ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 31 ਅਕਤੂਬਰ
ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਮੁਹਾਲੀ ਨਗਰ ਨਿਗਮ ਦੀਆਂ ਨਿਰਧਾਰਿਤ ਸਮੇਂ ਤੋਂ ਪਛੜ ਕੇ ਹੋਣ ਵਾਲੀਆਂ ਆਮ ਚੋਣਾਂ ਲਈ ਸ਼ਹਿਰ ਦੀ ਨਵੀਂ ਵਾਰਡਬੰਦੀ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਅਕਾਲੀ ਦਲ ਦੇ ਕਈ ਸਾਬਕਾ ਕੌਂਸਲਰਾਂ ਨੇ ਉੱਚ ਅਦਾਲਤ ਵਿੱਚ ਦਾਇਰ ਕੀਤੀ ਸਾਂਝੀ ਪਟੀਸ਼ਨ ਵਿੱਚ ਹੁਕਮਰਾਨਾਂ ’ਤੇ ਅਕਾਲੀ ਦਲ ਅਤੇ ਭਾਜਪਾ ਦੇ ਸਾਬਕਾ ਕੌਂਸਲਰਾਂ ਦੇ ਮੌਜੂਦਾ ਵਾਰਡਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਇਆ ਹੈ। ਇਸ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ।
ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ ਅਤੇ ਹੋਰਨਾਂ ਨੇ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਵਿੱਚ ਕਿਹਾ ਹੈ ਕਿ ਮੁਹਾਲੀ ਦੀ ਨਵੇਂ ਸਿਰਿਓਂ ਵਾਰਡਬੰਦੀ ਦੀ ਆੜ ਵਿੱਚ ਅਧਿਕਾਰੀਆਂ ਨੇ ਹੁਕਮਰਾਨਾਂ ਦੇ ਆਖੇ ਲੱਗ ਕੇ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਫਾਇਦਾ ਦੇਣ ਲਈ ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧਤ ਕਈ ਸਾਬਕਾ ਕੌਂਸਲਰਾਂ ਦੇ ਵਾਰਡਾਂ ਦੇ ਮੌਜੂਦਾ ਖੇਤਰਫਲ ਨੂੰ ਤੋੜ-ਮਰੋੜ ਦਿੱਤਾ ਹੈ ਅਤੇ ਕਈ ਪੁਰਸ਼ ਵਾਰਡਾਂ ਨੂੰ ਔਰਤਾਂ ਲਈ ਰਾਖਵਾਂ ਕੀਤਾ ਗਿਆ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸ਼ਹਿਰ ਦੀ ਹੱਦਬੰਦੀ ਵਿੱਚ ਕੋਈ ਵਾਧਾ ਨਾ ਕੀਤੇ ਜਾਣ ਕਾਰਨ ਇਸ ਵਾਰ ਡੀ-ਲਿਮੀਟੇਸ਼ਨ ਦੀ ਲੋੜ ਹੀ ਨਹੀਂ ਸੀ ਅਤੇ ਸਿਰਫ਼ ਰੀ-ਐਡਜਸਟਮੈਂਟ ਹੀ ਕੀਤੀ ਜਾਣੀ ਸੀ ਜਿਸ ਦੇ ਤਹਿਤ ਵਾਰਡ ਨੰਬਰ-1 ਦੀ ਸ਼ੁਰੂਆਤ ਪਿਛਲੀ ਵਾਰਡਬੰਦੀ ਅਨੁਸਾਰ ਹੀ ਹੋਣੀ ਸੀ ਪਰ ਸਿਆਸੀ ਹਿੱਤਾਂ ਨੂੰ ਮੁੱਖ ਰੱਖਦਿਆਂ ਐਤਕੀਂ ਵਾਰਡਬੰਦੀ ਦੀ ਨੰਬਰਿੰਗ ਦੀ ਸ਼ੁਰੂਆਤ ਕਥਿਤ ਤੌਰ ’ਤੇ ਬੇਤਰਬੀਤ ਢੰਗ ਨਾਲ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹੁਕਮਰਾਨਾਂ ਵੱਲੋਂ ਨਵੀਂ ਵਾਰਡਬੰਦੀ ਸਬੰਧੀ ਜੋ ਪ੍ਰਕਿਰਿਆ ਅਪਣਾਈ ਗਈ ਹੈ ਉਹ ਮੁੱਢੋਂ ਹੀ ਗਲਤ ਹੈ। ਵਾਰਡਬੰਦੀ ਬੋਰਡ ਵਿੱਚ ਨਿਗਮ ਦੇ ਸਾਬਕਾ ਮੇਅਰ, ਸਾਬਕਾ ਸੀਨੀਅਰ ਡਿਪਟੀ ਮੇਅਰ ਜਾਂ ਸਾਬਕਾ ਡਿਪਟੀ ਮੇਅਰ ’ਚੋਂ ਕਿਸੇ ਇਕ ਨੂੰ ਮੈਂਬਰ ਬਣਾਉਣਾ ਜ਼ਰੂਰੀ ਹੁੰਦਾ ਹੈ ਪਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਛੋਟੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਕਾਂਗਰਸ ਦੇ ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਨੂੰ ਗੈਰ-ਸਰਕਾਰੀ ਮੈਂਬਰ ਬਣਾਇਆ ਗਿਆ ਹੈ। ਸਾਬਕਾ ਕੌਂਸਲਰਾਂ ਨੇ ਕਿਹਾ ਕਿ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 18 ਅਗਸਤ 2015 ਨੂੰ ਹੋਈ ਸੀ ਅਤੇ ਉਨ੍ਹਾਂ ਦਾ ਕਾਰਜਕਾਲ 17 ਅਗਸਤ 2020 ਤੱਕ ਦਾ ਬਣਦਾ ਸੀ ਪਰ ਰਾਜ ਸਰਕਾਰ ਨੇ ਕਾਫੀ ਸਮਾਂ ਪਹਿਲਾਂ ਹੀ ਨਗਰ ਨਿਗਮ ਨੂੰ ਭੰਗ ਕਰ ਦਿੱਤਾ ਅਤੇ ਜੁਲਾਈ ਵਿੱਚ ਵਾਰਡਬੰਦੀ ਬੋਰਡ ਦਾ ਗਠਨ ਕੀਤਾ ਗਿਆ। ਪਟੀਸ਼ਨ ਵਿੱਚ ਮੰਗ ਕੀਤੀ ਗਈ ਕਿ ਨਵੀਂ ਵਾਰਡਬੰਦੀ ਨੂੰ ਮੁੱਢੋਂ ਰੱਦ ਕਰਕੇ ਨਵੇਂ ਸਿਰਿਓਂ ਵਾਰਡਬੰਦੀ ਕੀਤੀ ਜਾਵੇ ਤਾਂ ਜੋ ਨਿਰਪੱਖ ਢੰਗ ਨਾਲ ਚੋਣਾਂ ਦਾ ਅਮਲ ਨੇਪਰੇ ਚੜ੍ਹ ਸਕੇ।
ਵਾਰਡਬੰਦੀ ਪਾਰਦਰਸ਼ੀ ਢੰਗ ਨਾਲ ਕੀਤੀ: ਸਿੱਧੂ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਅਕਾਲੀ ਦਲ ਨਿਗਮ ਚੋਣਾਂ ਤੋਂ ਪਹਿਲਾਂ ਹੀ ਬੁਖਲਾਹਟ ਵਿੱਚ ਆ ਕੇ ਦੂਸ਼ਣਬਾਜ਼ੀ ’ਤੇ ਉਤਾਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਟੀਮਾਂ ਨੇ ਸ਼ਹਿਰ ਵਿੱਚ ਘਰ-ਘਰ ਜਾ ਕੇ ਕੀਤੇ ਸਰਵੇ ਮੁਤਾਬਕ ਮੁਹਾਲੀ ਦੀ ਨਵੀਂ ਵਾਰਡਬੰਦੀ ਬਣਾਈ ਹੈ ਅਤੇ ਇਸ ਕੰਮ ਨੂੰ ਬਹੁਤ ਹੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਵਾਰਡਬੰਦੀ ਦਾ ਨਕਸ਼ਾ ਲੋਕਾਂ ਦੇ ਦੇਖਣ ਲਈ ਜਨਤਕ ਕੀਤਾ ਗਿਆ ਹੈ ਅਤੇ ਇਤਰਾਜ਼ ਮਿਲਣ ਤੋਂ ਬਾਅਦ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਅਕਾਲੀ ਦਲ ਤੇ ਭਾਜਪਾ ਨਿਗਮ ਚੋਣਾਂ ਲਈ ਤਿਆਰ: ਬੈਦਵਾਨ
ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਅਤੇ ਭਾਜਪਾ ਆਗੂ ਅਰੁਣ ਸ਼ਰਮਾ ਨੇ ਕਿਹਾ ਕਿ ਉਹ ਚੋਣਾਂ ਤੋਂ ਨਹੀਂ ਡਰਦੇ ਹਨ। ਅਕਾਲੀ ਦਲ ਅਤੇ ਭਾਜਪਾ ਨਗਰ ਨਿਗਮ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਨਵੀਂ ਵਾਰਡਬੰਦੀ ਦੌਰਾਨ ਅਕਾਲੀ ਦਲ ਅਤੇ ਭਾਜਪਾ ਦੇ ਸਾਬਕਾ ਕੌਂਸਲਰਾਂ ਦੇ ਵਾਰਡਾਂ ਦੀ ਜਿਸ ਤਰ੍ਹਾਂ ਭੰਨਤੋੜ ਕੀਤੀ ਗਈ ਹੈ, ਉਸ ਨਾਲ ਲੋਕਾਂ ਵਿੱਚ ਵਖਰੇਵਾਂ ਪੈਦਾ ਹੋ ਰਿਹਾ ਹੈ।