ਸਰਕਾਰ ਦੀਆਂ ਨਿੱਜੀਕਰਨ ਨੀਤੀਆਂ ਵਿਰੁੱਧ ਸੰਘਰਸ਼ ਦਾ ਅਹਿਦ
ਟੀ ਐੱਸ ਯੂ ਨੇ ਬਠਿੰਡਾ ਥਰਮਲ ਕਲੋਨੀ ਦੀ ਜ਼ਮੀਨ ਵਿਕਣੋਂ ਰੋਕਣ ਲਈ ਕਿਸਾਨ ਜਥੇਬੰਦੀਆਂ ਤੋਂ ਸਹਿਯੋਗ ਮੰਗਿਆ
ਪਾਵਰਕੌਮ ਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਕਨਵੈਨਸ਼ਨ ਗੁਰਬਖਸ਼ ਸਿੰਘ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਥੇਬੰਦਕ ਚੋਣਾਂ ਅਤੇ ਸੰਘਰਸ਼ ਪ੍ਰੋਗਰਾਮਾਂ ਬਾਰੇ ਵਿਚਾਰ ਕੀਤੀ ਗਈ। ਇਸ ਮੌਕੇ ਜਗਤਾਰ ਸਿੰਘ ਖੁੰਡਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਚੰਦਰ ਪ੍ਰਕਾਸ਼ ਸ਼ਰਮਾ ਮੀਤ ਪ੍ਰਧਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਇਸ ਮੌਕੇ ਕੇਂਦਰ ਵੱਲੋਂ ਲਿਆਂਦੇ ਗਏ ਸੀਡ ਬਿੱਲ 2025 ਨੂੰ ਰੱਦ ਕਰਾਉਣ ਅਤੇ ਕਿਰਤ ਕਾਨੂੰਨਾਂ ਨੂੰ ਬਹਾਲ ਕਰਵਾਉਣ ਲਈ ਜ਼ੋਰ ਦਿੱਤਾ ਗਿਆ। ਬੁਲਾਰਿਆਂ ਨੇ ਸਾਮਰਾਜੀ ਦਿਸ਼ਾ ਨਿਰਦੇਸ਼ਤ ਨੀਤੀਆਂ ਨੂੰ ਲਾਗੂ ਕਰਨ ਲਈ ਕੇਦਰ ਅਤੇ ਪੰਜਾਬ ਸਰਕਾਰ ਦੀ ਤਿੱਖੀ ਨੁਕਤਾਚੀਨੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਐਕਟ 2003 ਅਤੇ 2025 ਲਾਗੂ ਕਰਦਿਆਂ ਬਿਜਲੀ ਕਾਰਪੋਰੇਸ਼ਨ ਦਾ ਨਿੱਜੀਕਰਨ ਤੇਜ਼ ਕੀਤਾ ਹੋਇਆ ਹੈ। ਆਗੂਆਂ ਨੇ ਪੰਜਾਬ ਦੇ ਸਮੂਹ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਨਿੱਜੀਕਰਣ ਦੇ ਇਸ ਤਬਾਹਕੁੰਨ ਹੱਲੇ ਵਿਰੁੱਧ ਵਿਸ਼ਾਲ, ਸਾਂਝੇ, ਲੰਬੇ ਅਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇ। ਉਨ੍ਹਾਂ ਵੱਖ-ਵੱਖ ਜਥੇਬੰਦੀਆਂ ਵਿੱਚ ਵੰਡੇ ਹੋਏ ਬਿਜਲੀ ਮੁਲਾਜ਼ਮਾਂ ਨੂੰ ਤੇ ਭਰਾਤਰੀ ਜਥੇਬੰਦੀਆਂ ਨੂੰ ਇੱਕ ਸਾਂਝੇ ਸੰਘਰਸ਼ ਦੇ ਪਲੇਟਫਾਰਮ ’ਤੇ ਇਕੱਠੇ ਕਰਨ ਦੀ ਅਹਿਮ ਲੋੜ ਤੇ ਵੀ ਜ਼ੋਰ ਦਿੱਤਾ। ਆਗੂਆਂ ਨੇ ਸਮੂਹ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਨਿੱਜੀਕਰਨ ਦੀ ਨੀਤੀ ਤਹਿਤ ਬਠਿੰਡਾ ਥਰਮਲ ਕਲੋਨੀ ਦੀ ਜ਼ਮੀਨ ਵੇਚਣ ਦੇ ਵਿਰੋਧ ਵਿੱਚ ਹੋ ਰਹੇ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕੀਤੀ ਜਾਵੇ। ਉਨ੍ਹਾਂ ਨੇ ਮੁਲਾਜ਼ਮ ਅਤੇ ਪੈਨਸ਼ਨਰਾਂ ਦਾ 18 ਪ੍ਰਤੀਸ਼ਤ ਡੀ ਏ ਤੇ ਬਣਦਾ ਬਕਾਇਆ ਦੇਣ ਦੀ ਵੀ ਮੰਗ ਕੀਤੀ।

