ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਅਪਰੈਲ
ਚੰਡੀਗੜ੍ਹ ਪੁਲੀਸ ਨੇ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿੱਚ ਅਪਰਾਧਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਘਰਾਂ ਵਿੱਚ ਰਹਿੰਦੇ ਕਿਰਾਏਦਾਰਾਂ ਅਤੇ ਨੌਕਰਾਂ ਦੀ ਪੁਲੀਸ ਵੈਰੀਫਿਕੇਸ਼ਨ ਕਰਵਾਉਣ ਲਈ ਮੁਹਿੰਮ ਵਿੱਢ ਦਿੱਤੀ ਹੈ। ਪੁਲੀਸ ਨੇ ਅੱਜ ਸ਼ਹਿਰ ਦੇ ਮਨੀਮਾਜਰਾ, ਕਿਸ਼ਨਗੜ੍ਹ, ਇੰਦਰਾ ਕਲੋਨੀ, ਸ਼ਾਸਤਰੀ ਨਗਰ ਅਤੇ ਮੌਲੀ ਜੱਗਰਾਂ ਵਿੱਚ ਵਿਸ਼ੇਸ਼ ਕੈਂਪ ਲਾ ਕੇ ਕਿਰਾਏਦਾਰਾਂ ਦੀ ਪੁਲੀਸ ਵੈਰੀਫਿਕੇਸ਼ਨ ਕੀਤੀ। ਕੈਂਪ ਵਿੱਚ 200 ਤੋਂ ਵੱਧ ਲੋਕਾਂ ਨੇ ਆਪਣੇ ਕਿਰਾਏਦਾਰਾਂ ਅਤੇ ਨੌਕਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਚੰਡੀਗੜ੍ਹ ਪੁਲੀਸ ਵੱਲੋਂ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ ਆਈਜੀ ਓਮਬੀਰ ਬਿਸ਼ਨੋਈ, ਐੱਸਐੱਸਪੀ ਕੁਲਦੀਪ ਸਿੰਘ ਚਹਿਲ, ਐੱਸਪੀ ਸ਼ਹਿਰੀ ਕੇਤਨ ਬਾਂਸਲ, ਮੇਅਰ ਸਰਬਜੀਤ ਕੌਰ, ਕੌਂਸਲਰ ਦਰਸ਼ਨਾ ਦੇਵੀ, ਸੁਮਨ ਦੇਵੀ ਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਅਤੇ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਹਿੱਸਾ ਲਿਆ। ਐੱਸਐੱਸਪੀ ਕੁਲਦੀਪ ਸਿੰਘ ਚਹਿਲ ਨੇ ਸਾਰਿਆਂ ਨੂੰ ਕਿਰਾਏਦਾਰਾਂ ਅਤੇ ਉਨ੍ਹਾਂ ਕੋਲ ਕੰਮ ਕਰਨ ਵਾਲੇ ਨੌਕਰਾਂ ਦੀ ਪੁਲੀਸ ਜਾਂਚ ਕਰਵਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਇਸ ਨਾਲ ਮਾੜੇ ਅਨਸਰਾਂ ’ਤੇ ਨੱਥ ਪਾਈ ਜਾ ਸਕਦੀ ਹੈ ਤਾਂ ਕੋਈ ਵੀ ਅਪਰਾਧਕ ਘਟਨਾ ਵਾਪਰਨ ’ਤੇ ਮੁਲਜ਼ਮਾਂ ਨੂੰ ਤੁਰੰਤ ਕਾਬੂ ਕੀਤਾ ਜਾ ਸਕਦਾ ਹੈ। ਸ੍ਰੀ ਚਹਿਲ ਨੇ ਭਵਿੱਖ ਵਿੱਚ ਵੀ ਲੋਕਾਂ ਨੂੰ ਕਿਰਾਏਦਾਰਾਂ ਦੀ ਜਾਂਚ ਪੁਲੀਸ ਨੂੰ ਦੇਣ ਦੀ ਅਪੀਲ ਕੀਤੀ ਹੈ।
ਇਸ ਮੌਕੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਅਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਵੀ ਆਪਣੀਆਂ ਸਮੱਸਿਆਵਾਂ ਰੱਖੀਆਂ। ਮਨੀਮਾਜਰਾ, ਕਿਸ਼ਨਗੜ੍ਹ, ਇੰਦਰਾ ਕਲੋਨੀ, ਸ਼ਾਸਤਰੀ ਨਗਰ ਅਤੇ ਮੌਲੀ ਜੱਗਰਾਂ ਦੀਆਂ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਨੇ ਪੁਲੀਸ ਨੂੰ ਇਲਾਕੇ ਵਿੱਚ ਗਸ਼ਤ ਵਧਾਉਣ ਦੀ ਮੰਗ ਕੀਤੀ।