ਸਿਆਸੀ ਧਿਰਾਂ ਵੱਲੋਂ ਆਪਣਿਆਂ ਦੀ ਥਾਂ ‘ਬੇਗਾਨਿਆਂ’ ’ਤੇ ਟੇਕ
ਪੰਜਾਬ ਦੀਆਂ ਤਿੰਨ ਮੁੱਖ ਸਿਆਸੀ ਧਿਰਾਂ ਦੀ ਪ੍ਰਧਾਨਗੀ ਦੂਜੀਆਂ ਪਾਰਟੀਆਂ ਤੋਂ ਆਏ ਆਗੂਆਂ ਨੂੰ ਮਿਲੀ
ਦੇਸ਼ ਦੀ ਸਿਆਸਤ ਵਿੱਚ ਕਿਸੇ ਵੇਲੇ ਟਕਸਾਲੀ ਅਤੇ ਪਾਰਟੀ ਦੀ ਵਿਚਾਰਧਾਰਾ ਨਾਲ ਜੁੜੇ ਆਗੂਆਂ ਨੂੰ ਪਹਿਲ ਦਿੱਤੀ ਜਾਂਦੀ ਸੀ ਪਰ ਸਮੇਂ ਦੇ ਨਾਲ-ਨਾਲ ਸਿਆਸਤ ਮੋੜਾ ਖਾ ਗਈ ਹੈ। ਅੱਜ ਸਿਆਸੀ ਪਾਰਟੀਆਂ ਵੱਲੋਂ ਆਪਣਿਆਂ ਨੂੰ ਨਜ਼ਰਅੰਦਾਜ਼ ਕਰ ਕੇ ਦੂਜਿਆਂ ’ਤੇ ਵੱਧ ਟੇਕ ਰੱਖੀ ਜਾ ਰਹੀ ਹੈ। ਪੰਜਾਬ ਦੀਆਂ ਤਿੰਨ ਮੁੱਖ ਸਿਆਸੀ ਧਿਰਾਂ ਦੀ ਪ੍ਰਧਾਨਗੀ ਵੀ ਦੂਜੀਆਂ ਪਾਰਟੀਆਂ ਤੋਂ ਆਏ ਆਗੂਆਂ ਨੂੰ ਦਿੱਤੀ ਗਈ ਹੈ। ਸੂਬੇ ਵਿੱਚ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਦੂਜੀਆਂ ਪਾਰਟੀਆਂ ਤੋਂ ਆਏ ਹੋਏ ਹਨ, ਜਿਸ ਨਾਲ ਟਕਸਾਲੀ ਆਗੂਆਂ ਨੂੰ ਨਮੋਸ਼ੀ ਝੱਲਣੀ ਪੈ ਰਹੀ ਹੈ।
ਪੰਜਾਬ ਕਾਂਗਰਸ ਵਿੱਚ ਲੰਮੇ ਸਮੇਂ ਤੋਂ ਚੱਲ ਰਹੀ ਖਿੱਚੋਤਾਣ ਕਾਰਨ ਪਾਰਟੀ ਹਾਈਕਮਾਂਡ ਨੇ ਲੰਘੇ ਦਿਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਦਲ ਕੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾ ਦਿੱਤਾ ਹੈ। ਪਰਗਟ ਸਿੰਘ ਨੇ ਸਾਲ 2012 ਵਿੱਚ ਸਿਆਸਤ ਵਿੱਚ ਪੈਰ ਧਰਿਆ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਚੋਣ ਲੜੀ ਸੀ, ਜਦਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਸੰਬਰ 2016 ਵਿੱਚ ਪਰਗਟ ਸਿੰਘ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ 2017 ਵਿੱਚ ਵਿਧਾਨ ਸਭਾ ਚੋਣ ਜਿੱਤੀ ਤੇ ਕੈਬਨਿਟ ਮੰਤਰੀ ਵੀ ਬਣੇ ਅਤੇ ਸਾਲ 2022 ਵਿੱਚ ‘ਆਪ’ ਦੀ ਹਨੇਰੀ ਦੇ ਵਿਚਕਾਰ ਵੀ ਜਿੱਤ ਹਾਸਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਾਂਗਰਸ ਵਿੱਚ ਕਰੀਬ 10 ਸਾਲਾਂ ਦਾ ਸਫ਼ਰ ਤੈਅ ਕਰਨ ਤੋਂ ਬਾਅਦ ਸੂਬਾ ਪ੍ਰਧਾਨ ਲਗਾ ਦਿੱਤਾ ਹੈ।
ਦੂਜੇ ਪਾਸੇ ਭਾਜਪਾ ਨੇ ਵੀ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਕੇਵਲ ਸਿੰਘ ਢਿੱਲੋਂ ਨੂੰ ਦਿੱਤੀ ਹੋਈ ਹੈ। ਉਨ੍ਹਾਂ ਨੇ ਵੀ ਕਾਂਗਰਸ ਛੱਡ ਕੇ ਜੂਨ 2022 ਵਿੱਚ ਭਾਜਪਾ ਦਾ ਪੱਲਾ ਫੜ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਸਾਲ 2022 ਵਿੱਚ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਅਤੇ 2024 ਵਿੱਚ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਭਾਜਪਾ ਦੀ ਟਿਕਟ ’ਤੇ ਲੜੀ। ਇਨ੍ਹਾਂ ਦੋਵਾਂ ਚੋਣਾਂ ਵਿੱਚ ਕੇਵਲ ਸਿੰਘ ਢਿੱਲੋਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਪਹਿਲਾਂ ਭਾਜਪਾ ਨੇ ਸਾਲ 2023 ਵਿੱਚ ਪਾਰਟੀ ਦੇ ਟਕਸਾਲੀ ਆਗੂ ਅਸ਼ਵਨੀ ਸ਼ਰਮਾ ਨੂੰ ਬਦਲ ਕੇ ਕਾਂਗਰਸ ਪਾਰਟੀ ’ਚੋਂ ਆਏ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਲਗਾਇਆ ਗਿਆ ਸੀ, ਜਿਨ੍ਹਾਂ ਨੇ ਤਿੰਨ ਸਾਲ ਪੰਜਾਬ ਭਾਜਪਾ ਦੀ ਪ੍ਰਧਾਨਗੀ ਕੀਤੀ।
ਇਸੇ ਤਰ੍ਹਾਂ ਹਾਕਮ ਧਿਰ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਕਾਂਗਰਸ ’ਚੋਂ ਹੀ ਆਏ ਹੋਏ ਹਨ। ਉਨ੍ਹਾਂ ਨੇ ਸਾਲ 2016 ਵਿੱਚ ‘ਆਪ’ ਦਾ ਪੱਲਾ ਫੜਾ ਸੀ। ਅਮਨ ਅਰੋੜਾ ਦੇ ਪਿਤਾ ਮਰਹੂਮ ਭਗਵਾਨ ਦਾਸ ਅਰੋੜਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਨ। ਉਨ੍ਹਾਂ ਨੇ ਵਿਧਾਨ ਸਭਾ ਹਲਕਾ ਸੁਨਾਮ ਤੋਂ ਸਾਲ 1992 ਅਤੇ 1997 ਵਿੱਚ ਕਾਂਗਰਸ ਦੀ ਟਿਕਟ ’ਤੇ ਜਿੱਤ ਹਾਸਲ ਕੀਤੀ ਸੀ ਅਤੇ ਉਹ ਪੰਜਾਬ ਦੇ ਕੈਬਨਿਟ ਮੰਤਰੀ ਵੀ ਰਹੇ ਸਨ। ਇਸ ਤੋਂ ਬਾਅਦ ਅਮਨ ਅਰੋੜਾ ਨੇ ਵੀ ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਦੀ ਟਿਕਟ ’ਤੇ ਸਾਲ 2007 ਤੇ 2012 ਦੀ ਵਿਧਾਨ ਸਭਾ ਚੋਣ ਲੜੀ ਸੀ। ਉਨ੍ਹਾਂ ਨੂੰ ਦੋਵਾਂ ਚੋਣਾਂ ਦੌਰਾਨ ਹਾਰ ਦਾ ਸਾਹਮਣਾ ਕਰਨਾ ਪਿਆ। ਉਹ ਸਾਲ 2016 ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ ਅਤੇ ਸਾਲ 2017 ਤੇ 2022 ਵਿੱਚ ਵਿਧਾਨ ਸਭਾ ਚੋਣਾਂ ਲੜੇ ਅਤੇ ਜਿੱਤ ਹਾਸਲ ਕੀਤੀ। ਮੌਜੂਦਾ ਸਮੇਂ ਅਮਨ ਅਰੋੜਾ ‘ਆਪ’ ਪੰਜਾਬ ਦੇ ਪ੍ਰਧਾਨ ਦੇ ਨਾਲ-ਨਾਲ ਕੈਬਨਿਟ ਮੰਤਰੀ ਵੀ ਹਨ।
ਅਜਿਹੇ ਵਿੱਚ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਮੌਜੂਦਾ ਦੌਰ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਵਿੱਚ ਲੀਡਰਸ਼ਿਪ ਦੀ ਘਾਟ ਹੈ। ਇਸੇ ਕਰ ਕੇ ਰਾਜਸੀ ਪਾਰਟੀ ਵਿੱਚ ਵਿਚਾਰਧਾਰਾ ਦੀ ਕੋਈ ਵੁਕੱਤ ਨਹੀਂ। ਰਾਜਸੀ ਪਾਰਟੀਆਂ ਵੱਲੋਂ ਪਾਰਟੀ ਲਈ ਲੰਮਾ ਸਮਾਂ ਸੇਵਾ ਕਰਨ ਵਾਲਿਆਂ ਨੂੰ ਨਜ਼ਰਅੰਦਾਜ ਕਰ ਕੇ ਜਿੱਤ ਦੇ ਲਾਲਚ ਵਿੱਚ ਦੂਜੀਆਂ ਪਾਰਟੀਆਂ ’ਚੋਂ ਆਉਣ ਵਾਲਿਆਂ ਨੂੰ ਪਹਿਲ ਦਿੱਤੀ ਜਾਂਦੀ ਹੈ।

