ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 15 ਅਕਤੂਬਰ
ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਮੁਤਾਬਕ ਸਕੂਲ ਤੇ ਕੋਚਿੰਗ ਸੈਂਟਰ ਗਰੇਡਿਡ ਮੈਨਰ ’ਚ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸਕੂਲ ਤੇ ਕੋਚਿੰਗ ਸੈਂਟਰ ਖੋਲ੍ਹਣ ਸਬੰਧੀ ਸ਼ਰਤਾਂ ਹਨ ਕਿ ਆਨਲਾਈਨ ਜਾਂ ਡਿਸਟੈਂਸ ਲਰਨਿੰਗ ਪੜ੍ਹਾਈ ਨੂੰ ਹੀ ਤਰਜੀਹ ਦਿੱਤੀ ਜਾਵੇ ਤੇ ਇਸ ਨੂੰ ਉਤਸ਼ਾਹਿਤ ਕੀਤਾ ਜਾਵੇ। 9ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਹੀ ਸਕੂਲ ਜਾ ਸਕਦੇ ਹਨ, ਉਹ ਵੀ ਹਰ ਇੱਕ ਵਿਦਿਆਰਥੀ ਦੇ ਮਾਪਿਆਂ ਦੀ ਸਹਿਮਤੀ ਦੇ ਨਾਲ ਅਤੇ ਸਕੂਲ ਵਿੱਚ ਹਾਜ਼ਰੀ ਲਾਜ਼ਮੀ ਨਹੀਂ ਹੈ। ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਖਿਡਾਰੀਆਂ ਲਈ ਸਵੀਮਿੰਗ ਪੂਲ ਯੁਵਕ ਮਾਮਲੇ ਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਜਾਰੀ ਐੱਸ.ਓ.ਪੀ. ਜਾਂ ਸ਼ਰਤਾਂ ਮੁਤਾਬਕ ਖੋਲ੍ਹੇ ਗਏ ਹਨ।
ਸਕੂਲ ਛੱਡਣ ਦਾ ਸਰਟੀਫਿਕੇਟ ਪ੍ਰਾਪਤ ਕਰਨਾ ਹੋਵੇਗਾ ਆਸਾਨ
ਐੱਸ.ਏ.ਐੱਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ) :ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਸਕੂਲ ਛੱਡਣ ਦਾ ਸਰਟੀਫਿਕੇਟ ਮੁਹੱਈਆ ਕਰਵਾਉਣ ਦੀ ਵਿਧੀ ਨੂੰ ਸੁਖਾਲਾ ਬਣਾ ਦਿੱਤਾ ਹੈ, ਜਿਸ ਕਰ ਕੇ ਵਿਦਿਆਰਥੀਆਂ ਨੂੰ ਹੁਣ ਇਹ ਸਰਟੀਫਿਕੇਟ ਪ੍ਰਾਪਤ ਕਰਨ ਲਈ ਵਾਰ ਵਾਰ ਸਕੂਲਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸੁਖਾਲਾ ਬਣਾਉਣ ਲਈ ਵਿਭਾਗ ਨੇ ਇੱਕ ਆਨਲਾਈਨ ਪੋਰਟਲ ਤਿਆਰ ਕੀਤਾ ਹੈ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਨਿਰਦੇਸ਼ ਦਿੱਤੇ ਗਏ ਹਨ ਕਿ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਦਾ ਸੁਪਰਡੈਂਟ ਇਸ ਨਵੇਂ ਤਿਆਰ ਕੀਤੇ ਪੋਰਟਲ ’ਤੇ ਲਾਗਇੰਨ ਕਰ ਕੇ ਸਕੂਲ ਤੋਂ ਆਨਲਾਈਨ ਪ੍ਰਾਪਤ ਟਰਾਂਸਫ਼ਰ ਸਰਟੀਫਿਕੇਟ ਦੀ ਕਾਪੀ ਦਾ ਪ੍ਰਿੰਟ ਲੈ ਕੇ ਦੋ ਘੰਟੇ ਦੇ ਅੰਦਰ ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਹਸਤਾਖ਼ਰ ਕਰਵਾ ਕੇ ਸਬੰਧਤ ਨੂੰ ਦੇਵੇਗਾ। ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੋਰਟਲ ’ਤੇ ਸਰਟੀਫਿਕੇਟ ਅਪਲੋਡ ਕਰਨ ਤੋਂ ਪਹਿਲਾਂ ਸਬੰਧਤ ਵਿਦਿਆਰਥੀ ਦੇ ਵੇਰਵਿਆਂ ਦਾ ਮਿਲਾਨ ਚੰਗੀ ਤਰ੍ਹਾਂ ਸਕੂਲ ਦੇ ਦਾਖਲਾ ਖ਼ਾਰਜ ਰਜਿਸਟਰ ਨਾਲ ਕਰਨ।