ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 20 ਜੁਲਾਈ
ਇੱਥੋਂ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਮੰਗਲਵਾਰ ਨੂੰ 44ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਅੱਜ ਪੈਰੀਫੇਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਦੇ ਪ੍ਰਧਾਨ ਬਲਵਿੰਦਰ ਸਿੰਘ ਬੀੜ, ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਜਗੀਰ ਸਿੰਘ ਕੰਬਾਲਾ, ਦਲਜੀਤ ਸਿੰਘ ਮਨਾਣਾ, ਸੁਰਿੰਦਰ ਸਿੰਘ ਬਰਿਆਲੀ ਭੁੱਖ ਹੜਤਾਲ ’ਤੇ ਬੈਠੇ। ਇਸੇ ਦੌਰਾਨ ਕਿਸਾਨ ਸਮਰਥਕਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਲਜਿੰਦਰ ਸਿੰਘ ਭਾਗੋਮਾਜਰਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਹਿੰਮਤ ਅਤੇ ਏਕਤਾ ਨੂੰ ਨਹੀਂ ਤੋੜ ਸਕਦੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਜ਼ਿੱਦ ਛੱਡ ਕੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨਾਂ ਨਾਲ ਵਿਗਾੜ ਕੇ ਕੋਈ ਵੀ ਸਿਆਸੀ ਧਿਰ ਕਾਮਯਾਬ ਨਹੀਂ ਹੋ ਸਕਦੀ। ਆਗੂਆਂ ਨੇ ਕਿਹਾ ਕਿ ਪਿਛਲੇ ਸੱਤ ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਨੇ ਹੁਕਮਰਾਨਾਂ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਈ ਜਾਵੇ। ਉਨ੍ਹਾਂ ਦੁਹਰਾਇਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਰੇਕ ਨਾਗਰਿਕ ਨੂੰ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਦੀ ਲੋੜ ਹੈ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਸੱਜਣ ਸਿੰਘ, ਜਸਵੀਰ ਸਿੰਘ ਨਰੈਣਾ, ਮਿੰਦਰ ਸਿੰਘ ਸੋਹਾਣਾ, ਕੁਲਵਿੰਦਰ ਸਿੰਘ, ਜਗਤਾਰ ਸਿੰਘ, ਗੁਰਉਪਦੇਸ਼ ਸਿੰਘ ਸਰਪੰਚ, ਹਰਜੰਗ ਸਿੰਘ, ਸੁਖਵਿੰਦਰ ਸਿੰਘ ਬਾਸੀਆਂ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਦਵਿੰਦਰ ਸਿੰਘ ਬੌਬੀ ਨੇ ਵੀ ਸੰਬੋਧਨ ਕੀਤਾ।