੀਕੀ ਪਿੰਡ ਡਹਿਰ, ਮੁੰਡੀਆਂ, ਦੁੱਗਰੀ, ਰੋਲੂਮਾਜਰਾ, ਮਕੜੌਨਾ ਕਲਾਂ ਅਤੇ ਮਕੜੌਨਾ ਖੁਰਦ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਜਨ ਸਭਾਵਾਂ ਵਿੱਚ ਸ਼ਿਰਕਤ ਕਰ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਗਿਆ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਇਸ ਜੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨਸ਼ੇ ਨਾਲ ਪੀੜਤ ਵਿਅਕਤੀਆਂ ਨਾਲ ਹਮਦਰਦੀ ਭਰਿਆ ਵਰਤਾਰਾ ਰੱਖ ਰਹੀ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦਾ ਇਲਾਜ ਨਸ਼ਾ ਛਡਾਊ ਕੇਂਦਰਾਂ ਵਿੱਚ ਬਿਲਕੁਲ ਮੁਫ਼ਤ ਕਰਵਾਇਆ ਜਾ ਰਿਹਾ ਹੈ। ਉੱਥੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਿਹਤ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਤੁਹਾਡੇ ਪਿੰਡ ਵਿੱਚ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਪਿੰਡ ਵਾਸੀ ਉਨ੍ਹਾਂ ਨੂੰ ਜਾਂ ਫਿਰ ਪੁਲੀਸ ਪ੍ਰਸ਼ਾਸਨ ਨੂੰ ਸੂਚਨਾ ਦੇਣ। ਇਸ ਮੌਕੇ ਡੀਐੱਸਪੀ ਮਨਜੀਤ ਸਿੰਘ ਔਲਖ, ਬੀਡੀਪੀਓ ਅਜੈਬ ਸਿੰਘ, ਥਾਣਾ ਮੁਖੀ ਗੁਰਪ੍ਰੀਤ ਸਿੰਘ, ਸਿਆਸੀ ਸਕੱਤਰ ਜਗਤਾਰ ਸਿੰਘ ਘੜੂੰਆ ਅਤੇ ਪ੍ਰਸ਼ੋਤਮ ਸਿੰਘ ਮਾਹਲ ਆਦਿ ਹਾਜ਼ਰ ਸਨ।