ਲੋਕਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣ: ਕਟਾਰੀਆ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਦੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਬੇੜਾ ਕਰਨ ਅਤੇ ਜਨਤਾ ਤੇ ਪ੍ਰਸ਼ਾਸਨ ਦਰਮਿਆਨ ਸਿੱਧੇ ਸੰਚਾਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਪੁਲਾਂਘ ਪੁੱਟਦਿਆਂ ਹਰ ਬੁੱਧਵਾਰ ਦੀ ਤਰ੍ਹਾਂ ਅੱਜ ਯੂਟੀ ਸਕੱਤਰੇਤ ਵਿੱਚ ਜਨਤਾ ਦਰਬਾਰ ਲਗਾਇਆ ਗਿਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਪਹੁੰਚ ਪ੍ਰਸ਼ਾਸਕ ਮੂਹਰੇ ਆਪਣੀਆਂ ਸਮੱਸਿਆਵਾਂ ਰੱਖੀਆਂ।
ਯੂਟੀ ਦੇ ਪ੍ਰਸ਼ਾਸਕ ਨੇ ਜਨਤਾ ਦਰਬਾਰ ਵਿੱਚ ਪਹੁੰਚੇ ਹਰੇਕ ਵਿਅਕਤੀ ਦੀ ਗੱਲ ਸੁਣੀ ਅਤੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਬੇੜਾ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਕਟਾਰੀਆ ਨੇ ਜਨਤਾ ਦਰਬਾਰ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪਿਛਲੇ ਸਮੇਂ ਦੌਰਾਨ ਲੋਕਾਂ ਵੱਲੋਂ ਉਨ੍ਹਾਂ ਸਾਹਮਣੇ ਪੇਸ਼ ਕੀਤੀਆਂ ਗਈਆਂ ਸਮੱਸਿਆਵਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜਨਤਾ ਦਰਬਾਰ ਦਾ ਉਦੇਸ਼ ਸਿਰਫ਼ ਲੋਕਾਂ ਦੀਆਂ ਮੁਸ਼ਕਲਾਂ ਸੁਣਨਾ ਨਹੀਂ ਹੈ, ਬਲਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੇਜ਼ੀ ਨਾਲ ਹੱਲ ਕਰਨਾ ਹੈ।
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਨੇ ਕਿਹਾ ਕਿ ਉਨ੍ਹਾਂ ਵੱਲੋਂ ਯੂਟੀ ਸਕੱਤਰੇਤ ਵਿੱਚ ਅਜਿਹੇ ਜਨਤਾ ਦਰਬਾਰ ਭਵਿੱਖ ਵਿੱਚ ਵੀ ਲਗਾਏ ਜਾਣਗੇ ਤਾਂ ਜੋ ਚੰਡੀਗੜ੍ਹ ਦੇ ਨਾਗਰਿਕ ਆਪਣੀ ਗੱਲ ਸਿੱਧੇ ਢੰਗ ਨਾਲ ਸਰਬਉੱਚ ਦਫ਼ਤਰ ਤੱਕ ਪਹੁੰਚਾ ਸਕਣ।
