ਪੁਲੀਸ ਨੇ ਟਰੈਕਟਰ ਮਾਰਚ ਚੰਡੀਗੜ੍ਹ ਦਾਖ਼ਲ ਹੋਣ ਤੋਂ ਰੋਕਿਆ

ਪੁਲੀਸ ਨੇ ਟਰੈਕਟਰ ਮਾਰਚ ਚੰਡੀਗੜ੍ਹ ਦਾਖ਼ਲ ਹੋਣ ਤੋਂ ਰੋਕਿਆ

ਟਰੈਕਟਰ ਮਾਰਚ ਵਿੱਚ ਕੰਬਾਈਨ ’ਤੇ ਚੜ੍ਹ ਕੇ ਹਿੱਸਾ ਲੈਂਦੇ ਹੋਏ ਕਿਸਾਨ।

ਆਤਿਸ਼ ਗੁਪਤਾ

ਚੰਡੀਗੜ੍ਹ, 18 ਜਨਵਰੀ

ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਦਾ ਅਸਰ ਦੇਸ਼ ਭਰ ਵਿੱਚ ਦਿਖਾਈ ਦੇਣ ਲੱਗਿਆ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਕੱਢੇ ਜਾਣ ਵਾਲੇ ‘ਟਰੈਕਟਰ ਮਾਰਚ ਪਰੇਡ’ ਦੀਆਂ ਤਿਆਰੀਆਂ ਵਜੋਂ ਅੱਜ ਵੱਖ-ਵੱਖ ਥਾਵਾਂ ’ਤੇ ਟਰੈਕਟਰ ਪਰੇਡ ਦੀ ਰਿਹਰਸਲ ਵਜੋਂ ਟਰੈਕਟਰ ਮਾਰਚ ਕੱਢੇ ਗਏ। ਇਸੇ ਲੜੀ ਵਿੱਚ ਅੱਜ ਪੰਜਾਬ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਇਕ ਹਜ਼ਾਰ ਦੇ ਕਰੀਬ ਟਰੈਕਟਰਾਂ ਨਾਲ ਮੁਹਾਲੀ ਤੋਂ ਟਰੈਕਟਰ ਮਾਰਚ ਸ਼ੁਰੂ ਕੀਤਾ ਜੋ ਚੰਡੀਗੜ੍ਹ ਤੱਕ ਕੱਢਿਆ ਗਿਆ।

