ਬਨੂੜ ਖੇਤਰ ਦੀਆਂ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਨੂੰ ਜੁੜਨਗੇ ਪੱਕੇ ਸ਼ੈੱਡ
ਮਾਰਕੀਟ ਕਮੇਟੀ ਬਨੂੜ ਅਧੀਨ ਆਉਂਦੀਆਂ ਮੰਡੀਆਂ ਖੇੜਾ ਗੱਜੂ ਅਤੇ ਮਾਣਕਪੁਰ, ਖਰੀਦ ਕੇਂਦਰ ਖੇੜੀ ਗੁਰਨਾ ਅਤੇ ਜਲਾਲਪੁਰ ਵਿੱਚ 32 ਲੱਖ ਰੁਪਏ ਦੀ ਲਾਗਤ ਨਾਲ ਟੀਨਾਂ ਦੇ ਪੱਕੇ ਸ਼ੈੱਡ ਬਣਾਏ ਜਾਣਗੇ।
ਮਾਰਕੀਟ ਕਮੇਟੀ ਬਨੂੜ ਦੇ ਚੇਅਰਮੈਨ ਜਸਵੀਰ ਸਿੰਘ ਚੰਦੂਆ ਨੇ ਦੱਸਿਆ ਕਿ ਮੰਡੀਕਰਨ ਬੋਰਡ ਵੱਲੋਂ ਇਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਡੀਆਂ ਵਿੱਚ ਆਉਣ ਵਾਲੀ ਫ਼ਸਲ ਦੀ ਸਾਂਭ ਸੰਭਾਲ ਲਈ ਟੀਨਾਂ ਦੇ ਪੱਕੇ ਸ਼ੈੱਡਾਂ ਦੀ ਉਸਾਰੀ ਦਾ ਕੰਮ ਜਲਦੀ ਆਰੰਭ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਉੱਤੇ 32 ਲੱਖ ਰੁਪਏ ਦੀ ਲਾਗਤ ਆਵੇਗੀ।
ਚੇਅਰਮੈਨ ਨੇ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੀ ਇਹ ਪਿਛਲੇ ਲੰਮੇ ਸਮੇਂ ਤੋਂ ਮੰਗ ਚਲੀ ਆ ਰਹੀ ਸੀ, ਜਿਸ ਨੂੰ ਮੌਜੂਦਾ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ੈੱਡਾਂ ਦੀ ਉਸਾਰੀ ਦਾ ਕੰਮ ਜਲਦੀ ਹੀ ਆਰੰਭ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹੋ ਗਏ ਹਨ ਅਤੇ 16 ਸਤੰਬਰ ਨੂੰ ਸਰਕਾਰੀ ਖਰੀਦ ਆਰੰਭ ਹੋ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੁੱਕਾ ਹੋਇਆ ਝੋਨਾ ਲੈ ਕੇ ਆਉਣ ਤਾਂ ਕਿ ਫ਼ਸਲ ਵੇਚਣ ਵਿਚ ਕੋਈ ਦਿੱਕਤ ਨਾ ਆਵੇ।