ਖ਼ਤਰੇ ਦੇ ਨਿਸ਼ਾਨ ’ਤੇ ਪੁੱਜਿਆ ਪੌਂਗ ਡੈਮ ਦਾ ਪਾਣੀ
ਪੌਂਗ ਡੈਮ ਵਿਚ ਪਹਾੜਾਂ ਤੋਂ ਪਾਣੀ ਦੀ ਆਮਦ 1.43 ਲੱਖ ਕਿਊਸਿਕ ਹੋ ਗਈ ਹੈ ਜਿਸ ਨਾਲ ਡੈਮ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਲੱਗਿਆ ਹੈ। ਪੌਂਗ ਡੈਮ ਤੋਂ ਬਿਆਸ ਦਰਿਆ ਵਿੱਚ 68,574 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਦਾ ਮਾਤਰਾ ਹੋਰ ਵਧਣ ਦੀ ਸੰਭਾਵਨਾ ਹੈ।
ਤਰਨ ਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਵਿਚ ਸਥਿਤੀ ਗੰਭੀਰ ਬਣ ਗਈ ਹੈ। ਜ਼ਿਲ੍ਹਾ ਕਪੂਰਥਲਾ ਦਾ ਢਿਲਵਾਂ ਖੇਤਰ ਜ਼ਿਆਦਾ ਪ੍ਰਭਾਵਿਤ ਹੋ ਰਹੀ ਹੈ। ਸੁਲਤਾਨਪੁਰ ਲੋਧੀ ਦੇ ਕਰੀਬ 20 ਪਿੰਡ ਪ੍ਰਭਾਵਿਤ ਹੋ ਗਏ ਹਨ। ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਸਭਰਾਂ ਨੇੜਲਾ ਇੱਕ ਬੰਨ੍ਹ ਕਮਜ਼ੋਰ ਪੈ ਗਿਆ ਹੈ ਜਿੱਥੇ ਲੋਕਾਂ ਨੇ ਮੌਕੇ ’ਤੇ ਪੁੱਜ ਕੇ ਬੰਨ੍ਹ ਨੂੰ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਸਤਲੁਜ ਅਤੇ ਬਿਆਸ ਦਰਿਆ ਲਾਗਲੇ ਪਿੰਡਾਂ ਦੇ ਸਿਰ ਨਵੀਂ ਮੁਸੀਬਤ ਆ ਪਈ ਹੈ।
ਕਠੂਆ ਵਿਚ ਬੱਦਲ ਫਟਣ ਕਰਕੇ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ ਅਤੇ ਇਸੇ ਤਰ੍ਹਾਂ ਬਮਿਆਲ ਸੈਕਟਰ ’ਚ ਜਲਾਲੀਆ ਦਰਿਆ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਵੇਰਵਿਆਂ ਅਨੁਸਾਰ ਭਾਖੜਾ ਡੈਮ ’ਚ ਪਾਣੀ ਦ ਪੱਧਰ 1661.72 ਫੁੱਟ ’ਤੇ ਪੁੱਜ ਗਿਆ ਹੈ ਜਦੋਂ ਕਿ ਪਿਛਲੇ ਸਾਲ ਇਸ ਮੌਕੇ ’ਤੇ 1628.66 ਫੁੱਟ ਪਾਣੀ ਦਾ ਪੱਧਰ ਸੀ। ਇਸੇ ਤਰ੍ਹਾਂ ਰਣਜੀਤ ਸਾਗਰ ਡੈਮ ’ਚ ਪਾਣੀ ਦਾ ਪੱਧਰ 1710.35 ਫੁੱਟ ’ਤੇ ਪਹੁੰਚ ਗਿਆ ਹੈ।
ਜਲ ਸਰੋਤ ਵਿਭਾਗ ਨੇ ਪਹਿਲਾਂ ਹੀ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤੇ ਹੋਏ ਹਨ। ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਲੰਘੇ ਕੱਲ੍ਹ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਦੌਰਾ ਕਰਕੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਹੈ। ‘ਆਪ’ ਦੇ ਕਨਵੀਨਰ ਅਮਨ ਅਰੋੜਾ ਨੇ ਅੱਜ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹਾਂ ਦੀ ਸਥਿਤੀ ’ਤੇ ਨਿਗ੍ਹਾ ਰੱਖਣ ਅਤੇ ਲੋਕਾਂ ਦੀ ਮਦਦ ਕਰਨ। ਪੰਜਾਬ ਸਰਕਾਰ ਨੇ ਸਰਕਾਰੀ ਮਸ਼ੀਨਰੀ ਨੂੰ ਮੁਸਤੈਦ ਕਰ ਦਿੱਤਾ ਹੈ।