ਪੀਐਸਈਬੀ ਫੈਡਰੇਸ਼ਨ ਏਟਕ ਸਬ ਡਿਵੀਜ਼ਨ ਗੱਜੂ ਖੇੜਾ ਵੱਲੋਂ ਏਕਤਾ ਮੰਚ ਅਤੇ ਜੁਆਇੰਟ ਫੋਰਮ ਵੱਲੋਂ ਸਾਂਝੇ ਤੌਰ ’ਤੇ ਦਿੱਤੇ ਸੱਦੇ ਉੱਤੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ’ਤੇ ਰੋਸ ਵਜੋਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਬ ਡਿਵੀਜ਼ਨ ਖੇੜਾ ਗੱਜੂ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ, ਕੁਲਦੀਪ ਸਿੰਘ, ਜਗਵਿੰਦਰ ਸਿੰਘ, ਨਿਰਮਲ ਸਿੰਘ, ਜਗਰੂਪ ਸਿੰਘ, ਬਲਜਿੰਦਰ ਸਿੰਘ, ਨੈਬ ਸਿੰਘ ਅਤੇ ਹੋਰ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਦੇ ਅਧਿਕਾਰੀਆਂ ਵੱਲੋਂ ਕਰਮਚਾਰੀਆਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ, ਇਸ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਜਾਇਜ਼ ਮੰਗਾਂ ਨੂੰ ਸੂਬਾ ਸਰਕਾਰ ਅਤੇ ਪਾਵਰਕੌਮ ਦੇ ਅਧਿਕਾਰੀ ਲਾਗੂ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਜੇਕਰ ਭਲਕ ਤੱਕ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ 27 ਜੁਲਾਈ ਨੂੰ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
+
Advertisement
Advertisement
Advertisement
×