ਆਤਿਸ਼ ਗੁਪਤਾ
ਚੰਡੀਗੜ੍ਹ, 15 ਅਕਤੂਬਰ
ਪੰਜਾਬ ਯੂਨੀਵਰਸਿਟੀ ਵਿੱਚ 18 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਦਿਆਰਥੀ ਕੌਂਸਲ ਚੋਣਾਂ ਲਈ ਪ੍ਰਚਾਰ ਭਖ ਗਿਆ ਹੈ। ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਦੀ ਹਮਾਇਤ ਵਿੱਚ ਵੱਡੀ ਗਿਣਤੀ ਵਿੱਚ ਬਾਹਰੀ ਲੋਕ ਯੂਨੀਵਰਸਿਟੀ ਪਹੁੰਚ ਰਹੇ ਹਨ। ਇਸ ਦੌਰਾਨ ਪੀਯੂ ਕੈਂਪਸ ’ਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਚੰਡੀਗੜ੍ਹ ਪੁਲੀਸ ਨੇ ਯੂਨੀਵਰਸਿਟੀ ’ਚ ਸਖਤੀ ਵਧਾ ਦਿੱਤੀ ਹੈ। ਪੁਲੀਸ ਦੇ ਮੁਲਾਜ਼ਮਾਂ ਨੂੰ ਸਾਰੇ ਗੇਟਾਂ ’ਤੇ ਤਾਇਨਾਤ ਕਰ ਦਿੱਤਾ ਗਿਆ ਹੈ ਤਾਂ ਜੋ ਬਾਹਰੀ ਵਿਅਕਤੀਆਂ ਨੂੰ ਯੂਨੀਵਰਸਿਟੀ ਵਿੱਚ ਦਾਖਲ ਹੋਣ ਤੋਂ ਰੋਕਿਆ ਜਾ ਸਕੇ। ਪੁਲੀਸ ਵੱਲੋਂ ਕੈਂਪਸ ਵਿੱਚ ਹਰ ਦੋ ਘੰਟੇ ਬਾਅਦ ਚੈਕਿੰਗ ਕੀਤੀ ਗਈ। ਇਸ ਮੌਕੇ ਪੁਲੀਸ ਨੇ ਵਿਦਿਆਰਥੀਆਂ ਦੇ ਆਈਡੀ ਕਾਰਡ ਚੈੱਕ ਕੀਤੇ ਅਤੇ ਕੁਝ ਬਾਹਰੀ ਵਿਅਕਤਆਂ ਨੂੰ ਬਾਹਰ ਕੱਢਿਆ ਗਿਆ ਹੈ।
18 ਅਕਤੂਬਰ ਨੂੰ ਹੋਣ ਵਾਲੀਆਂ ਪੀਯੂ ਕੈਂਪਸ ਵਿਦਿਆਰਥੀਆਂ ਕੌਂਸਲ ਚੋਣਾਂ ਵਿੱਚ ਅੱਠ ਜਣੇ ਪ੍ਰਧਾਨਗੀ ਲਈ ਚੋਣ ਮੈਦਾਨ ਵਿੱਚ ਨਿੱਤਰੇ ਹੋਏ ਹਨ। ਇਨ੍ਹਾਂ ਵਿੱਚੋਂ 4 ਜਣੇ ਸਿੱਧੇ ਤੌਰ ’ਤੇ ਰਾਜਨੀਤਕ ਪਾਰਟੀਆਂ ਨਾਲ ਸਬੰਧਤ ਹਨ। ਇਸੇ ਕਰਕੇ ਪੰਜਾਬ ਯੂਨੀਵਰਸਿਟੀ ਰਾਜਸੀ ਅਖਾੜੇ ਦਾ ਰੂਪ ਧਾਰ ਚੁੱਕੀ ਹੈ, ਜਿੱਥੇ ਪੰਜਾਬ ਅਤੇ ਹਰਿਆਣਾ ਦੇ ਵੱਡੀ ਗਿਣਤੀ ਸਿਆਸੀ ਆਗੂ ਆਪਣੇ ਉਮੀਦਵਾਰ ਦੀ ਹਮਾਇਤ ਵਿੱਚ ਪਹੁੰਚ ਰਹੇ ਹਨ।
