ਕੁਲਦੀਪ ਸਿੰਘ
ਚੰਡੀਗੜ੍ਹ, 6 ਅਗਸਤ
ਮੁੱਖ ਅੰਸ਼
- ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਅਸਤੀਫ਼ਾ
- ਐੱਨਐੱਸਯੂਆਈ ਤੋਂ ਕਰੀਅਰ ਸ਼ੁਰੂ ਕਰ ਕੇ ਪਾਰਟੀ ਦੇ ਸੂਬਾਈ ਪ੍ਰਧਾਨ ਤੱਕ ਪਹੁੰਚੇ ਸਨ ਛਾਬੜਾ
ਚੰਡੀਗੜ੍ਹ ਕਾਂਗਰਸ ਵਿੱਚ ਕਈ ਦਿਨਾਂ ਤੋਂ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਪਾਰਟੀ ਦੀ ਸਥਾਨਕ ਇਕਾਈ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਆਖ਼ਰਕਾਰ ਅੱਜ ਪਾਰਟੀ ਦੇ ਹਰ ਤਰ੍ਹਾਂ ਦੇ ਅਹੁਦੇ ਅਤੇ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਹੀ ਦਿੱਤਾ।
ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਗਏ ਲਿਖਤੀ ਅਸਤੀਫ਼ੇ ਵਿੱਚ ਪ੍ਰਦੀਪ ਛਾਬੜਾ ਨੇ ਕਿਹਾ ਕਿ ਉਨ੍ਹਾਂ ਨੇ ਲਗਪਗ 35 ਸਾਲ ਪਹਿਲਾਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਵਿਦਿਆਰਥੀ ਵਿੰਗ ਐੱਨਐੱਸਯੂਆਈ ਦੇ ਮੈਂਬਰ ਵਜੋਂ ਜੁਆਇਨ ਕੀਤਾ ਸੀ। ਉਨ੍ਹਾਂ ਚੰਡੀਗੜ੍ਹ ਨਗਰ ਨਿਗਮ ਵਿੱਚ ਕਾਂਗਰਸ ਪਾਰਟੀ ਦੇ ਕੌਂਸਲਰ ਵਜੋਂ 15 ਸਾਲ ਸੇਵਾ ਨਿਭਾਈ ਅਤੇ ਇਸ ਦੇ ਨਾਲ ਹੀ ਉਹ ਨਗਰ ਨਿਗਮ ਦੇ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਅਹੁਦਿਆਂ ਉੱਤੇ ਵੀ ਰਹੇ। ਸਾਲ 2015 ਵਿੱਚ ਉਨ੍ਹਾਂ ਨੂੰ ਪਾਰਟੀ ਵੱਲੋਂ ਚੰਡੀਗੜ੍ਹ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ।
ਸ੍ਰੀ ਛਾਬੜਾ ਨੇ ਪਿਛਲੇ ਕਈ ਦਿਨਾਂ ਤੋਂ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਭਾਸ਼ ਚਾਵਲਾ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਸੀ, ਜਿਸ ਕਰ ਕੇ ਵੀਰਵਾਰ ਨੂੰ ਸੈਕਟਰ 35 ਸਥਿਤ ਕਾਂਗਰਸ ਭਵਨ ਵਿੱਚ ਚੰਡੀਗੜ੍ਹ ਕਾਂਗਰਸ ਦੀ ਨਵੀਂ ਕਾਰਜਕਾਰਨੀ ਦੀ ਹੋਈ ਪਹਿਲੀ ਮੀਟਿੰਗ ਵਿੱਚ ਛਾਬੜਾ ਨੂੰ ਪਾਰਟੀ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਕੀਤੇ ਜਾਣ ਕਰ ਕੇ ‘ਕਾਰਨ ਦੱਸੋ’ ਨੋਟਿਸ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ ਸੀ ਪਰ ਪਾਰਟੀ ਵੱਲੋਂ ਨੋਟਿਸ ਜਾਰੀ ਕੀਤੇ ਜਾਣ ਤੋਂ ਪਹਿਲਾਂ ਅੱਜ ਹੀ ਸ੍ਰੀ ਛਾਬੜਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਕੇ ਸਾਰਾ ਰੌਲਾ ਹੀ ਮੁਕਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕਾਂਗਰਸ ਹਾਈਕਮਾਨ ਵੱਲੋਂ ਪਾਰਟੀ ਦੀ ਸਥਾਨਕ ਇਕਾਈ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਕੀਤੇ ਜਾਣ ਦੇ ਬਾਅਦ ਤੋਂ ਹੀ ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਵੱਲੋਂ ਪਾਰਟੀ ਦੇ ਫ਼ੈਸਲੇ ’ਤੇ ਸਵਾਲ ਉਠਾਏ ਜਾ ਰਹੇ ਸਨ ਤੇ ਪਾਰਟੀ ਆਗੂਆਂ ਖਿ਼ਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਸੀ ਜਿਸ ਨੂੰ ਲੈ ਕੇ ਛਾਬੜਾ ਤੇ ਪਾਰਟੀ ਆਗੂਆਂ ਵਿਚਾਲੇ ਸ਼ਬਦੀ ਜੰਗ ਚੱਲ ਰਹੀ ਸੀ।
ਬਾਂਸਲ ’ਤੇ ਕਾਂਗਰਸ ਨੂੰ ਨਿੱਜੀ ਕੰਪਨੀ ਵਾਂਗ ਚਲਾਉਣ ਦੇ ਦੋਸ਼
ਪ੍ਰਦੀਪ ਛਾਬੜਾ ਨੇ ਪਾਰਟੀ ਦੀ ਕੌਮੀ ਪ੍ਰਧਾਨ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਉੱਤੇ ਦੋਸ਼ ਲਗਾਏ ਹਨ ਕਿ ਸ੍ਰੀ ਬਾਂਸਲ ਚੰਡੀਗੜ੍ਹ ਵਿੱਚ ਪਾਰਟੀ ਨੂੰ ਆਪਣੀ ਨਿੱਜੀ ਕੰਪਨੀ ਵਜੋਂ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਮਹਾਮਾਰੀ ਦੇ ਇਸ ਦੌਰ ਵਿੱਚ ਉਨ੍ਹਾਂ ਵੱਲੋਂ ਕੀਤੇ ਗਏ ਸਮਾਜ ਸੇਵਾ ਦੇ ਕੰਮਾਂ ਕਾਰਨ ਉਨ੍ਹਾਂ ਨੂੰ ਮਿਲ ਰਹੀ ਲੋਕਪ੍ਰਿਯਤਾ ਕਾਰਨ ਸ੍ਰੀ ਬਾਂਸਲ ਈਰਖਾ ਕਰਨ ਲੱਗੇ ਹਨ ਜਿਸ ਕਰ ਕੇ ਗਲਤ ਢੰਗ ਨਾਲ ਉਨ੍ਹਾਂ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਹਟਾ ਦਿੱਤਾ ਗਿਆ। ਸ੍ਰੀ ਛਾਬੜਾ ਨੇ ਕਿਹਾ ਕਿ ਪਾਰਟੀ ਵਿੱਚ ਘੁਟਣ ਮਹਿਸੂਸ ਕਰਦਿਆਂ ਉਨ੍ਹਾਂ ਨੇ ਰਾਹੁਲ ਗਾਂਧੀ, ਸ੍ਰੀ ਵੇਣੂਗੋਪਾਲ ਅਤੇ ਪਾਰਟੀ ਦੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਵਾਰ-ਵਾਰ ਲਿਖਤੀ ਸ਼ਿਕਾਇਤਾਂ ਵੀ ਭੇਜੀਆਂ ਪ੍ਰੰਤੂ ਕੋਈ ਸੁਣਵਾਈ ਨਹੀਂ ਹੋਈ, ਜਿਸ ਕਾਰਨ ਮਜਬੂਰ ਹੋ ਕੇ ਅੱਜ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ। ਉਨ੍ਹਾਂ ਪਾਰਟੀ ਪ੍ਰਧਾਨ ਤੋਂ ਉਨ੍ਹਾਂ ਦਾ ਇਹ ਅਸਤੀਫ਼ਾ ਮਨਜ਼ੂਰ ਕਰਨ ਦੀ ਬੇਨਤੀ ਕੀਤੀ ਹੈ।