ਨਸ਼ੇ ਸਪਲਾਈ ਕਰਨ ਵਾਲੇ ਨਸ਼ਿਆਂ ਵਿਰੁੱਧ ਯਾਤਰਾ ਕਰਨ ਲੱਗੇ: CM ਭਗਵੰਤ ਮਾਨ
ਮੁੱਖ ਮੰਤਰੀ ਨੇ ‘ਨਸ਼ਾ ਮੁਕਤ ਪੰਜਾਬ’ ਯਾਤਰਾ ਨੂੰ ਲੈ ਕੇ ਭਾਜਪਾ ਨੂੰ ਘੇਰਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਵੱਲੋਂ 18 ਸਤੰਬਰ ਤੋਂ ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਕੱਢੀ ਜਾਣ ਵਾਲੀ ‘ਨਸ਼ਾ ਮੁਕਤ ਪੰਜਾਬ’ ਯਾਤਰਾ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਸਪਲਾਈ ਕਰਨ ਵਾਲੇ ਹੀ ਨਸ਼ਿਆਂ ਵਿਰੁੱਧ ਯਾਤਰਾ ਕੱਢ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ, ਜਿਸ ਦਾ 533 ਕਿਲੋਮੀਟਰ ਇਲਾਕਾ ਕੌਮਾਂਤਰੀ ਸਰਹੱਦ ਨਾਲ ਲੱਗਦਾ ਹੈ। ਸਰਹੱਦ ਪਾਰੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਸਪਲਾਈ ਕੀਤੇ ਜਾਂਦੇ ਹਨ, ਜਿਨ੍ਹਾਂ ਨੂੰ ਪੰਜਾਬ ਪੁਲੀਸ ਵੱਲੋਂ ਕਾਬੂ ਕੀਤਾ ਜਾਂਦਾ ਹੈ। ਪਰ ਕੇਂਦਰੀ ਗ੍ਰਹਿ ਮੰਤਰੀ ਦਾ ਗ੍ਰਹਿ ਰਾਜ ਗੁਜਰਾਤ ਦੇ ਮੁੰਦਰਾ ਪੋਰਟ ਤੋਂ 2-3 ਹਜ਼ਾਰ ਕਿਲੋ ਨਸ਼ੀਲੇ ਪਦਾਰਥ ਫੜੇ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਪੁਲੀਸ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਮੱਧ ਪ੍ਰਦੇਸ਼, ਰਾਜਸਥਾਨ ਤੇ ਗੁਜਰਾਤ ਵਿੱਚੋਂ ਵੀ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।
ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਹੁਣ ਵੀ ਭਾਜਪਾ ਵੱਲੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਯਾਤਰਾ ਕੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਆਪਣੇ ਗ੍ਰਹਿ ਰਾਜ ਗੁਜਰਾਤ ਦੇ ਮੁੰਦਰਾ ਪੋਰਟ ਨੂੰ ਹੀ ਸੰਭਾਲ ਲੈਣ, ਜਿੱਥੋਂ ਤਿੰਨ-ਤਿੰਨ ਹਜ਼ਾਰ ਕਿਲੋ ਨਸ਼ੀਲੇ ਪਦਾਰਥ ਫੜੇ ਗਏ ਹਨ।
ਉਨ੍ਹਾਂ ਕਿਹਾ ਕਿ ‘‘ਨਾਲੇ ਤੁਸੀਂ ਨਸ਼ੀਲੇ ਪਦਾਰਥ ਸਪਲਾਈ ਕਰੀ ਜਾਓ ਅਤੇ ਨਾਲ ਨਸ਼ਾ ਮੁਕਤ ਪੰਜਾਬ ਯਾਤਰਾ ਕੱਢੀ ਜਾਓ।’’ ਪੰਜਾਬ ਦੇ ਲੋਕ ਸੂਝਵਾਨ ਤੇ ਸਮਝਦਾਰ ਹਨ, ਉਹ ਭਾਜਪਾ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਬਰਾਮਦ ਕੀਤੀ ਗਈ ਸਮੱਗਰੀ ਦਾ 60 ਫ਼ੀਸਦ ਹਿੱਸਾ ਪੰਜਾਬ ਪੁਲੀਸ ਵੱਲੋਂ ਬਰਾਮਦ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਜਿੱਥੇ ਨਸ਼ਿਆਂ ਦੇ ਖ਼ਿਲਾਫ਼ ਮਜ਼ਬੂਤੀ ਨਾਲ ਲੜਾਈ ਲੜੀ ਜਾ ਰਹੀ ਹੈ, ਉੱਥੇ ਹੀ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਦੀ ਬਹਾਲੀ ਲਈ ਗੈਂਗਸਟਰਾਂ ਵਿਰੁੱਧ ਵੀ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਪੁਲੀਸ ਵੱਲੋਂ ਪੰਜਾਬ ਵਿੱਚ ਬੈਠੇ ਗੈਂਗਸਟਰਾਂ ਤੋਂ ਇਲਾਵਾ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਗੈਂਗਸਟਰਾਂ ਨੂੰ ਵੀ ਪੰਜਾਬ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਕਿਸੇ ਵੀ ਗ਼ੈਰ-ਸਮਾਜਿਕ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