ਦੂਜੇ ਪਾਸੇ ਸ਼ੁੱਕਰਵਾਰ ਰਾਤ ਨੂੰ ਯੂਨੀਵਰਸਿਟੀ ਦੇ ਹੋਸਟਲ ਵਿੱਚ ਕੀਤੀ ਗਈ ਚੈਕਿੰਗ ਦੌਰਾਨ 50 ਦੇ ਕਰੀਬ ਬਾਹਰੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਉਸ ਘਟਨਾ ਤੋਂ ਬਾਅਦ ਤੋਂ ਹੀ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਹੋਸਟਲਾਂ ਦੀ ਵੀ ਅਚਾਨਕ ਚੈਕਿੰਗ ਕੀਤੀ ਜਾ ਰਹੀ ਹੈ। ਪੁਲੀਸ ਨੇ ਵਿਦਿਆਰਥੀ ਚੋਣਾਂ ਦੇ ਉਮੀਦਵਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਾਹਰੀ ਵਿਅਕਤੀਆਂ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਦਾਖਲ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਵਿੱਚ ਕੋਈ ਬਾਹਰੀ ਵਿਅਕਤੀ ਪਾਇਆ ਗਿਆ ਤਾਂ ਉਸ ਨੂੰ ਹਿਰਾਸਤ ਵਿੱਚ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਹੋਸਟਲ ’ਚ ਪ੍ਰਚਾਰ ਕਰਨ ਤੋਂ ਰੋਕਣ ਦੇ ਦੋਸ਼
ਐੱਸਐੱਫਐੱਸ ਦੀ ਪ੍ਰਧਾਨਗੀ ਦੀ ਉਮੀਦਵਾਰ ਭਵਨਜੋਤ ਕੌਰ ਨੇ ਪੀਯੂ ਕੈਂਪਸ ਦੇ ਅਧਿਕਾਰੀਆਂ ’ਤੇ ਲੜਕੀਆਂ ਦੇ ਹੋਸਟਲ ਨੰਬਰ-3 ਅਤੇ 9 ਵਿੱਚ ਚੋਣ ਪ੍ਰਚਾਰ ਕਰਨ ਤੋਂ ਰੋਕਣ ਦੇ ਦੋਸ਼ ਲਗਾਏ ਹਨ। ਭਵਨਜੋਤ ਕੌਰ ਨੇ ਕਿਹਾ ਕਿ ਉਹ ਹੋਸਟਲ ਵਿੱਚ ਪ੍ਰਚਾਰ ਕਰ ਰਹੀ ਸੀ ਤਾਂ ਵਾਰਡਨ ਨੇ ਬਿਨਾਂ ਕਾਰਨ ਦੱਸੇ ਚੋਣ ਪ੍ਰਚਾਰ ਕਰਨ ਤੋਂ ਰੋਕ ਦਿੱਤਾ। ਇਸ ਬਾਰੇ ਡੀਐੱਸਡਬਲਯੂ ਦਫ਼ਤਰ ਕੋਲ ਵੀ ਸੰਪਰਕ ਕੀਤਾ ਗਿਆ ਹੈ। ਐੱਸਐੱਫਐੱਸ ਦੇ ਆਗੂਆਂ ਨੇ ਕਿਹਾ ਕਿ ਏਬੀਵੀਪੀ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਚੋਣ ਪ੍ਰਚਾਰ ਕਰਨ ਦਿੱਤਾ ਜਾ ਰਿਹਾ ਹੈ ਜਦੋਂ ਕਿ ਐੱਸਐੱਫਐੱਸ ਦੀ ਪ੍ਰਧਾਨਗੀ ਦੀ ਉਮੀਦਵਾਰ ਭਵਨਜੋਤ ਕੌਰ ਨੂੰ ਰੋਕਿਆ ਜਾ ਰਿਹਾ ਹੈ।