ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 30 ਮਾਰਚ
ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦੀ ਜੂਹ ਵਿੱਚ ਵਸਦੇ ਪਿੰਡ ਝਿਊਰਹੇੜੀ ਵਿੱਚ ਛੱਪੜ ਦੀ ਕੰਧ ਨੂੰ ਲੈ ਕੇ ਵਿਵਾਦ ਕਾਫ਼ੀ ਭਖ ਗਿਆ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਮੈਂਬਰ ਪਰਮਜੀਤ ਕੌਰ ਅਤੇ ਰਾਜ ਕੁਮਾਰ ਹੰਸ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਨੇ ਅੱਜ ਝਿਊਰਹੇੜੀ ਦਾ ਦੌਰਾ ਕਰਕੇ ਜ਼ਿਲ੍ਹਾ ਅਧਿਕਾਰੀਆਂ, ਸ਼ਿਕਾਇਤਕਰਤਾ ਅਤੇ ਪਿੰਡ ਵਾਸੀਆਂ ਨਾਲ ਗੱਲ ਕੀਤੀ। ਕਮਿਸ਼ਨ ਦੀ ਟੀਮ ਨੇ ਮਾਮਲੇ ਦੀ ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰਕੇ ਸਮੁੱਚੇ ਮਾਮਲੇ ਦੀ ਛਾਣਬੀਣ ਉਪਰੰਤ ਰਿਪੋਰਟ 12 ਅਪਰੈਲ ਤੱਕ ਕਮਿਸ਼ਨ ਦਫ਼ਤਰ ਨੂੰ ਸੌਂਪਣ ਦੀ ਹਦਾਇਤ ਕੀਤੀ ਹੈ।
ਪੰਜਾਬ ਐੱਸਸੀ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਨੇ ਦੱਸਿਆ ਕਿ ਝਿਊਰਹੇੜੀ ਦੇ ਸਰਪੰਚ ਨੇ ਪਿਛਲੇ ਦਿਨੀਂ ਕਮਿਸ਼ਨ ਨੂੰ ਦਰਖ਼ਾਸਤ ਦੇ ਕੇ ਦੱਸਿਆ ਕਿ ਪਿੰਡ ਦੇ ਜਨਰਲ ਵਰਗ ਦੇ ਵਿਅਕਤੀਆਂ ਵੱਲੋਂ ਛੱਪੜ ਦੀ ਕੰਧ ਦਾ ਕੰਮ ਰੁਕਵਾ ਦਿੱਤਾ ਗਿਆ ਹੈ ਅਤੇ ਲੇਬਰ ਨੂੰ ਤੰਗ ਕੀਤਾ ਜਾਂਦਾ ਹੈ। ਦਰਖਾਸਤ ਵਿੱਚ ਦੱਸਿਆ ਗਿਆ ਕਿ ਡਰ ਕਾਰਨ ਲੇਬਰ ਵੀ ਕੰਮ ’ਤੇ ਆਉਣ ਨੂੰ ਤਿਆਰ ਨਹੀਂ ਹੈ। ਕਮਿਸ਼ਨ ਨੇ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਇੱਥੇ ਪਹੁੰਚ ਕੇ ਮਾਮਲੇ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਕਿਸਮ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਮਾਣ ਸਨਮਾਨ ਦਿਵਾਉਣ ਲਈ ਐੱਸਸੀ ਕਮਿਸ਼ਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾਵੇਗੀ ਤੇ ਹਰ ਧਿਰ ਨਾਲ ਇਨਸਾਫ ਕੀਤਾ ਜਾਵੇਗਾ।
ਟੀਮ ਨੇ ਸਥਿਤੀ ਦਾ ਜਾਇਜ਼ਾ ਲਿਆ
ਕਮਿਸ਼ਨ ਦੇ ਮੈਂਬਰਾਂ ਨੇ ਦੱਸਿਆ ਕਿ ਅੱਜ ਟੀਮ ਵੱਲੋਂ ਛੱਪੜ ਦੀ ਚਾਰਦੀਵਾਰੀ ਵਾਲੇ ਸਥਾਨ ’ਤੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਮਸਲੇ ਨੂੰ ਤੁਰੰਤ ਹੱਲ ਕੀਤਾ ਜਾਵੇ ਅਤੇ ਕਸੂਰਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਕਮਿਸ਼ਨ ਨੇ ਡੀਡੀਪੀਓ ਨੂੰ 12 ਅਪਰੈਲ ਤੱਕ ਕਾਰਵਾਈ ਰਿਪੋਰਟ ਨਿੱਜੀ ਤੌਰ ’ਤੇ ਪੇਸ਼ ਹੋ ਕੇ ਕਮਿਸ਼ਨ ਨੂੰ ਸੌਂਪਣ ਦੇ ਆਦੇਸ਼ ਵੀ ਦਿੱਤੇ ਹਨ।