ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 4 ਸਤੰਬਰ
ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਕੁੰਭੜਾ ਵਿੱਚ ਦੂਸ਼ਿਤ ਪਾਣੀ ਦੀ ਸਪਲਾਈ ਖ਼ਿਲਾਫ਼ ਲੋਕ ਸੜਕਾਂ ’ਤੇ ਉਤਰ ਆਏ ਹਨ। ਇੱਥੇ ਅੱਜ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਜਲ ਸਪਲਾਈ ਵਿਭਾਗ ਦਾ ਪਿੱਟ ਸਿਆਪਾ ਕਰਦਿਆਂ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਬੀਬੀ ਗੁਰਨਾਮ ਕੌਰ, ਪਰਮਜੀਤ ਕੌਰ, ਕਰਮਜੀਤ ਕੌਰ ਅਤੇ ਹੋਰਨਾਂ ਮਹਿਲਾਵਾਂ ਨੇ ਕਿਹਾ ਕਿ ਪਿਛਲੇ ਕਾਫੀ ਦਿਨਾਂ ਤੋਂ ਘਰਾਂ ਵਿੱਚ ਗੰਦੇ ਪਾਣੀ ਦੀ ਸਪਲਾਈ ਹੋ ਰਹੀ ਹੈ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦਾ ਗੰਦਾ ਪਾਣੀ ਮਿਕਸ ਹੋ ਰਿਹਾ ਹੈ ਜਿਸ ਕਰ ਕੇ ਪਿੰਡ ਵਾਸੀ ਪੇਟ ਦੀਆਂ ਬਿਮਾਰੀਆਂ ਤੋਂ ਪੀੜਤ ਹਨ। ਇਸ ਸਬੰਧੀ ਇਲਾਜ ਕਰਵਾਉਣ ਜਾਣ ’ਤੇ ਡਾਕਟਰ ਕਹਿੰਦੇ ਹਨ ਕਿ ਗੰਦੇ ਪਾਣੀ ਕਾਰਨ ਇਹ ਸਮੱਸਿਆ ਪੇਸ਼ ਆ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਨਗਰ ਨਿਗਮ ਅਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀ ਇਸ ਪਾਸੇ ਧਿਆਨ ਨਹੀਂ ਦੇ ਰਹੇ ਹਨ, ਜਿਸ ਕਾਰਨ ਪਿੰਡ ਵਿੱਚ ਬਿਮਾਰੀ ਫੈਲਣ ਦਾ ਖ਼ਦਸ਼ਾ ਹੈ। ਪਿੰਡ ਦੀਆਂ ਔਰਤਾਂ ਨੇ ਘਰਾਂ ਵਿੱਚ ਸਪਲਾਈ ਹੋ ਰਹੇ ਦੂਸ਼ਿਤ ਪਾਣੀ ਦੀਆਂ ਬੋਤਲਾਂ ਮੀਡੀਆ ਨੂੰ ਦਿਖਾਉਂਦਿਆਂ ਪੰਜਾਬ ਸਰਕਾਰ ਤੇ ਜਲ ਸਪਲਾਈ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਪਿੱਟ ਸਿਆਪਾ ਕੀਤਾ।
ਇਸ ਮੌਕੇ ਬਲਵਿੰਦਰ ਸਿੰਘ ਕੁੰਭੜਾ ਨੇ ਪਿੰਡ ਵਾਸੀਆਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਛੇ-ਛੇ ਗਰੰਟੀਆਂ ਦਿੱਤੀਆਂ ਸਨ ਪ੍ਰੰਤੂ ਅਜੋਕੇ ਸਮੇਂ ਵਿੱਚ ਲੋਕਾਂ ਨੂੰ ਲੋੜ ਅਨੁਸਾਰ ਬਿਜਲੀ ਪਾਣੀ ਵੀ ਨਹੀਂ ਮਿਲ ਰਿਹਾ ਹੈ ਅਤੇ ਸਫ਼ਾਈ ਵਿਵਸਥਾ ਦਾ ਵੀ ਕਾਫ਼ੀ ਮਾੜਾ ਹਾਲ ਹੈ। ਉਨ੍ਹਾਂ ਮੰਗ ਕੀਤੀ ਕਿ ਪਾਣੀ ਦੇ ਸੈਂਪਲ ਲੈ ਕੇ ਜਾਂਚ ਕਰਵਾਈ ਜਾਵੇ ਅਤੇ ਘਰਾਂ ਵਿੱਚ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਸੋਨੀਆ ਰਾਣੀ, ਮਨਦੀਪ ਕੌਰ, ਬਲਜਿੰਦਰ ਸਿੰਘ, ਜਗਦੀਪ ਸਿੰਘ, ਮਨਦੀਪ ਸਿੰਘ, ਅਵਤਾਰ ਸਿੰਘ ਮੱਕੜਿਆ, ਅਵਤਾਰ ਸਿੰਘ ਭਰਤਪੁਰ, ਕਮਲਪ੍ਰੀਤ ਸਿੰਘ, ਗੁਰਿੰਦਰ ਸਿੰਘ, ਜੈਲੋ, ਆਸ਼ਾ, ਭਾਗ ਸਿੰਘ, ਗੁਰਸੇਵਕ ਸਿੰਘ ਤੇ ਬੰਟੀ ਕੁੰਭੜਾ ਆਦਿ ਵੀ ਹਾਜ਼ਰ ਸਨ।