ਮੁਕੇਸ਼ ਕੁਮਾਰ
ਚੰਡੀਗੜ੍ਹ, 13 ਅਗਸਤ
ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸ੍ਰੀ ਛਾਬੜਾ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਸ਼ਹਿਰ ਵਿੱਚ ਇਸ ਬਾਰੇ ਪਹਿਲਾਂ ਤੋਂ ਹੀ ਚਰਚਾ ਸੀ ਕਿ ਉਹ ‘ਆਪ’ ਵਿਚ ਸ਼ਾਮਲ ਹੋਣਗੇ ਅਤੇ ਅੱਜ ਸ੍ਰੀ ਛਾਬੜਾ ਨੇ ਦਿੱਲੀ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਕੇ ਕਿਆਸਅਰਾਈਆਂ ਨੂੰ ਅਸਲੀਅਤ ਵਿਚ ਤਬਦੀਲ ਕਰ ਦਿੱਤਾ। ਦੱਸਣਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਚੰਡੀਗੜ੍ਹ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਭਾਸ਼ ਚਾਵਲਾ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨਾਲ ਸ੍ਰੀ ਛਾਬੜਾ ਦੇ ਸਿਆਸੀ ਸਬੰਧ ਠੀਕ ਨਹੀਂ ਸਨ ਚੱਲ ਰਹੇ ਅਤੇ ਗੱਲ ਬਣਦੀ ਨਾ ਦੇਖ ਕੇ ਸ੍ਰੀ ਛਾਬੜਾ ਨੇ ਪਿਛਲੇ ਹਫ਼ਤੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ। ਉਨ੍ਹਾਂ ਨੂੰ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਨਵੇਂ ਲਗਾਏ ਗਏ ਪ੍ਰਧਾਨ ਸੁਭਾਸ਼ ਚਾਵਲਾ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਵੱਲੋਂ ਉਨ੍ਹਾਂ ਨਾਲ ਕਥਿਤ ਤੌਰ ’ਤੇ ਧੱਕਾ ਕੀਤੇ ਜਾਣ ਅਤੇ ਪਾਰਟੀ ਵਿੱਚ ਬਣਦਾ ਮਾਣ ਨਾ ਦਿੱਤੇ ਜਾਣ ਤੋਂ ਛਾਬੜਾ ਖਾਸੇ ਨਾਰਾਜ਼ ਸਨ। ਹਾਲਾਂਕਿ, ਛਾਬੜਾ ਵੱਲੋਂ ਪਿਛਲੇ ਹਫ਼ਤੇ ਕਾਂਗਰਸ ਪਾਰਟੀ ਤੋਂ ਦਿੱਤੇ ਗਏ ਅਸਤੀਫੇ ਨੂੰ ਪਾਰਟੀ ਨੇ ਅਜੇ ਮਨਜ਼ੂਰ ਨਹੀਂ ਕੀਤਾ ਸੀ। ਛਾਬੜਾ ਵੱਲੋਂ ਕਾਂਗਰਸ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਪਾਰਟੀ ਦੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਵੀ ਉਨ੍ਹਾਂ ਨਾਲ ਫੋਨ ’ਤੇ ਗੱਲ ਕੀਤੀ ਸੀ ਅਤੇ ਅਗਲੇ ਹਫ਼ਤੇ ਚੰਡੀਗੜ੍ਹ ਆ ਕੇ ਉਨ੍ਹਾਂ ਦਾ ਦੁੱਖ ਦਰਦ ਸੁਣਨ ਦਾ ਭਰੋਸਾ ਦਿੰਦੇ ਹੋਏ ਅਸਤੀਫਾ ਵਾਪਸ ਲੈਣ ਲਈ ਕਿਹਾ ਸੀ। ਸ੍ਰੀ ਰਾਵਤ ਦੇ ਭਰੋਸੇ ਦੇ ਬਾਵਜੂਦ ਅੱਜ ਪ੍ਰਦੀਪ ਛਾਬੜਾ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਕੇ ਸ਼ਹਿਰ ਦੀ ਰਾਜਨੀਤੀ ਵਿੱਚ ਇੱਕ ਨਵਾਂ ਮੋੜ ਲੈ ਆਉਂਦਾ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਅਨੁਸਾਰ ਸ੍ਰੀ ਛਾਬੜਾ ਨੂੰ ਆਮ ਆਦਮੀ ਪਾਰਟੀ ਦੀ ਕੌਮੀ ਕਾਰਜਕਾਰਨੀ ਵਿੱਚ ਜਗ੍ਹਾ ਦਿੱਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਛਾਬੜਾ ਨੂੰ ‘ਆਪ’ ਵਿੱਚ ਸ਼ਾਮਲ ਕਰਵਾਉਣ ਲਈ ਸਾਬਕਾ ਕੌਂਸਲਰ ਚੰਦਰਮੁਖੀ ਸ਼ਰਮਾ ਦਾ ਵੱਡਾ ਹੱਥ ਹੈ। ਚੰਦਰਮੁਖੀ ਸ਼ਰਮਾ ਵੀ ਲਗਪਗ ਤਿੰਨ ਸਾਲ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੋਂ ਨਾਰਾਜ਼ ਹੋ ਕੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ‘ਆਪ’ ਵਿਚ ਸ਼ਾਮਲ ਹੋਏ ਸਨ। ‘ਆਪ’ ਵੱਲੋਂ ਚੰਦਰਮੁਖੀ ਸ਼ਰਮਾ ਨੂੰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਲਈ ਇੰਚਾਰਜ ਬਣਾਇਆ ਗਿਆ ਹੈ।
ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਵਾਲੇ ਪ੍ਰਦੀਪ ਛਾਬੜਾ ਪਿਛਲੇ 35 ਸਾਲ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ। ਉਹ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ’ਤੇ ਵੀ ਰਹਿ ਚੁੱਕੇ ਹਨ। ਸ੍ਰੀ ਛਾਬੜਾ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਫ਼ੈਸਲੇ ਦਾ ‘ਆਪ’ ਚੰਡੀਗੜ੍ਹ ਦੇ ਕਨਵੀਨਰ ਪ੍ਰੇਮ ਗਰਗ ਨੇ ਸਵਾਗਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਛਾਬੜਾ ਛੇਤੀ ਹੀ ‘ਆਪ’ ਚੰਡੀਗੜ੍ਹ ਵਿੱਚ ਇੱਕ ਵੱਡਾ ਸਿਆਸੀ ਪ੍ਰੋਗਰਾਮ ਕਰਨਗੇ, ਜਿਸ ਵਿੱਚ ਉਨ੍ਹਾਂ ਵੱਲੋਂ ਆਪਣੇ ਹੋਰ ਸਮਰਥਕਾਂ ਨੂੰ ਵੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ। ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਸ੍ਰੀ ਪ੍ਰਦੀਪ ਛਾਬੜਾ ਨੂੰ ਕਾਂਗਰਸ ਹਾਈਕਮਾਨ ਨੇ ਇਸੇ ਸਾਲ ਜਨਵਰੀ ਵਿੱਚ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ ਸੀ। ਮੰਨਿਆ ਜਾ ਰਿਹਾ ਹੈ ਸ੍ਰੀ ਛਾਬੜਾ ਦੇ ‘ਆਪ’ ’ਚ ਸ਼ਾਮਲ ਹੋਣ ਨਾਲ ਚੰਡੀਗੜ੍ਹ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਦਸੰਬਰ ਵਿੱਚ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਹਨ ਜਿਨ੍ਹਾਂ ’ਚ ਆਗੂਆਂ ਦੀ ਆਪਸੀ ਫੁੱਟ ਦਾ ਖ਼ਾਮਿਆਜ਼ਾ ਕਾਂਗਰਸ ਪਾਰਟੀ ਨੂੰ ਭੁਗਤਣਾ ਪੈ ਸਕਦਾ ਹੈ।