ਹਰਜੀਤ ਸਿੰਘ
ਡੇਰਾਬੱਸੀ, 25 ਅਪਰੈਲ
‘ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਕਿਸਾਨ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਕਿਸਾਨਾਂ ਨਾਲ ਵੱਡੇ ਵੱਡੇ ਵਾਅਦੇ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਕਰ ਦਿੱਤਾ ਹੈ।’ ਇਹ ਗੱਲ ਯੂਥ ਅਕਾਲੀ ਦਲ ਜ਼ਿਲਾ ਮੁਹਾਲੀ ਦੇ ਪ੍ਰਧਾਨ ਮਨਜੀਤ ਸਿੰਘ ਮਲਕਪੁਰ ਨੇ ਕੈਪਟਨ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਹੀ।
ਉਨ੍ਹਾਂ ਯੂਥ ਵਰਕਰਾਂ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਗੁੰਮਸ਼ੁਦਗੀ ਦੇ ਪੋਸਟਰ ਵੀ ਲਾਏ। ਉਨ੍ਹਾਂ ਕਿਹਾ ਕੈਪਟਨ ਨੇ ਕਿਸਾਨਾਂ ਦੀ ਆਪ ਤਾਂ ਸਾਰ ਕੀ ਲੈਣੀ ਸੀ ਬਲਕਿ ਉਨ੍ਹਾਂ ਦੇ ਮੰਤਰੀ ਵੀ ਕਿਸਾਨਾਂ ਦੀ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕੱਢ ਰਹੇ। ਇੰਝ ਲੱਗ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਿੱਧਰੇ ਗੁੰਮ ਹੋ ਗਏ ਹਨ। ਉਨ੍ਹਾਂ ਕਿਹਾ ਕੈਪਟਨ ਨੇ ਕਿਸਾਨਾਂ ਨੂੰ ਸਭ ਤੋਂ ਵੱਡਾ ਧੋਖਾ ਦਿੱਤਾ ਹੈ ਪਹਿਲਾਂ ਕਰਜ਼ਾ ਮੁਆਫੀ ਦਾ ਝੂਠਾ ਲਾਰਾ ਲਾਇਆ ਜਦੋਂ ਉਹ ਪੂਰਾ ਨਾ ਹੋਇਆ ਤਾਂ ਕਿਸਾਨਾਂ ਨੂੰ ਆਤਮ ਹੱਤਿਆ ਲਈ ਮਜਬੂਰ ਹੋਣਾ ਪਿਆ।
ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਦੱਸਿਆ ਕਿ ਲੰਘੇ ਕਈ ਦਿਨਾਂ ਤੋਂ ਬਾਰਦਾਨੇ ਦੀ ਘਾਟ ਕਾਰਨ ਕਣਕ ਦੀ ਲਿਫਟਿੰਗ ਨਹੀਂ ਹੋ ਰਹੀ। ਉਪਰੋਂ ਬੇ ੌਸਮੀ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਉਨ੍ਹਾਂ ਕਿਹਾ ਕਾਂਗਰਸ ਸਰਕਾਰ ਕਿਸਾਨਾਂ ਦੀ ਫਸਲ ਦੀ ਚੁਕਾਈ ਛੇਤੀ ਤੋਂ ਛੇਤੀ ਕਰੇ ਅਤੇ ਉੁਨ੍ਹਾਂ ਨੂੰ ਪੈਸੇ ਦੀ ਅਦਾਇਗੀ ਵੀ ਨਾਲ ਦੀ ਨਾਲ ਕਰੇ। ਜੇਕਰ ਸਰਕਾਰ ਨੇ ਛੇਤੀ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਨਾ ਕੀਤੀਆਂ ਤਾਂ ਯੂਥ ਅਕਾਲੀ ਦਲ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗਾ।
ਇਸ ਮੌਕੇ ਯੂਥ ਅਕਾਲੀ ਦਲ ਡੇਰਾਬੱਸੀ ਦਿਹਾਤੀ ਦੇ ਪ੍ਰਧਾਨ ਰਵਿੰਦਰ ਸਿੰਘ ਰਵੀ, ਯੂਥ ਆਗੂ ਕਿੰਮੀ ਪੂਨੀਆਂ, ਮੇਜਰ ਸਿੰਘ ਪਰਾਗਪੁਰ, ਜਗਜੀਤ ਸਿੰਘ ਚੌਂਦਹੇੜੀ, ਚੰਦਨਦੀਪ ਸਿੰਘ, ਗੁਰਪ੍ਰੀਤ ਸਿੰਘ ਜਵਾਹਰਪੁਰ, ਗੋਰਵਦੀਪ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।