ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 19 ਜੂਨ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸਬ-ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐੱਸਐੱਨਆਈਡੀ) ਮੁਹਿੰਮ ਦੇ ਪਹਿਲੇ ਦਿਨ ਪੰਜ ਸਾਲ ਤੋਂ ਘੱਟ ਉਮਰ ਦੇ 61,241 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਹ ਮੁਹਿੰਮ ਸੋਮਵਾਰ ਤੇ ਮੰਗਲਵਾਰ ਨੂੰ ਵੀ ਜਾਰੀ ਰਹੇਗੀ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਮੁਹਿੰਮ ਤਹਿਤ ਘਰਾਂ ਤੋਂ ਇਲਾਵਾ ਉਚ-ਜੋਖਮ ਵਾਲੇ ਖੇਤਰ, ਭੱਠੇ, ਨਿਰਮਾਣ ਸਥਾਨ, ਬਸਤੀਆਂ, ਝੁੱਗੀਆਂ ਤੇ ਡੇਰਿਆਂ ਨੂੰ ਵੀ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਸੂਬੇ ਦਾ ਪਹਿਲਾ ਜ਼ਿਲ੍ਹਾ ਹੈ, ਜਿੱਥੇ 5 ਸਾਲ ਤੋਂ ਘੱਟ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਦੀ ਦਵਾਈ ਦਿੱਤੀ ਜਾ ਰਹੀ ਹੈ, ਜਦੋਂਕਿ ਬਾਕੀ ਜ਼ਿਲ੍ਹਿਆਂ ’ਚ ਸਿਰਫ਼ ਪਰਵਾਸੀ ਆਬਾਦੀ ਨਾਲ ਸਬੰਧਤ ਬੱਚਿਆਂ ਨੂੰ ਦਵਾਈ ਪਿਲਾਈ ਜਾ ਰਹੀ ਹੈ। ਡਾ. ਆਦਰਸ਼ਪਾਲ ਕੌਰ ਤੇ ਡਿਪਟੀ ਡਾਇਰੈਕਟਰ ਡਾ. ਨਿਸ਼ਾ ਸਾਹੀ ਨੇ ਅੱਜ ਪਿੰਡ ਬਲੌਂਗੀ ’ਚ ਤਿੰਨ ਰੋਜ਼ਾ ਪੋਲੀਓ ਮੁਹਿੰਮ ਦਾ ਆਗਾਜ਼ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਨੇੜਲੇ ਇਲਾਕਿਆਂ ਦਾ ਦੌਰਾ ਕਰਕੇ ਪੋਲੀਓ ਮੁਹਿੰਮ ਦਾ ਨਿਰੀਖਣ ਕੀਤਾ। ਰਾਹਗੀਰਾਂ ਨੂੰ ਰੋਕ ਕੇ ਛੋਟੇ ਬੱਚਿਆਂ ਨੂੰ ਆਪਣੇ ਹੱਥੀਂ ਪੋਲੀਓ ਰੋਕੂ ਬੂੰਦਾਂ ਪਿਲਾਈਆਂ। ਸਿਵਲ ਸਰਜਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ 1,60,455 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਹੈ।
ਉਨ੍ਹਾਂ ਦੱਸਿਆ ਕਿ ਅੱਜ ਕਿਸੇ ਕਾਰਨ ਜਿਹੜੇ ਬੱਚੇ ਪੋਲੀਓ ਦਵਾਈਆਂ ਲੈਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਭਲਕੇ ਸੋਮਵਾਰ ਤੇ ਮੰਗਲਵਾਰ ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।