ਇਹ ਟਰੈਕਟਰ ਮਾਰਚ ਚੰਡੀਗੜ੍ਹ ਸ਼ਹਿਰ ਦੇ ਸੈਕਟਰ-17 ਵਿੱਚੋਂ ਕੱਢਿਆ ਜਾਣਾ ਸੀ ਪਰ ਚੰਡੀਗੜ੍ਹ ਦੇ ਐੱਸਐੱਸਪੀ ਕੁਲਦੀਪ ਸਿੰਘ ਚਹਿਲ ਦੀ ਅਗਵਾਈ ਵਿੱਚ ਪੁਲੀਸ ਅਤੇ ਅਰਧ ਸੈਨਿਕ ਬਲ ਨੇ ਚੰਡੀਗੜ੍ਹ ਵਿੱਚ ਦਾਖਲ ਹੋਣ ਵਾਲੇ ਮੁੱਲਾਂਪੁਰ ਬੈਰੀਅਰ ’ਤੇ ਨਾਕਾ ਲਾ ਕੇ ਟਰੈਕਟਰ ਮਾਰਚ ਸ਼ਹਿਰ ਵਿੱਚ ਦਾਖਲ ਹੋਣ ਤੋਂ ਰੋਕਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਅਤੇ ਪੁਲੀਸ ਵਿਚਕਾਰ ਸਥਿਤੀ ਟਕਰਾਅ ਵਾਲੀ ਬਣ ਗਈ ਸੀ ਪਰ ਪੁਲੀਸ ਅਤੇ ਕਿਸਾਨ ਜਥੇਬੰਦੀਆਂ ਨੇੇ ਆਪਸੀ ਸਹਿਮਤੀ ਨਾਲ ਟਰੈਕਟਰ ਮਾਰਚ ਨੂੰ ਸੈਕਟਰ-17 ਦੀ ਥਾਂ ਪਿੰਡ ਸਾਰੰਗਪੁਰ, ਧਨਾਸ ਤੋਂ ਹੁੰਦਿਆ ਸੈਕਟਰ-38 ਅਤੇ 39 ਤੋਂ ਹੁੰਦਾ ਹੋਇਆ ਮੁੜ ਮੁਹਾਲੀ ਵੱਲ ਚਲਾ ਗਿਆ। ਟਰੈਕਟਰ ਮਾਰਚ ਵਿੱਚ ਕਿਸਾਨ-ਮਜ਼ਦੂਰ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ, ਬਜ਼ੁਰਗਾਂ ਨੇ ਬੱਚਿਆਂ ਸਣੇ ਹਿੱਸਾ ਲਿਆ। ਨੌਜਵਾਨਾਂ ਦਾ ਕਹਿਣਾ ਹੈ ਕਿ ਦਿੱਲੀ ਪਰੇਡ ਵਿੱਚ ਵੀ ਉਹ ਇਸੇ ਤਰ੍ਹਾਂ ਟਰੈਕਟਰ ਅਤੇ ਕੰਬਾਈਨਾਂ ਲੈ ਕੇ ਜਾਣਗੇ। ਦੂਜੇ ਪਾਸੇ ਪੁਲੀਸ ਨੇ ਟਰੈਕਟਰ ਪਰੇਡ ਨੂੰ ਸ਼ਹਿਰ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਲ ਤੋਪਾਂ ਅਤੇ ਅੱਥਰੂ ਗੈਸ ਦੇ ਗੋਲਿਆਂ ਦਾ ਵੀ ਪ੍ਰਬੰਧ ਕੀਤਾ ਹੋਇਆ ਸੀ। ਪੁਲੀਸ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਆਪਸੀ ਸਹਿਮਤੀ ਨਾਲ ਕੋਈ ਟਕਰਾਅ ਹੋਣ ਤੋਂ ਬਚਾਅ ਰਹਿ ਗਿਆ ਹੈ। ਕਿਸਾਨਾਂ ਦੀ ਹਮਾਇਤ ਵਿੱਚ ਕੱਢੇ ਗਏ ਟਰੈਕਟਰ ਮਾਰਚ ਵਿੱਚ ਹਿੱਸਾ ਲੈਣ ਵਾਲੇ ਕਲਕੱਤੇ ਤੋਂ ਆਏ ਲਖਵੀਰ ਸਿੰਘ ਨੇ ਦੱਸਿਆ ਕਿ ਕੇਂਦਰੀ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਬਣਾਏ ਗਏ ਹਨ ਜੋ ਕਿਸਾਨੀ ਨੂੰ ਤਬਾਹ ਕਰ ਦੇਣਗੇ। ਲਖਵੀਰ ਸਿੰਘ ਨੇ ਦੱਸਿਆ ਕਿ ਇਹ ਟਰੈਕਟਰ ਮਾਰਚ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਦੀ ਰਿਹਰਸਲ ਹੈ।

ਮੁੱਲਾਂਪੁਰ ਗਰੀਬਦਾਸ (ਚਰਨਜੀਤ ਸਿੰਘ): ਕੇਂਦਰੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਹਲਕਾ ਖਰੜ ਤੋਂ ਕੁਰਾਲੀ, ਮਾਜਰੀ, ਬਲਾਕ ਟੀ-ਪੁਆਇੰਟ ਮਾਜਰਾ, ਸਿਸਵਾਂ ਰਾਹੀਂ ਹੁੰਦਾ ਹੋਇਆ ਵੱਡੀ ਗਿਣਤੀ ਵਿੱਚ ਟਰੈਕਟਰਾਂ ਦਾ ਕਾਫਲਾ ਪਿੰਡ ਮੁੱਲਾਂਪੁਰ ਗਰੀਬਦਾਸ ਅਤੇ ਚੰਡੀਗੜ੍ਹ ਬੈਰੀਅਰ ਰਾਹੀਂ ਚੰਡੀਗੜ੍ਹ ਵਿੱਚ ਦਾਖਲ ਹੋਣ ਲਈ ਜਦੋਂ ਆਇਆ ਤਾਂ ਅੱਗੇ ਚੰਡੀਗੜ੍ਹ ਪੁਲੀਸ ਨੇ ਉਸ ਕਾਫਲੇ ਨੂੰ ਪੀਜੀਆਈ ਵੱਲ ਜਾਣ ਤੋਂ ਰੋਕ ਦਿੱਤਾ। ਇਸ ਮੌਕੇ ਚੰਡੀਗੜ੍ਹ ਪ੍ਰਸ਼ਾਸ਼ਨ ਅਤੇ ਕਿਸਾਨਾਂ ਵਿਚਕਾਰ ਫੈਸਲਾ ਹੋਇਆ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਟਰੈਕਟਰਾਂ ਰਾਹੀਂ ਵਾਇਆ ਧਨਾਸ ਡੱਡੂਮਾਜਰਾ ਰਾਹੀਂ ਮੁਹਾਲੀ ਜਾ ਸਕਦੇ ਹਨ। ਕੁਝ ਸਮਾਂ ਰੁਕਣ ਮਗਰੋਂ ਕਿਸਾਨ ਆਪਣੇ ਟਰੈਕਟਰ ਲੈ ਕੇ ਚੰਡੀਗੜ੍ਹ ਵਿੱਚ ਦਾਖਲ ਹੋ ਗਏ।

ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਮੁਹਾਲੀ ਤੇ ਰੂਪਨਗਰ ਜ਼ਿਲ੍ਹੇ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਸੋਮਵਾਰ ਨੂੰ ਮੁਹਾਲੀ ਵਿੱਚ ਟਰੈਕਟਰ ਰੈਲੀ ਕੱਢੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ ਸੈਂਕੜਿਆਂ ਦੀ ਗਿਣਤੀ ਵਿੱਚ ਟਰੈਕਟਰਾਂ ਨੇ ਸ਼ਹਿਰ ਦੀਆਂ ਸੜਕਾਂ ’ਤੇ ਧੂੜ ਪੁੱਟੀ। ਇਹ ਟਰੈਕਟਰ ਰੈਲੀ ਇੱਥੋਂ ਦੇ ਫੇਜ਼-1 ਤੋਂ ਸ਼ੁਰੂ ਹੋਈ ਅਤੇ ਮੁਹਾਲੀ ਦੇ ਵੱਖ-ਵੱਖ ਫੇਜ਼ਾਂ ਅਤੇ ਸੈਕਟਰਾਂ ’ਚੋਂ ਲੰਘਦੀ ਹੋਈ ਵਾਪਸ ਫੇਜ਼-1 ਵਿੱਚ ਪਹੁੰਚ ਕੇ ਸਮਾਪਤ ਹੋਈ। ਉਨ੍ਹਾਂ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਾਨੂੰਨ ਤੁਰੰਤ ਵਾਪਸ ਲਏ ਜਾਣ।

ਕੁਰਾਲੀ (ਮਿਹਰ ਸਿੰਘ): ਖੇਤੀ ਕਾਨੂੰਨਾਂ ਦੇ ਵਿਰੋਧ ’ਚ 26 ਜਨਵਰੀ ਨੂੰ ਦਿੱਲੀ ’ਚ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਸਬੰਧੀ ਲੋਕਾਂ ਨੂੰ ਲਾਮਬੰਦ ਕਰਨ ਲਈ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਅੱਜ ਟਰੈਕਟਰ ਰੈਲੀ ਕੱਢੀ ਗਈ। ਇਸ ਦੌਰਾਨ ਕਿਸਾਨਾਂ ਨੇ ਇਲਾਕਾ ਨਿਵਾਸੀਆਂ ਨੂੰ ਦਿੱਲੀ ਮਾਰਚ ਲਈ ਲਾਮੰਬਦ ਕੀਤਾ। ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਵਿੱਚ ਸਥਾਨਕ ਸ਼ਹਿਰ ਵਿੱਚ ਪੁੱਜੀ ਇਸ ਟਰੈਕਟਰ ਰੈਲੀ ਦਾ ਸਵਾਗਤ ਕਰਦਿਆਂ ਕਿਸਾਨ ਆਗੂ ਨਰਿੰਦਰ ਸਿੰਘ ਪਡਿਆਲਾ ਤੇ ਰਮਾਕਾਂਤ ਕਾਲੀਆ ਨੇ ਕਿਹਾ ਕਿ ਅੱਜ ਕਿਸਾਨ ਸੰਘਰਸ਼ ਨੂੰ ਹਰ ਵਰਗ ਦਾ ਪੂਰਾ ਸਮਰਥਨ ਮਿਲ ਰਿਹਾ ਹੈ।

ਘਨੌਲੀ (ਜਗਮੋਹਨ ਸਿੰਘ): ਘਨੌਲੀ ਖੇਤਰ ਦੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਧਰਨੇ ’ਤੇ ਬੈਠੇ ਕਿਸਾਨਾਂ ਦੀ ਹਮਾਇਤ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ। ਭਾਵੇਂ ਇਸ ਟਰੈਕਟਰ ਮਾਰਚ ਨੂੰ ਤਾਰਪੀਡੋ ਕਰਨ ਲਈ ਵਿਉਂਤ ਘੜੀ ਗਈ ਪਰ ਇਸ ਦੇ ਬਾਵਜੂਦ ਇਲਾਕੇ ਦੇ ਕਿਸਾਨ ਹੁੰਮਹੁਮਾ ਕੇ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣ ਲਈ ਪੁੱਜੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All